For the best experience, open
https://m.punjabitribuneonline.com
on your mobile browser.
Advertisement

ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ

10:50 AM Apr 01, 2024 IST
ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 31 ਮਾਰਚ
ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ,‘ਸਾਡੀ ਲੜਾਈ ਕੇਂਦਰ ਸਰਕਾਰ ਦੇ ਖ਼ਿਲਾਫ਼ ਹੈ ਪਰ ਪੰਜਾਬ ਸਰਕਾਰ ਇਸ ਲੜਾਈ ਨੂੰ ਆਪਣੇ ਸਿਰ ਨਾ ਲਏ, ਨਹੀਂ ਤਾਂ ਕੇਂਦਰ ਤੋਂ ਪਹਿਲਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਨਾਲ ਨਜਿੱਠਣਾ ਪਵੇਗਾ।’ ਖਨੌਰੀ ਬਾਰਡਰ ’ਤੇ ਡਟੇ ਕਿਸਾਨ ਬਿਜਲੀ ਤੇ ਪਾਣੀ ਆਦਿ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਣ ਤੋਂ ਖਫ਼ਾ ਹਨ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਲੋਕ ਸਭਾ ਚੋਣਾਂ ’ਚ ਸੱਤਾਧਾਰੀ ਧਿਰ ਦੇ ਲੀਡਰਾਂ ਨੂੰ ਪਿੰਡਾਂ ’ਚ ਦਾਖਲ ਹੋਣਾ ਮੁਸ਼ਕਲ ਕਰ ਦੇਣਗੇ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਦੇਵ ਸਿੰਘ ਸੰਦੋਹਾ, ਦਲਜੀਤ ਸਿੰਘ ਖੋਸਾ ਤੇ ਰਾਜ ਸਿੰਘ ਥੇੜੀ ਆਦਿ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਦੇ ਹੱਲ ਲਈ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜ ਰਹੇ ਹਨ। ਪਿਛਲੇ ਕਰੀਬ ਡੇਢ ਮਹੀਨੇ ਤੋਂ ਵੱਧ ਸਮੇਂ ਤੋਂ ਕਿਸਾਨ ਬਾਰਡਰਾਂ ’ਤੇ ਡਟੇ ਹੋਏ ਹਨ। ਖਨੌਰੀ ਬਾਰਡਰ ’ਤੇ ਕਿਸਾਨਾਂ ਨੂੰ ਬਿਜਲੀ, ਪਾਣੀ ਆਦਿ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਅਨੇਕਾਂ ਵਾਰ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਦੇ ਚੁੱਕੇ ਹਨ। ਜਦੋਂ ਸੁਣਵਾਈ ਨਾ ਹੋਈ ਤਾਂ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਕੌਮੀ ਹਾਈਵੇਅ ਜਾਮ ਕਰ ਕੇ ਧਰਨਾ ਦਿੱਤਾ ਗਿਆ ਤਾਂ ਨਾਇਬ ਤਹਿਸੀਲਦਾਰ ਪਾਤੜਾਂ ਵਲੋਂ 24 ਘੰਟਿਆਂ ਵਿੱਚ ਸਾਰੀਆਂ ਮੰਗਾਂ ਦੇ ਹੱਲ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਵਾਇਆ ਸੀ ਪਰ ਕਈ ਦਿਨ ਬੀਤਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਮੰਗਾਂ ਦੇ ਹੱਲ ਲਈ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆਵਾਂ ਦਾ ਜਲਦ ਹੱਲ ਨਾ ਹੋਇਆ ਤਾਂ ਲੋਕ ਸਭਾ ਚੋਣਾਂ ਦੌਰਾਨ ਸੱਤਾਧਾਰੀ ਲੀਡਰਾਂ ਦਾ ਪਿੰਡਾਂ ’ਚ ਦਾਖਲ ਹੋਣਾ ਮੁਸ਼ਕਲ ਕਰ ਦੇਣਗੇ।

Advertisement

Advertisement
Author Image

sukhwinder singh

View all posts

Advertisement
Advertisement
×