ਕਿਸਾਨਾਂ ਨੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰੇਲਾਂ ਰੋਕੀਆਂ
ਸ਼ਗਨ ਕਟਾਰੀਆ
ਬਠਿੰਡਾ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਭਾਰਤ (ਗ਼ੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਅੱਜ ਬਠਿੰਡਾ ਜ਼ਿਲ੍ਹੇ ’ਚ ਰੇਲ ਪਟੜੀਆਂ ’ਤੇ ਅੱਧੀ ਦਰਜਨ ਥਾਵਾਂ ’ਤੇ ਕਿਸਾਨਾਂ ਨੇ ਦੋ ਘੰਟਿਆਂ ਲਈ ਧਰਨੇ ਲਾ ਕੇ ਰੇਲਾਂ ਦਾ ਚੱਕਾ ਜਾਮ ਕੀਤਾ। ਗੋਨਿਆਣਾ ਮੰਡੀ, ਬਹਿਮਣ ਦੀਵਾਨਾ, ਸੰਗਤ, ਰਾਮਾ, ਮੌੜ ਅਤੇ ਲਹਿਰਾ ਮੁਹੱਬਤ ਵਿੱਚ ਲੱਗੇ ਧਰਨਿਆਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਆਗੂ ਰੇਸ਼ਮ ਸਿੰਘ ਯਾਤਰੀ, ਬਲਦੇਵ ਸਿੰਘ, ਮੁਖਤਿਆਰ ਸਿੰਘ ਕੁੱਬੇ, ਰਣਜੀਤ ਸਿੰਘ ਜੀਦਾ, ਗੁਰਮੇਲ ਸਿੰਘ ਲਹਿਰਾ ਆਦਿ ਨੇ ਕੀਤੀ। ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੌਰਾਨ 3 ਅਕਤੂਬਰ 2021 ਨੂੰ ਵਾਪਰੇ ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਨੂੰ ਚੇਤੇ ਕਰਦਿਆਂ ਦੋਸ਼ ਲਾਇਆ ਕਿ ਇਸ ਕਾਂਡ ਦੇ ਮੁਲਜ਼ਮ ਸੱਤਾ ਦਾ ਆਨੰਦ ਭੋਗ ਰਹੇ ਹਨ ਪਰ ਪੀੜਤ ਨਿਆਂ ਲਈ ਦਰ-ਦਰ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਤਲਾਂ ਦਾ ਬਚਾਅ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਨਾਂ ਤੱਕ ਗੱਲ ਪਹੁੰਚਾਉਣ ਲਈ ਪੰਜਾਬ ’ਚੋਂ ਕਿਸਾਨ ਕਾਫ਼ਲੇ 13 ਫਰਵਰੀ 2024 ਨੂੰ ਦਿੱਲੀ ਚੱਲੇ ਸਨ ਪਰ ਉਨ੍ਹਾਂ ਅੱਗੇ ਹਰਿਆਣਾ ਦੀ ਭਾਜਪਾਈ ਹਕੂਮਤ ਵੱਲੋਂ ਰੁਕਾਵਟਾਂ ਖੜ੍ਹੀਆਂ ਕਰਕੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ’ਤੇ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਗੇ ਦਿੱਲੀ ਤਰਫ਼ ਵਧਣ ਲਈ ਬਜ਼ਿਦ ਕਿਸਾਨ ਹੁਣ ਵੀ ਇਨ੍ਹਾਂ ਬਾਰਡਰਾਂ ’ਤੇ ਬੈਠ ਕੇ ਰੋਸ ਦਰਜ ਕਰਵਾ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ।
ਮਾਨਸਾ (ਜੋਗਿੰਦਰ ਸਿੰਘ ਮਾਨ): ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵੱਲੋਂ ਮਾਨਸਾ ਵਿਚ ਰੇਲ ਪਟੜੀ ਉਤੇ ਦੋ ਘੰਟਿਆਂ ਲਈ ਧਰਨਾ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਰੇਲ ਪਟੜੀ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਦੌਰਾਨ ਲਖੀਮਪੁਰ ਖੀਰੀ ਦੇ ਵਿੱਚ ਚਾਰ ਕਿਸਾਨਾਂ ਨੂੰ ਭਾਜਪਾ ਦੇ ਆਗੂਆਂ ਵੱਲੋਂ ਗੱਡੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚ ਇੱਕ ਪੱਤਰਕਾਰ ਵੀ ਸ਼ਾਮਲ ਸੀ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਰੋਡੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਮਜ਼ਦੂਰ ਕਿਸਾਨ ਮੋਰਚਾ ਦੇ ਭਾਰਤ ਪੱਧਰੇ ਸਾਂਝੇ ਸੱਦੇ ’ਤੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਵਾਉਣ ਲਈ 12-30 ਵਜੇ ਤੋਂ ਢਾਈ ਵਜੇ ਤੱਕ ਮੋਗਾ ਵਿੱਚ ਰੇਲਾਂ ਜਾਮ ਕੀਤੀਆਂ ਗਈਆਂ। 