ਕਿਸਾਨਾਂ ਵਲੋਂ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ
ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਵੱਲੋਂ ਦਿੱਤੇ ਗਏ ਜ਼ਿਲ੍ਹਾ ਹੈੱਡਕੁਆਰਟਾਂ ਉੱਤੇ ਪੰਜ ਰੋਜ਼ਾ ਪੱਕੇ ਮੋਰਚਿਆਂ ਦੇ ਸੱਦੇ ਤਹਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਜ ਸੈਂਕੜੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਮੀਤ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਸਾਂਝੀ ਅਗਵਾਈ ਹੇਠ ਇਕੱਤਰ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨ ਜਥੇਬੰਦੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਾਅਦਿਆਂ ਤੋਂ ਭੱਜ ਕੇ ਅੱਜ ਮਜ਼ਦੂਰ ਤੇ ਕਿਸਾਨ ਵਿਰੋਧੀ ਫੈਸਲੇ ਲੈ ਰਹੇ ਹਨ। ਉਨ੍ਹਾਂ ਮੰਗ ਰੱਖੀ ਕਿ ਮਜ਼ਦੂਰਾਂ ਅਤੇ ਕਿਸਾਨਾਂ ਦਾ ਕਰਜ਼ਾ ਬਿਨਾਂ ਸ਼ਰਤ ਮੁਆਫ ਕੀਤਾ ਜਾਵੇ, ਨਹਿਰੀ ਪਾਣੀ ਹਰ ਖੇਤ ਤੱਕ ਅੱਪੜਦਾ ਕੀਤਾ ਜਾਵੇ, ਪੰਜਾਬ ’ਚ ਬੇਰੁਜ਼ਗਾਰੀ ਨੂੰ ਠੱਲ੍ਹ ਪਾ ਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ, ਸਸਤੇ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਜ਼ਮੀਨੀ ਕੁਰਕੀਆਂ ਤੇ ਕਬਜ਼ਾ ਵਾਰੰਟਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ ਸਮੇਂ ’ਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਇਨ੍ਹਾਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਵਿੱਢਿਆ ਜਾਵੇਗਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਡੀਸੀ ਦਫ਼ਤਰ ਅੱਗੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ। ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦੇ ਅਨੁਸਾਰ ਪੰਜਾਬ ਲਈ ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਦਾ ਐਲਾਨ ਕਰੇ, ਖੇਤੀ-ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿੱਚੋਂ ਮੁਕਤ ਕਰਵਾਇਆ ਜਾਵੇ, ਬੇਜ਼ਮੀਨੇ, ਗ਼ਰੀਬ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕੀਤੀ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਕਿਸਾਨ ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਸੂਦਖੋਰੀ ਦਾ ਖ਼ਾਤਮਾ ਕੀਤਾ ਜਾਵੇ, ਕਿਸਾਨਾਂ, ਮਜ਼ਦੂਰਾਂ ਦੇ ਕਰਜ਼ੇ ’ਤੇ ਲੀਕ ਮਾਰੀ ਜਾਵੇ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ, ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ। ਇਸ ਮੌਕੇ ਜ਼ਿਲ੍ਹਾ ਆਗੂ ਰਾਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਮਪੁਰ, ਗੁਰਪ੍ਰੀਤ ਸਿੰਘ ਅਮਰਗੜ੍ਹ, ਚਰਨਜੀਤ ਸਿੰਘ ਹਥਨ, ਗੁਰਪ੍ਰੀਤ ਸਿੰਘ ਹਥਨ, ਸੰਦੀਪ ਸਿੰਘ ਉਪੋਕੀ, ਚਮਕੌਰ ਸਿੰਘ ਚੌਦਾਂ, ਜਗਤਾਰ ਸਿੰਘ ਸਰੌਦ ਤੇ ਜਗਰੂਪ ਸਿੰਘ ਖੁਰਦ ਆਦਿ ਹਾਜ਼ਰ ਸਨ।