ਕਿਸਾਨਾਂ ਨੇ ਚਾਰ ਘੰਟੇ ਰੇਲਾਂ ਰੋਕੀਆਂ
ਆਤਿਸ਼ ਗੁਪਤਾ
ਚੰਡੀਗੜ੍ਹ, 10 ਮਾਰਚ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਵਿੱਚ 75 ਥਾਵਾਂ ’ਤੇ ਰੇਲ ਗੱਡੀਆਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਬਜ਼ੁਰਗਾਂ ਤੇ ਕਿਸਾਨ ਬੀਬੀਆਂ ਨੇ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਰੇਲ ਪਟੜੀਆਂ ’ਤੇ ਧਰਨੇ ਦਿੱਤੇ। ਕਿਸਾਨ ਜਥੇਬੰਦੀਆਂ ਨੇ ਹਰਿਆਣਾ ਵਿੱਚ ਵੀ ਤਿੰਨ ਥਾਵਾਂ ’ਤੇ ਰੇਲ ਗੱਡੀਆਂ ਰੋਕ ਕੇ ਪ੍ਰਦਰਸ਼ਨ ਕੀਤੇ ਜਦੋਂ ਕਿ ਕੁਝ ਥਾਈਂ ਪਟੜੀਆਂ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਨੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ, ਲੁਧਿਆਣਾ, ਨਵਾਂਸ਼ਹਿਰ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਸਣੇ ਹੋਰ ਸ਼ਹਿਰਾਂ ਵਿੱਚ ਰੇਲ ਪਟੜੀਆਂ ’ਤੇ ਧਰਨੇ ਦਿੱਤੇ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਵੀ ਧਰਨਿਆਂ ’ਚ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਹਰਿਆਣਾ ਪੁਲੀਸ ਨੂੰ ਹਿਰਾਸਤ ਵਿੱਚ ਲਏ ਕਿਸਾਨ ਜਲਦੀ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਵੱਲੋਂ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਹਰਿਆਣਾ ਪੁਲੀਸ ਖ਼ਿਲਾਫ਼ ਵੀ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੇ ਨੁਮਾਇੰਦੇ ਕਹਿੰਦੇ ਹਨ ਕਿ ਕਿਸਾਨ ਝੋਨਾ ਲਾਉਣਾ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਫ਼ਸਲਾਂ ਦੀ ਖਰੀਦ ਐੱਮਐੱਸਪੀ ’ਤੇ ਯਕੀਨੀ ਹੋਵੇਗੀ ਤਾਂ ਕਿਸਾਨ ਆਪਣੇ-ਆਪ ਹੀ ਝੋਨੇ ਵਿੱਚੋਂ ਬਾਹਰ ਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਦੋਲਨ ਕਿਸਾਨਾਂ ਦੀ ਮਜਬੂਰੀ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਉੱਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਗੌਰਤਲਬ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ 13 ਫਰਵਰੀ ਨੂੰ ਦਿੱਲੀ ਕੂਚ ਦਾ ਸੱਦਾ ਦਿੱਤਾ ਸੀ ਪਰ ਹਰਿਆਣਾ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ।
ਹੋਰ ਸੂਬਿਆਂ ਵਿੱਚ ਵੀ ਰੋਕੀਆਂ ਰੇਲ ਗੱਡੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕੀਆਂ ਗਈਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਤਾਮਿਲਨਾਡੂ ਵਿੱਚ 20, ਮੱਧ ਪ੍ਰਦੇਸ਼ ’ਚ ਤਿੰਨ, ਪੰਜਾਬ ’ਚ 75, ਰਾਜਿਸਥਾਨ ’ਚ ਤਿੰਨ, ਹਰਿਆਣਾ ’ਚ ਪੰਜ, ਪੁੱਡੂਚੇਰੀ ’ਚ ਇੱਕ ਜਗ੍ਹਾ ’ਤੇ ਰੇਲਾਂ ਰੋਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ, ਤਾਮਿਲਨਾਡੂ ਤੇ ਪੁੱਡੂਚੇਰੀ ਵਿੱਚ ਪੁਲੀਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਰੇਲ ਗੱਡੀਆਂ ਰੋਕਣ ਕਰਕੇ ਲੋਕ ਹੋਏ ਖੱਜਲ-ਖੁਆਰ
ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਰੇਲ ਪਟੜੀਆਂ ’ਤੇ ਧਰਨੇ ਕਾਰਨ ਦਰਜਨਾਂ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ, ਜੋ ਕਿ ਤਿੰਨ ਤੋਂ ਚਾਰ ਘੰਟੇ ਦੀ ਦੇਰੀ ਨਾਲ ਚੱਲੀਆਂ। ਇਸ ਕਰਕੇ ਆਮ ਲੋਕਾਂ ਨੂੰ ਇੱਕ ਤੋਂ ਦੂਜੀ ਥਾਂ ’ਤੇ ਜਾਣ ਲਈ ਖੱਜਲ-ਖੁਆਰ ਹੋਣਾ ਪਿਆ। ਰੇਲ ਪਟੜੀਆਂ ਜਾਮ ਹੋਣ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਰੇਲ ਗੱਡੀਆਂ ਦੀ ਥਾਂ ਬੱਸਾਂ ਤੇ ਨਿੱਜੀ ਟੈਕਸੀਆਂ ਦੀ ਵਰਤੋਂ ਕਰ ਰਹੇ ਸੀ। ‘ਰੇਲ ਰੋਕੋ ਅੰਦੋਲਨ’ ਕਰਕੇ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਰੇਲ ਗੱਡੀਆਂ, ਜੰਮੂ ਤੋਂ ਨਾਂਦੇੜ ਸਾਹਿਬ, ਮੁੰਬਈ ਤੋਂ ਅੰਮ੍ਰਿਤਸਰ, ਅੰਮ੍ਰਿਤਸਰ ਤੋਂ ਮੁੰਬਈ, ਸ੍ਰੀਨਗਰ ਤੋਂ ਅੰਬਾਲਾ ਜਾਣ ਵਾਲੀਆਂ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਇਹ ਸਾਰੀਆਂ ਰੇਲ ਗੱਡੀਆਂ ਆਪਣੇ ਤੈਅ ਸਮੇਂ ਤੋਂ ਤਿੰਨ ਤੋਂ ਚਾਰ ਘੰਟੇ ਦੀ ਦੇਰੀ ਨਾਲ ਚੱਲੀਆਂ।