ਭਾਜਪਾ ਆਗੂਆਂ ਦੇ ਘਰਾਂ ਅੱਗੇ ਡਟੇ ਕਿਸਾਨ
ਆਤਿਸ਼ ਗੁਪਤਾ
ਚੰਡੀਗੜ੍ਹ, 17 ਫਰਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਕਿਸਾਨੀ ਮੰਗਾਂ ਦੇ ਹੱਲ ਲਈ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਦੀ ਹਮਾਇਤ ਵਿੱਚ ਪੰਜਾਬ ਦੇ ਤਿੰਨ ਭਾਜਪਾ ਆਗੂਆਂ ਦੇ ਘਰਾਂ ਅੱਗੇ ਦੋ ਦਿਨਾਂ ਲਈ ਦਿਨ-ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ 13 ਜ਼ਿਲ੍ਹਿਆਂ ਵਿੱਚ 21 ਟੌਲ ਪਲਾਜ਼ੇ ਪਰਚੀ ਮੁਕਤ ਕਰ ਦਿੱਤੇ ਹਨ। ਅੱਜ ਧਰਨਿਆਂ ਦੀ ਸ਼ੁਰੂਆਤ ਬੀਤੇ ਦਿਨ ਸ਼ੰਭੂ ਹੱਦ ’ਤੇ ਸ਼ਹੀਦ ਹੋਏ ਕਿਸਾਨ ਗਿਆਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿੱਚ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਪਿੰਡ ਪੰਜ ਕੋਸੀ (ਅਬੋਹਰ) ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੇ ਬਰਨਾਲਾ ਸਥਿਤ ਘਰਾਂ ਅੱਗੇ ਦਿਨ-ਰਾਤ ਲਈ ਧਰਨੇ ਸ਼ੁਰੂ ਕੀਤੇ ਗਏ ਹਨ। ਇਹ ਧਰਨੇ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਦਿੱਤੇ ਜਾਣਗੇ ਜਦਕਿ ਹਾਲਾਤ ਨੂੰ ਵੇਖਦੇ ਹੋਏ ਭਵਿੱਖ ਵਿੱਚ ਵੀ ਜਾਰੀ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਵਿਰੁੱਧ 24 ਫਰਵਰੀ ਤੋਂ ਚੰਡੀਗੜ੍ਹ ਮੋਰਚਾ ਲਾਉਣ ਸਬੰਧੀ ਕੀਤੇ ਐਲਾਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਘੋਲ ਨੂੰ ਅੱਗੇ ਵਧਾਉਣ ਸਬੰਧੀ ਕੋਈ ਫੈਸਲਾ ਲੈਣ ਉਪਰੰਤ ਅਗਲਾ ਫੈਸਲਾ ਲਿਆ ਜਾਵੇਗਾ। ਇਸ ਮੌਕੇ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸੇ ਦੌਰਾਨ ਹਰਿਆਣਾ ਪੁਲੀਸ ਵੱਲੋਂ ਦਿੱਲੀ ਵੱਲ ਜਾ ਕਿਸਾਨਾਂ ’ਤੇ ਸ਼ੰਭੂ ਤੇ ਖਨੌਰੀ ਹੱਦਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਤਸ਼ੱਦਦ ਢਾਹੁਣ ਖ਼ਿਲਾਫ਼ ਹਰਿਆਣਾ ਦੀ ਕਿਸਾਨ ਜਥੇਬੰਦੀਆਂ ਵੀ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਆ ਗਈਆਂ ਹਨ। ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਹਰਿਆਣਾ ਭਰ ਵਿੱਚ ਟਰੈਕਟਰ ਮਾਰਚ ਕੀਤੇ ਗਏ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਐਲਾਨ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉੱਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਸਿਰਸਾ, ਸ਼ਾਹਬਾਦ, ਪਾਣੀਪਤ, ਕੁਰੂਕਸ਼ੇਤਰ ਸਣੇ ਹਰਿਆਣਾ ਦੇ ਵੱਡੀ ਗਿਣਤੀ ਸ਼ਹਿਰਾਂ ਵਿੱਚ ਬਲਾਕ ਪੱਧਰ ’ਤੇ ਟਰੈਕਟਰ ਮਾਰਚ ਕੀਤੇ ਗਏ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਵਾਅਦਾਖ਼ਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਟਰੈਕਟਰ ਮਾਰਚ ਵਿੱਚ ਨੌਜਵਾਨਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਸ੍ਰੀ ਚੜੂਨੀ ਨੇ ਕਿਹਾ ਕਿ ਕਿਸਾਨ ਤਾਂ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰਕੇ ਕੇਂਦਰ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਕਰਵਾਉਣਾ ਚਾਹੁੰਦੇ ਸਨ ਪਰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨਾਲ ਅਣਮਨੁੱਖੀ ਵਤੀਰਾ ਅਖ਼ਤਿਆਰ ਕੀਤਾ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੀਨੀਅਰ ਆਗੂ ਰਾਕੇਸ਼ ਬੈਂਸ ਨੇ ਕਿਹਾ ਕਿ ਉਨ੍ਹਾਂ ਵੱਲੋਂ 18 ਫਰਵਰੀ ਨੂੰ ਕੁਰੂਕਸ਼ੇਤਰ ਦੇ ਬ੍ਰਹਮ ਸਰੋਵਰ ਪਾਰਕ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿੱਚ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਮੋਦੀ ਹਕੂਮਤ ਨੂੰ ਸਾਂਝੇ ਸੰਘਰਸ਼ ਰਾਹੀਂ ਹੀ ਦਿੱਤੀ ਜਾ ਸਕਦੀ ਹੈ ਮਾਤ: ਉਗਰਾਹਾਂ
ਪਟਿਆਲਾ (ਖੇਤਰੀ ਪ੍ਰਤੀਨਿਧ): ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਂਝੇ ਸੰਘਰਸ਼ ਰਾਹੀਂ ਹੀ ਮੋਦੀ ਹਕੂਮਤ ਨੂੰ ਕਰਾਰੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ’ਚ ਵਿਚਾਰਕ ਮੱਤਭੇਦ ਹੋ ਸਕਦੇ ਹਨ ਪਰ ਕਿਸਾਨਾਂ ਦੀਆਂ ਸਾਂਝੀਆਂ ਮੰਗਾਂ ਤੇ ਮਸਲਿਆਂ ਦੀ ਪੂਰਤੀ ਲਈ ਉਹ ਇਕਜੁੱਟ ਹਨ। ਦਿੱਲੀ ਕੂਚ ਦੇ ਸੱਦੇ ਦੇ ਹਵਾਲੇ ਨਾਲ ਉਗਰਾਹਾਂ ਨੇ ਕਿਹਾ ਕਿ ਹੋਰ ਵੀ ਚੰਗਾ ਹੋਣਾ ਸੀ ਜੇਕਰ ਇਹ ਸੰਘਰਸ਼ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਰਲ ਵਿੱਢਿਆ ਜਾਂਦਾ ਪਰ ਹਾਲੇ ਵੀ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ। ਉਨ੍ਹਾਂ ਕਿਹਾ ਕਿ ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਇਕਜੁੱਟ ਹੋ ਕੇ ਤਾਲਮੇਲ ਨਾਲ ਸਾਂਝੇ ਸੰਘਰਸ਼ ਰਾਹੀਂ ਫਿਰਕੂ, ਭੜਕਾਊ ਤੇ ਫੁੱਟਪਾਊ ਅਨਸਰਾਂ ਸਮੇਤ ਮੋਦੀ ਸਰਕਾਰ ਨੂੰ ਕਰਾਰੀ ਮਾਤ ਦਿੱਤੀ ਜਾ ਸਕਦੀ ਹੈ।