ਮੰਗਾਂ ਮੰਨਣ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ: ਰਾਕੇਸ਼ ਟਿਕੈਤ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 28 ਫਰਵਰੀ
ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਵੱਲੋਂ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇ ਕੇ ਟਰੈਕਟਰ ਮਾਰਚ ਕੀਤੇ ਜਾਣ ਵਾਂਗ ਦੇਸ਼ ਭਰ ਵਿੱਚ ਵੱਖ-ਵੱਖ ਅੰਦੋਲਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਵਿੱਚ ਮਹਾਪੰਚਾਇਤ ਕਰ ਕੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਚਿਤਾਵਨੀ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਦੇ ਵਿਰੁੱਧ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦ ਤਕ ਸਰਕਾਰ ਉਨ੍ਹਾਂ ਦੀਆ ਸਾਰੀਆਂ ਮੰਗਾਂ ਨਹੀਂ ਮੰਨਦੀ। ਉਹ ਅੱਜ ਬਾਬੈਨ ਵਿਚ ਸਮਾਜਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਜੋ ਕਿਸਾਨਾਂ ਨੂੰ ਟਕਰਾਅ ਦਾ ਰਾਹ ਨਾ ਅਪਣਾਉਣਾ ਪਵੇ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ’ਤੇ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਛੱਡਣ, ਸੜਕਾਂ ਬੰਦ ਕਰਕੇ ਕਿੱਲਾਂ ਲਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਹਰਿਆਣਾ ਪ੍ਰਸ਼ਾਸਨ ਨੇ ਇਕ ਕਿਸਾਨ ਨੂੰ ਗੋਲੀਆਂ ਚਲਾ ਕੇ ਸ਼ਹੀਦ ਕੀਤਾ ਹੈ ਉਹ ਬਹੁਤ ਹੀ ਦੁੱਖਦਾਈ ਹੈ। ਇਸ ਮੌਕੇ ਆਲ ਇੰਡੀਆ ਜਾਟ ਮਹਾਸਭਾ ਦੇ ਜਨਰਲ ਸਕੱਤਰ ਵਿਨੋਦ ਖੇੜਾ, ਬੀਕੇਯੂ ਆਗੂ ਰਾਮ ਕੁਮਾਰ ਖਹਿਰਾ, ਮਦਨ ਭਾਪੜਾ, ਰਵਿੰਦਰ ਖਹਿਰਾ, ਜਸਬੀਰ ਜੈਨਪੁਰ, ਅਮਰਜੀਤ ਕਦਮੀ, ਇੰਦਰਜੀਤ ਖੇੜੀ ,ਰਾਮ ਧਾਰੀ ਮੌਜੂਦ ਸਨ।