Punjab News: ਕਿਸਾਨਾਂ ਨੇ ਟੌਲ ਪਲਾਜ਼ਿਆਂ ਤੋਂ ਪੱਕੇ ਮੋਰਚੇ ਚੁੱਕੇ
ਆਤਿਸ਼ ਗੁਪਤਾ
ਚੰਡੀਗੜ੍ਹ, 13 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ, ਪਰਾਲੀ ਤੇ ਹੋਰਨਾਂ ਕਿਸਾਨੀ ਮੰਗਾਂ ਮੰਨਵਾਉਣ ਲਈ ਟੌਲ ਪਲਾਜ਼ਿਆਂ ’ਤੇ ਲਾਏ ਪੱਕੇ ਮੋਰਚੇ 28 ਦਿਨਾਂ ਬਾਅਦ ਸਮਾਪਤ ਕਰ ਦਿੱਤੇ ਹਨ। ਅੱਜ ਸੂਬੇ ਵਿੱਚ ਵਿੱਚ 26 ਟੌਲ ਪਲਾਜ਼ਿਆਂ ’ਤੇ ਚੱਲ ਰਹੇ ਮੋਰਚਿਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਸਣੇ ਹੋਰ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਹਾਲੇ ਖ਼ਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕੁਝ ਮੰਡੀਆਂ ਵਿੱਚ ਹਾਲੇ ਝੋਨੇ ਦੀ ਖਰੀਦ ਸੁਸਦ ਰਫ਼ਤਾਰ ਨਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ’ਤੇ ਕੱਟ ਲਾਏ ਜਾ ਰਹੇ ਹਨ। ਹੁਣ ਝੋਨੇ ਦੀ ਖਰੀਦ ’ਚ ਅੜਿੱਕੇ ਪਾਉਣ ਵਾਲੀਆਂ ਅਜਿਹੀ ਮੰਡੀਆਂ ’ਚ ਰੋਸ ਮੁਜ਼ਾਹਰੇ ਸ਼ੁਰੂ ਕੀਤੇ ਜਾਣਗੇ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਭਲਕੇ 14 ਨਵੰਬਰ ਤੋਂ ਵਿਧਾਨ ਸਭਾ ਹਲਕਾ ਬਰਨਾਲਾ ਤੇ ਗਿੱਦੜਬਾਹਾ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭਾਜਪਾ ਤੇ ‘ਆਪ’ ਉਮੀਦਵਾਰਾਂ ਦਾ ਵਿਰੋਧ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵਿਰੁੱਧ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਚੋਣ ਮੈਦਾਨ ਵਿੱਚ ਨਿੱਤਰੇ ਆਗੂਆਂ ਨੂੰ ਰੋਕ ਕੇ ਕਿਸਾਨੀ ਮੰਗਾਂ ਅਤੇ ਕਾਰਪੋਰੇਟ ਪੱਖੀ ਨੀਤੀਆਂ ਬਾਰੇ ਸਥਿਤੀ ਸਪੱਸ਼ਟ ਕਰਨ ਬਾਰੇ ਸਵਾਲ ਪੁੱਛੇ ਜਾਣਗੇ। ਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਦਰਜ ਕੀਤੇ ਪੁਲੀਸ ਕੇਸ ਵੀ ਰੱਦ ਕੀਤੇ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਦੇ ਨਿਬੇੜੇ ਲਈ ਲੋੜੀਂਦੀਆਂ ਮਸ਼ੀਨਾਂ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਫ਼ੈਸਲੇ ਅਨੁਸਾਰ ਸਰਕਾਰ ਵੱਲੋਂ ਛੋਟੇ ਕਿਸਾਨਾਂ ਨੂੰ ਮੁਹੱਈਆ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਉਹ ਪਰਾਲੀ ਸਾੜਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਸਮੇਂ ਰਹਿੰਦੇ ਨਾ ਮੰਨਿਆ ਗਿਆ ਤਾਂ ਕਿਸਾਨਾਂ ਵੱਲੋਂ ਭਵਿੱਖ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।