ਕਿਸਾਨ 21 ਨੂੰ ਦਿੱਲੀ ਚੱਲੋ ਦੇ ਐਲਾਨ ’ਤੇ ਕਾਇਮ: ਪੰਧੇਰ ਨੇ ਸਰਕਾਰ ਨੂੰ ਮੰਗਾਂ ਮੰਨਣ ਲਈ ਕਿਹਾ
ਚੰਡੀਗੜ੍ਹ, 20 ਫਰਵਰੀ
ਕਿਸਾਨ ਜਥੇਬੰਦੀਆਂ ਦੇ 21 ਫਰਵਰੀ ਦੇ ਦਿੱਲੀ ਚੱਲੋ ਸੱਦੇ ਤਹਿਤ ਵੱਡੀ ਗਿਣਤੀ ’ਚ ਕਿਸਾਨ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਜੁੜ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਅਜਿਹਾ ਨਾ ਹੋਣ ’ਤੇ ਉਹ 21 ਫਰਵਰੀ ਨੂੰ ਦਿੱਲੀ ਜਾਣਗੇ। ਅੱਜ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਸ਼ੰਭੂ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਦੀ ਨੁਮਾਇੰਦਗੀ ਕਰਨ ਵਾਲੇ ਸ੍ਰੀ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਤਿੰਨ ਵੱਡੀਆਂ ਮੰਗਾਂ ਹਨ ਕਿ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਸਵਾਮੀਨਾਥਨ ਕਮਿਸ਼ਨ ਵੱਲੋਂ ਸਿਫ਼ਾਰਸ਼ ਨੂੰ ਮੰਨਣਾ ਤੇ ਕਰਜ਼ਾ ਮੁਆਫੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦੌਰਾਨ ਕਿਸਾਨਾਂ ਨੇ ਪ੍ਰਸਤਾਵ ਦਿੱਤਾ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਇਆ ਜਾਵੇ। ਕਰਜ਼ਾ ਮੁਆਫੀ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਸਰਕਾਰੀ ਰਿਪੋਰਟਾਂ ਮੁਤਾਬਕ ਕਿਸਾਨਾਂ ਸਿਰ 18.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਕਿ ਉਹ ਇਹ ਐਲਾਨ ਕਰਨ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਜਦੋਂ ਕਿ ਇਸ ਲਈ ਇੱਕ ਵਿਧੀ ਬਾਅਦ ਵਿੱਚ ਤਿਆਰ ਕੀਤੀ ਜਾ ਸਕਦੀ ਹੈ। ਕਿਸਾਨ ਆਗੂ ਨੇ ਕਿਹਾ,‘ਅਸੀਂ ਆਪਣੇ ਅਨਾਨ ਦਿੱਲੀ ਚੱਲੋ ’ਤੇ ਕਾਇਮ ਹਾਂ।’