ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਤਿੰਨ ਰੋਜ਼ਾ ਮੋਰਚਾ ਸ਼ੁਰੂ ਕੀਤਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਸੈਂਕੜੇ ਕਿਸਾਨਾਂ ਵਲੋਂ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਤਿੰਨ ਰੋਜ਼ਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਮੁਆਵਜ਼ਾ ਅਤੇ ਰਾਹਤ ਨਾ ਦੇਣ ਦੇ ਰੋਸ ਵਜੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਤਿੰਨ ਰੋਜ਼ਾ ਧਰਨਿਆਂ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਅੱਜ ਕਿਸਾਨ ਸੰਗਰੂਰ-ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਹੇਠ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਪੁੱਜੋ ਅਤੇ ਟੈਂਟ ਲਗਾ ਕੇ ਤਿੰਨ ਰੋਜ਼ਾ ਮੋਰਚੇ ’ਤੇ ਡਟ ਗਏ ਹਨ। ਤਿੰਨ ਰੋਜ਼ਾ ਮੋਰਚੇ ਦੀ ਪ੍ਰਧਾਨਗੀ ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਨਾਲ, ਭਾਕਿਯੂ ਡਕੌਦਾ-ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜਗਤਾਰ ਸਿੰਘ ਸ਼ੇਰਗੜ੍ਹ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਆਗੂ ਸੁਖਪਾਲ ਸਿੰਘ ਗੱਗੜਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਭਗਵੰਤ ਸਿੰਘ ਮਹਾਂ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਤਰਸੇਮ ਸਿੰਘ ਸਫੀਪੁਰ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਨਾ ਦੇਣ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 70 ਹਜ਼ਾਰ ਪ੍ਰਤੀ ਏਕੜ, ਹੜ੍ਹ ਕਾਰਨ ਪਰਿਵਾਰ ਦੇ ਮੈਂਬਰ ਦੀ ਮੌਤ ’ਤੇ 10 ਲੱਖ ਰੁਪਏ ਪ੍ਰਤੀ ਮੈਂਬਰ, ਪਸ਼ੂ ਮਰਨ ’ਤੇ 1 ਲੱਖ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ। ਘਰ ਢਹਿਣ ’ਤੇ 5 ਲੱਖ ਪ੍ਰਤੀ ਪਰਿਵਾਰ ਦਿੱਤਾ ਜਾਵੇ। ਮਜ਼ਦੂਰ ਪਰਿਵਾਰਾਂ ਦੇ ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦਾ ਵੀ ਬਾਕੀ ਵਰਗਾਂ ਦੇ ਬਰਾਬਰ ਮੁਆਵਜ਼ਾ ਅਤੇ ਪਸ਼ੂਆਂ ਦੇ ਚਾਰੇ ਸਮੇਤ ਹੋਰ ਲੋੜਾਂ ਲਈ 50 ਹਜ਼ਾਰ ਪ੍ਰਤੀ ਪਰਿਵਾਰ ਸਹਾਇਤਾ ਦਿੱਤੀ ਜਾਵੇ। ਹੜ੍ਹਾਂ ਦੀ ਅਕਸਰ ਮਾਰ ਸਹਿਣ ਵਾਲੇ ਇਲਾਕਿਆਂ ਨੂੰ ਵਿਸ਼ੇਸ਼ ਦਰਜਾ ਦੇ ਕੇ ਸਹੂਲਤਾਂ ਦਿੱਤੀਆਂ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ। ਧਰਨੇ ਨੂੰ ਭੁਪਿੰਦਰ ਸਿੰਘ ਲੌਂਗੋਵਾਲ, ਮੇਜ਼ਰ ਸਿੰਘ ਪੁੰਨਾਵਾਲ, ਕਰਮ ਸਿੰਘ ਬਲਿਆਲ, ਸਾਹਿਬ ਸਿੰਘ ਬਡਬਰ, ਸੁਖਦੇਵ ਸਿੰਘ ਲੇਹਲ ਕਲਾਂ, ਬਲਦੇਵ ਸਿੰਘ ਨਿਹਾਲਗੜ੍ਹ, ਊਧਮ ਸਿੰਘ ਸੰਤੋਖ਼ਪੁਰਾ, ਹਰਮੇਲ ਸਿੰਘ ਮਹਿਰੋਕ, ਭਜਨ ਸਿੰਘ ਢੱਡਰੀਆਂ, ਹਰਦੇਵ ਸਿੰਘ ਬਖਸ਼ੀਵਾਲਾ ਤੇ ਰਣਧੀਰ ਸਿੰਘ ਭੱਟੀਵਾਲ ਨੇ ਸੰਬੋਧਨ ਕੀਤਾ।