3 ਅਕਤੂਬਰ 2021 ਨੂੰ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ੀ ਮਿਸ਼ਰਾ ਨੇ ਲਖੀਮਪੁਰ ਖੀਰੀ ਵਿੱਚ ਦਿੱਲੀ ਅੰਦੋਲਨ ਦੇ ਖ਼ਿਲਾਫ਼ ਗੁੱਸੇ ਵਿੱਚ ਆ ਕੇ ਕਿਸਾਨਾਂ ’ਤੇ ਤੇਜ਼ ਰਫਤਾਰ ਗੱਡੀਆਂ ਦਾ ਕਾਫਲਾ, ਚਾੜ੍ਹ ਕੇ, ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਦਰੜ ਕੇ ਸ਼ਹੀਦ ਕਰ ਦਿੱਤਾ। ਰਾਮਪੁਰਾ ਫੂਲ (ਨਿੱਜੀ ਪੱਤਰ ਪ੍ਰੇਰਕ): ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵੱਲੋਂ ਵੀ ਰਾਮਪੁਰਾ ਫੂਲ਼ ਰੇਲਵੇ ਸਟੇਸ਼ਨ ਉੱਪਰ ਦੋ ਘੰਟੇ ਰੇਲਾਂ ਦਾ ਚੱਕਾ ਜਾਮ ਰਿਹਾ। ਇਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਕੀਤੀ ਜਦ ਕਿ ਸੂਬਾ ਜਨਰਲ ਸਕੱਤਰ ਬੀਬੀ ਸੁਖਵਿੰਦਰ ਕੌਰ ਰਾਮਪੁਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਸੰਗਤ ਮੰਡੀ (ਪੱਤਰ ਪ੍ਰੇਰਕ): ਸੰਗਤ ਮੰਡੀ ਵਿੱਚ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ 12-30 ਤੋਂ 2-30 ਵਜੇ ਤੱਕ ਬਠਿੰਡਾ-ਬੀਕਾਨੇਰ ਰੇਲਵੇ ਲਾਈਨ ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਅੱਜ ਦੁਪਹਿਰ ਸਾਢੇ ਬਾਰਾਂ ਵਜੇ ਤੋਂ ਢਾਈ ਵਜੇ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਆਗੂਆਂ ਅਤੇ ਵਰਕਰਾਂ ਨੇ ਪਿੰਡ ਲਹਿਰਾ ਮੁਹੱਬਤ ਵਿੱਚ ਬਠਿੰਡਾ-ਅੰਬਾਲਾ ਰੇਲਵੇ ਲਾਈਨ ’ਤੇ ਧਰਨਾ ਦੇ ਕੇ ਰੇਲਾਂ ਰੋਕੀਆਂ ਗਈਆਂ।
ਮਾਨਸਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਨਸਾਫ਼ ਲਈ ਮੋਮਬੱਤੀ ਮਾਰਚ
ਮਾਨਸਾ (ਪੱਤਰ ਪ੍ਰੇਰਕ): ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ ਦੇ ਇਨਸਾਫ਼ ਲਈ ਅੱਜ ਪਿੰਡਾਂ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ। ਕਿਸਾਨਾਂ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਲਖੀਮਪੁਰ ਖੀਰੀ (ਯੂ.ਪੀ) ਵਿੱਚ ਕਿਸਾਨਾਂ ਦੇ ਕਤਲੇਆਮ ਦੇ ਮੁੱਖ ਕਸੂਰਵਾਰਾਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਇੱਕ ਪੱਤਰਕਾਰ ਅਤੇ ਚਾਰ ਕਿਸਾਨਾਂ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਟੀਚਰਜ਼ ਹੋਮ ਵਿੱਚ ਮਨਾਇਆ ਗਿਆ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀਕੇਯੂ (ਮਾਨਸਾ) ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਨਿਆਂ ਦੁਆਉਣ ਵਿੱਚ ਫੇਲ੍ਹ ਹੋਈ ਹੈ, ਜਿਸ ਕਾਰਨ ਉਸ ਨੂੰ ਉੱਤਰੀ ਭਾਰਤ ਵਿੱਚ ਆਮ ਚੋਣਾਂ ਵਿੱਚ ਮੂੰਹ ਦੀ ਖਾਣੀ ਪਈ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕ ਇੱਕ-ਦੋ ਦਿਨਾਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਅਤੇ ਡੀਏਪੀ ਦਾ ਪ੍ਰਬੰਧ ਨਾ ਕੀਤਾ ਤਾਂ ਸੰਯੁਕਤ ਕਿਸਾਨ ਪੰਜਾਬ ਦੀਆਂ ਸਾਰੀਆਂ ਸੜਕਾਂ ਜਾਮ ਕਰ ਦੇਵੇਗਾ।