For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਤੀਜੇ ਦਿਨ ਵੀ ਟੌਲ ਪਲਾਜ਼ਿਆਂ ’ਤੇ ਧਰਨੇ

07:34 AM Feb 23, 2024 IST
ਕਿਸਾਨਾਂ ਵੱਲੋਂ ਤੀਜੇ ਦਿਨ ਵੀ ਟੌਲ ਪਲਾਜ਼ਿਆਂ ’ਤੇ ਧਰਨੇ
ਅਜ਼ੀਜ਼ਪੁਰ ਟੌਲ ਪਲਾਜ਼ਾ ’ਤੇ ਧਰਨੇ ਵਿੱਚ ਸ਼ਮੂਲੀਅਤ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ। -ਫੋਟੋ: ਚਿੱਲਾ
Advertisement

ਪੱਤਰ ਪ੍ਰੇਰਕ
ਬਨੂੜ, 22 ਫਰਵਰੀ
ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇੱਥੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਪੈਂਦੇ ਅਜ਼ੀਜ਼ਪੁਰ ਦਾ ਟੌਲ ਪਲਾਜ਼ਾ ਅੱਜ ਤੀਜੇ ਦਿਨ ਵੀ ਬੰਦ ਰਿਹਾ। ਖਨੌਰੀ ਬਾਰਡਰ ’ਤੇ ਬੀਤੇ ਦਿਨੀਂ ਸ਼ੁਭਕਰਨ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਧਰਨਾਕਾਰੀ ਕਿਸਾਨਾਂ ਨੇ ਅੱਜ ਕੇਂਦਰ ਤੇ ਹਰਿਆਣਾ ਸਰਕਾਰ ਅਤੇ ਹਰਿਆਣਾ ਪੁਲੀਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਪੁਲੀਸ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ। ਅਜ਼ੀਜ਼ਪੁਰ ਟੌਲ ਪਲਾਜ਼ੇ ਉੱਤੇ ਲਗਾਏ ਧਰਨੇ ਵਿੱਚ ਅੱਜ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਏਕਤਾ-ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜਨਰਲ ਸਕੱਤਰ ਜਗਮੋਹਨ ਸਿੰਘ, ਕਿਸਾਨ ਸਭਾ ਦੇ ਸੂਬਾਈ ਆਗੂ ਧਰਮਪਾਲ ਸੀਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਉਕਤ ਆਗੂਆਂ ਨੇ ਕਿਹਾ ਕਿ ਸਯੁੰਕਤ ਕਿਸਾਨ ਮੋਰਚਾ ਹੁਣ ਆਰ-ਪਾਰ ਦੀ ਲੜਾਈ ਲੜੇਗਾ ਅਤੇ ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਕਿਸਾਨ ਧਰਨੇ ਨੂੰ ਕਿਰਪਾਲ ਸਿੰਘ ਸਿਆਊ, ਗੁਦਰਸ਼ਨ ਸਿੰਘ ਖਾਸਪੁਰ, ਜਗਜੀਤ ਸਿੰਘ ਕਰਾਲਾ, ਮੋਹਣ ਸਿੰਘ ਸੋਢੀ, ਗੁਰਪ੍ਰੀਤ ਸਿੰਘ ਸੇਖਨਮਾਜਰਾ ਆਦਿ ਨੇ ਵੀ ਸੰਬੋਧਨ ਕੀਤਾ। ਕਿਸਾਨਾਂ ਨੇ ਸਯੁੰਕਤ ਕਿਸਾਨ ਮੋਰਚੇ ਵੱਲੋਂ ਦਿੱਤਾ ਅਗਲਾ ਪ੍ਰੋਗਰਾਮ ਲਾਗੂ ਕਰਨ ਦਾ ਅਹਿਦ ਲਿਆ।
ਲਾਲੜੂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਮਗਰੋਂ ਪੂਰੇ ਪੰਜਾਬ ਵਿੱਚ ਤਿੰਨ ਦਿਨ ਲਈ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਨ ਸਬੰਧੀ ਪ੍ਰੋਗਰਾਮ ਤਹਿਤ ਟੌਲ ਪਲਾਜ਼ਾ ਦੱਪਰ ’ਤੇ ਧਰਨਾ ਲਗਾ ਕੇ ਇਸ ਨੂੰ ਵੀ ਤਿੰਨ ਦਿਨਾਂ ਲਈ ਪਰਚੀ ਮੁਕਤ ਕੀਤਾ ਗਿਆ ਅਤੇ ਅੱਜ ਸ਼ਾਮ ਮੋਦੀ ਸਰਕਾਰ ਦਾ ਪੁਤਲਾ ਫੂਕਣ ਤੋਂ ਬਾਅਦ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਦੀ ਹੋਈ ਮੌਤ ਅਤੇ ਹੋਰ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਕੁਰਾਲੀ (ਪੱਤਰ ਪ੍ਰੇਰਕ): ਲੋਕ ਹਿੱਤ ਮਿਸ਼ਨ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਟੌਲ ਪਲਾਜ਼ਾ ਬੜੌਦੀ ਤੇ ਲਗਾਇਆ ਧਰਨਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਤੇ ਮਿਸ਼ਨ ਦੇ ਆਗੂਆਂ ਨੇ ਕੇਂਦਰ ਦੇ ਇਸ਼ਾਰੇ ’ਤੇ ਖਨੌਰੀ ਅਤੇ ਸੰਭੂ ਬਾਰਡਰ ’ਤੇ ਹੋ ਰਹੇ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਰਵਿੰਦਰ ਸਿੰਘ ਵਜੀਦਪੁਰ, ਸੁਖਦੇਵ ਸਿੰਘ ਸੁੱਖਾ ਕੰਨਸਾਲਾ, ਗੁਰਮੀਤ ਸਿੰਘ ਸ਼ਾਂਟੂ, ਦਰਸ਼ਨ ਸਿੰਘ ਨਾਗਰਾ ਆਦਿ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×