ਕਿਸਾਨਾਂ ਨੇ ਸਮੇਂ ਤੋਂ ਪਹਿਲਾਂ ਝੋਨਾ ਲਾਉਣਾ ਸ਼ੁਰੂ ਕੀਤਾ
ਜੋਗਿੰਦਰ ਸਿੰਘ ਮਾਨ
ਮਾਨਸਾ, 9 ਜੂਨ
ਪੰਜਾਬ ਸਰਕਾਰ ਵੱਲੋਂ 11 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੀ ਕੀਤੀ ਗਈ ਅਪੀਲ ਦੇ ਉਲਟ ਕਿਸਾਨਾਂ ਨੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਈ ਕਿਸਾਨਾਂ ਵੱਲੋਂ ਪਿਛਲੇ ਤਿੰਨ-ਚਾਰ ਦਿਨਾਂ ਤੋਂ ਇਸ ਪਿੰਡ ਦੇ ਖੇਤਾਂ ਵਿੱਚ ਝੋਨਾ ਲਾਇਆ ਜਾ ਰਿਹਾ ਹੈ। ਬੇਸ਼ੱਕ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਦਿੱਤੀ ਜਾ ਰਹੀ, ਪਰ ਮੌਸਮ ਦਾ ਲਾਹਾ ਲੈਂਦਿਆਂ ਕਿਸਾਨਾਂ ਨੇ ਪਿੰਡ ਭੈਣੀਬਾਘਾ ਵਿੱਚ ਝੋਨਾ ਲਾਉਣਾ ਆਰੰਭ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਵਾਸੀ ਮਜ਼ਦੂਰਾਂ ਦਾ ਲਾਹਾ ਲੈ ਕੇ ਤੇ ਦੇਸ਼ ਲਈ ਅਨਾਜ ਪੈਦਾ ਕਰਨ ਦੇ ਇਰਾਦੇ ਨਾਲ ਝੋਨਾ ਲਾਇਆ ਜਾ ਰਿਹਾ ਹੈ ਤਾਂ ਕਿ ਹਰੀ ਕ੍ਰਾਂਤੀ ਦਾ ਨਾਇਕ ਸੂਬਾ ਅੰਨ ਭੰਡਾਰ ਵਿੱਚ ਆਪਣਾ ਯੋਗਦਾਨ ਪਾ ਸਕੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ, ਫ਼ਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ 11 ਜੂਨ ਅਤੇ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 15 ਜੂਨ ਤੋਂ ਝੋਨਾ ਲਾਉਣ ਦੇ ਹੁਕਮ ਦਿੱਤੇ ਗਏ ਹਨ। ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਪਿੰਡਾਂ ਵਿਚਲੇ ਯੂਨੀਅਨ ਦੀ ਯੂਨਿਟ ਬਾਕਾਇਦਾ ਰਾਖੀ ਕਰੇਗੀ ਅਤੇ ਕਿਸੇ ਵੀ ਕਿਸਾਨ ਦੇ ਝੋਨਾ ਵਾਹੁਣ ਵਰਗੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ।
ਪੰਜਾਬ ਕਿਸਾਨ ਯੂਨੀਅਨ ਵੱਲੋਂ ਇਸ ਸਰਕਾਰੀ ਅਪੀਲ ਖਿਲਾਫ਼ ਬਗ਼ਾਵਤ ਦੀ ਸ਼ੁਰੂਆਤ ਕਿਸਾਨੀ ਸੰਘਰਸ਼ਾਂ ਵਜੋਂ ਮੋਹਰੀ ਮੰਨੇ ਜਾਂਦੇ ਪਿੰਡ ਭੈਣੀਬਾਘਾ ਤੋਂ ਕੀਤੀ ਗਈ ਹੈ ਜਿਸ ਦੌਰਾਨ ਕਿਸਾਨ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਉਹ 11 ਜੂਨ ਤੋਂ ਝੋਨਾ ਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਿਲਕੁਲ ਨਾ ਘਬਰਾਉਣ। ਉਨ੍ਹਾਂ ਕਿਹਾ ਕਿ ਨਹਿਰਾਂ ਤੇ ਸੂਏ ਸੁੱਕੇ ਪਏ ਹਨ ਅਤੇ ਖੇਤੀ ਮੋਟਰਾਂ ਵਾਲੀ ਬਿਜਲੀ 10 ਜੂਨ ਨੂੰ ਆਰੰਭ ਕਰਨ ਦਾ ਸਿਰਫ਼ ਵਿਸ਼ਵਾਸ ਹੀ ਦਿਵਾਇਆ ਗਿਆ ਹੈ, ਪਰ ਕਿਸਾਨਾਂ ਨੇ ਪਰਵਾਸੀ ਮਜ਼ਦੂਰਾਂ ਦੀ ਆਮਦ ਨੂੰ ਦੇਖਦਿਆਂ ਝੋਨਾ ਲਾਉਣਾ ਆਰੰਭ ਕਰ ਦਿੱਤਾ ਹੈ।
ਪੰਜਾਬ ਸਰਕਾਰ ਝੋਨੇ ਲਈ ਨਹਿਰੀ ਪਾਣੀ ਦੇਣ ਲਈ ਤਿਆਰ
ਬਠਿੰਡਾ (ਨਿੱਜੀ ਪੱਤਰ ਪ੍ਰੇਰਕ ): ‘ਆਪ’ ਪੰਜਾਬ ਦੇ ਬੁਲਾਰੇ ਅਤੇ ਮੀਡੀਅਮ ਉਦਯੋਗ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਆਗਾਮੀ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ 11 ਜੂਨ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਆਗਾਮੀ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਵਚਨਬੱਧ ਹੈ। ਨਹਿਰੀ ਪਾਣੀ ਨਾਲ ਨਾ ਕੇਵਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ, ਬਲਕਿ ਇਸ ਨਾਲ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਪਹਿਲੀ ਵਾਰ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਬਾਰੇ ਜਾਣਕਾਰੀ ਲੈਣ ਲਈ ਕੰਟਰੋਲ ਰੂਮ ਸਥਾਪਤ ਕੀਤੇ ਹਨ ਜੋ ਸ਼ਲਾਘਾਯੋਗ ਕਦਮ ਹੈ।