ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਅਧਿਕਾਰੀ ਘੇਰੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਨਵੰਬਰ
ਝੋਨੇ ਦੀ ਖਰੀਦ ਨਾ ਹੋਣ ਤੋਂ ਖਫ਼ਾ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਘਾਬਦਾਂ ਦੀ ਅਨਾਜ ਮੰਡੀ ’ਚ ਪੁੱਜੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਘਿਰਾਓ ਕਰ ਲਿਆ ਅਤੇ ਕਰੀਬ ਤਿੰਨ ਘੰਟੇ ਤੋਂ ਵੱਧ ਸਮਾਂ ਅਨਾਜ ਮੰਡੀ ’ਚ ਹੀ ਘੇਰੀ ਰੱਖਿਆ। ਸ਼ਾਮ ਨੂੰ ਪ੍ਰਸ਼ਾਸਨ ਵਲੋਂ ਤਹਿਸੀਲਦਾਰ, ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਪੁਲੀਸ ਵੱਲੋਂ ਕਿਸਾਨਾਂ ਖਰੀਦ ਦਾ ਭਰੋਸਾ ਦੇਣ ਮਗਰੋਂ ਮਾਮਲਾ ਨਿੱਬੜਿਆ।
ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਖਰੀਦ ਏਜੰਸੀ ਦੇ ਅਧਿਕਾਰੀ ਅਨਾਜ ਮੰਡੀ ਘਾਬਦਾਂ ’ਚ ਝੋਨੇ ਦੀ ਬੋਲੀ ਲਗਾਉਣ ਪੁੱਜੇ ਸਨ ਪਰ ਮੰਡੀ ਵਿਚ ਖਰੀਦ, ਲਿਫਟਿੰਗ ਅਤੇ ਜਗ੍ਹਾ ਦੇ ਪੁਖਤਾ ਪ੍ਰਬੰਧ ਨਾ ਹੋਣ ਤੋਂ ਕਿਸਾਨ ਬੇਹੱਦ ਖਫ਼ਾ ਸਨ। ਇਸ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਦੀ ਟੀਮ ਦਾ ਘਿਰਾਓ ਕਰ ਲਿਆ। ਇਸ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਘਾਬਦਾਂ ਮੰੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਖਰੀਦ ਨਹੀਂ ਹੋ ਰਹੀ ਜਦੋਂ ਕਿ ਨਮੀ ਦੀ ਮਾਤਰਾ 17 ਫੀਸਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਅਨਾਜ ਮੰਡੀ ਜਗ੍ਹਾ ਨਾ ਹੋਣ ਕਾਰਨ ਕਿਸਾਨਾਂ ਨੂੰ ਕੱਚੀ ਥਾਂ ’ਤੇ ਫਸਲ ਸੁੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਲਿਫਟਿੰਗ ਦੇ ਵੀ ਪ੍ਰਬੰਧ ਬੇਹੱਦ ਮਾੜੇ ਹਨ ਤੇ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ। ਉਨ੍ਹਾਂ ਕਿਹਾ ਕਿ ਮੰਡੀ ’ਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤਾਂ ਤੋਂ ਕਿਸਾਨ ਪਹਿਲਾਂ ਹੀ ਭਰੇ ਬੈਠੇ ਹਨ। ਅੱਜ ਜਿਉਂ ਹੀ ਖਰੀਦ ਏਜੰਸੀ ਦੀ ਟੀਮ ਅਨਾਜ ਮੰਡੀ ਪੁੱਜੀ ਤਾਂ ਕਿਸਾਨਾਂ ਨੇ ਉਨ੍ਹਾਂ ਘੇਰ ਕੇ ਬਿਠਾ ਲਿਆ। ਇਸ ਦੌਰਾਨ ਕਿਸਾਨਾਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਅਧਿਕਾਰੀਆਂ ਦਾ ਘਿਰਾਓ ਕਰਕੇ ਰੱਖਿਆ ਜਾਵੇਗਾ। ਇਸ ਮੌਕੇ ਯੂਨੀਅਨ ਦੇ ਬਲਾਕ ਭਵਾਨੀਗੜ੍ਹ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਕਸ਼ਮੀਰ ਸਿੰਘ ਆਲੋਅਰਖ, ਚਮਕੌਰ ਸਿੰਘ ਲੱਡੀ ਤੋਂ ਇਲਾਵਾ ਕਿਸਾਨ ਅਤੇ ਬੀਬੀਆਂ ਵੀ ਮੌਜੂਦ ਸਨ। ਸੂਚਨਾ ਮਿਲਦਿਆਂ ਸ਼ਾਮ ਨੂੰ ਪ੍ਰਸ਼ਾਸਨ ਦੀ ਤਰਫ਼ੋਂ ਤਹਿਸੀਲਦਾਰ, ਵਿਭਾਗ ਦੇ ਅਧਿਕਾਰੀ ਅਤੇ ਥਾਣਾ ਸਦਰ ਪੁਲੀਸ ਦੇ ਅਧਿਕਾਰੀ ਮੌਕੇ ’ਤੇ ਪੁੱਜੇ। ਤਹਿਸੀਲਦਾਰ ਵਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਸਾਰੇ ਮਸਲਿਆਂ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਭਰੋਸੇ ਮਗਰੋਂ ਕਿਸਾਨਾਂ ਵਲੋਂ ਘਿਰਾਓ ਖਤਮ ਕੀਤਾ ਗਿਆ।