ਕਿਸਾਨ ਕੁਦਰਤੀ ਖੇਤੀ ਵੱਲ ਮੋੜਾ ਕੱਟਣ: ਨਾਇਬ ਸੈਣੀ
ਪ੍ਰਭੂ ਦਿਆਲ
ਸਿਰਸਾ, 21 ਨਵੰਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਨੂੰ ਮੈਡੀਕਲ ਹੱਬ ਅਤੇ ਫਿਟ ਇੰਡੀਆ ਬਣਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਹਰਿਆਣਾ ਨੇ ਪਹਿਲ ਕੀਤੀ ਹੈ ਅਤੇ ਸਰਕਾਰ ਨੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦੀ ਪਹਿਲ ਕੀਤੀ ਹੈ। ਸੂਬੇ ਵਿੱਚ ਹੁਣ ਤੱਕ 9 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਚੁੱਕੇ ਹਨ। ਸਾਲ 2014 ਤੋਂ ਪਹਿਲਾਂ ਸੂਬੇ ਵਿੱਚ ਸਿਰਫ਼ 6 ਮੈਡੀਕਲ ਕਾਲਜ ਸਨ। ਹੁਣ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 15 ਹੋ ਗਈ ਹੈ। ਇਸੇ ਲੜੀ ਤਹਿਤ ਅੱਜ ਸਿਰਸਾ ਦੇ ਸੰਤ ਸਰਸਾਈ ਨਾਥ ਜੀ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਕਾਲਜ 21 ਕਿਲਿਆਂ ’ਚ 1010 ਕਰੋੜ ਰੁਪਏ ਦੀ ਲਾਗਤ ਨਾਲ ਦੋ ਸਾਲਾਂ ’ਚ ਬਣ ਕੇ ਤਿਆਰ ਹੋਵੇਗਾ। ਇਸ ਮੈਡੀਕਲ ਕਾਲਜ ’ਚ ਪੰਜ ਸੌ ਬੈੱਡ ਹੋਣਗੇ ਤੇ ਇਕ ਸੌ ਐੱਮਬੀਬੀਐੱਸ ਦੀਆਂ ਸੀਟਾਂ ਹੋਣਗੀਆਂ। ਮੁੱਖ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਇਸ ਮੈਡੀਕਲ ਕਾਲਜ ਵਿੱਚ ਕੈਂਸਰ ਦੇ ਇਲਾਜ ਲਈ ਵੱਖਰਾ ਵਿੰਗ ਵੀ ਸ਼ੁਰੂ ਕੀਤਾ ਜਾਵੇਗਾ। ਇਸ ਦੇ ਲਈ ਨਾਲ ਲੱਗਦੀ ਸਾਢੇ ਪੰਜ ਏਕੜ ਜ਼ਮੀਨ ਹੋਰ ਲਈ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੀ ਮਾਤਾ ਦੇ ਨਾਂ ’ਤੇ ਕਾਲਜ ਦੇ ਵਿਹੜੇ ’ਚ ਇਕ ਰੁੱਖ ਲਗਾ ਕੇ ਵਾਤਾਵਰਨ ਦਾ ਸੰਦੇਸ਼ ਵੀ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬ ਲੋਕਾਂ ਦੇ ਮੁਫਤ ਇਲਾਜ ਲਈ ਪ੍ਰਧਾਨ ਮੰਤਰੀ ਜਨ ਅਰੋਗਿਆ ਆਯੂਸ਼ਮਾਨ ਭਾਰਤ ਯੋਜਨਾ ਸ਼ੁਰੂ ਕੀਤੀ ਹੈ। ਹੁਣ ਤੱਕ ਸੂਬੇ ਵਿੱਚ ਕੁੱਲ 1 ਕਰੋੜ 19 ਲੱਖ ਵੀਵਾ ਕਾਰਡ ਬਣ ਚੁੱਕੇ ਹਨ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਵਿੱਚ 1.80 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਹੁਣ ਆਯੂਸ਼ਮਾਨ-ਚਿਰਾਯੂ ਸਕੀਮ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਵਿੱਚ ਰਸਾਇਣਕ ਖਾਦਾਂ ਦੀ ਵਰਤੋਂ ਘੱਟ ਤੋਂ ਘੱਟ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਕੁਦਰਤੀ ਖੇਤੀ ਕਰਨ ਲਈ ਹੱਲਾਸ਼ੇਰੀ ਦੇ ਰਹੀ ਹੈ। ਇਸ ਲਈ ਸਰਕਾਰ ਨੇ ਵੱਖਰਾ ਬਜਟ ਵੀ ਬਣਾਇਆ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਾ ਛੱਡਣ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਗਤੀਵਿਧੀਆਂ ਵਿੱਚ ਵਰਤਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦਾ ਵਧੀਆ ਪਾਲਣ ਪੋਸ਼ਣ ਕਰਨ।