For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਕਿਸਾਨਾਂ ਨੂੰ ਰਾਹ ’ਚ ਰੋਕਿਆ

09:11 AM Oct 19, 2024 IST
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਕਿਸਾਨਾਂ ਨੂੰ ਰਾਹ ’ਚ ਰੋਕਿਆ
ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ। -ਫੋਟੋ: ਵਿੱਕੀ ਘਾਰੂ
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਅਕਤੂਬਰ
ਸੰਯੁਕਤ ਕਿਸਾਨ ਮੋਰਚਾ, ਸ਼ੈੱਲਰ ਮਾਲਕਾਂ, ਆੜ੍ਹਤੀ ਐਸੋਸੀਏਸ਼ਨਾਂ, ਅਨਾਜ ਮੰਡੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਝੋਨੇ ਦੀ ਖ਼ਰੀਦ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀਆਂ ਸਾਂਝੀਆਂ ਹੱਦਾਂ ’ਤੇ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਕਿਸਾਨ ਮੁਹਾਲੀ ਵਿੱਚ ਫੇਜ਼-2, ਫੇਜ਼-6, ਮਦਨਪੁਰ ਚੌਕ, ਨੇਚਰ ਪਾਰਕ ਫੇਜ਼-9 (ਬੁੜੈਲ ਜੇਲ੍ਹ ਦੇ ਪਿੱਛੇ) ਸਮੇਤ ਮੁਹਾਲੀ ਏਅਰਪੋਰਟ ਸੜਕ ’ਤੇ ਲਾਲ ਬੱਤੀ ਪੁਆਇੰਟ ਨੇੜੇ ਧਰਨੇ ਲਗਾ ਕੇ ਬੈਠ ਗਏ। ਬੁਲਾਰਿਆਂ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਨੂੰ ਮਿਲੇ ਬਿਨਾਂ ਚਲੇ ਜਾਣ ਦਾ ਦੋਸ਼ ਲਾਇਆ।
ਇਸੇ ਦੌਰਾਨ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬੋਘ ਸਿੰਘ ਮਾਨਸਾ ਅਤੇ ਹੋਰ ਕਈ ਕਿਸਾਨਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਪੁਲੀਸ ਨੇ ਜ਼ਬਰਦਸਤੀ ਆਪਣੀ ਬੱਸ ਵਿੱਚ ਬਿਠਾ ਕੇ ਨਜ਼ਰਬੰਦ ਕਰ ਲਿਆ। ਬੱਸ ਵਿੱਚ ਡੱਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਭਲਕੇ 19 ਅਕਤੂਬਰ ਨੂੰ ਸ਼ਾਮ 4 ਵਜੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ ਪਰ ਫਿਲਹਾਲ ਕਿਸਾਨ ਧਰਨੇ ’ਤੇ ਡਟੇ ਹੋਏ ਹਨ। ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਤੇਜਿੰਦਰ ਸਿੰਘ ਪੂਨੀਆ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਗੁਰਦੁਆਰਾ ਸਾਹਿਬ ਮਟੌਰ ਤੋਂ ਲੰਗਰ-ਪਾਣੀ ਲੈ ਕੇ ਕਿਸਾਨ ਭਵਨ ਪੁੱਜਿਆ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਲੰਗਰ ਪਰੋਸਿਆ ਗਿਆ।

Advertisement

ਪੁਲੀਸ ਵੱਲੋਂ ਕਿਸਾਨਾਂ ਨਾਲ ਖਿੱਚ-ਧੂਹ

ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਡਾ) ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸਾਥੀਆਂ ਨਾਲ ਛੱਤ ਨੇੜੇ ਪੁਲੀਸ ਵੱਲੋਂ ਕਾਫ਼ੀ ਖਿੱਚ ਧੂਹ ਕੀਤੀ ਗਈ, ਜਿਸ ਕਾਰਨ ਧਨੇਰ ਦੀ ਪੱਗ ਵੀ ਲੱਥ ਗਈ। ਕਿਸਾਨਾਂ ਨੇ ਪੁਲੀਸ ’ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਦੇ ਵੀ ਦੋਸ਼ ਲਾਏ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਜ਼ਬਰਦਸਤੀ ਬੱਸਾਂ ਵਿੱਚ ਬਿਠਾ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਬੱਸਾਂ ਤੋਂ ਥੱਲੇ ਉੱਤਰ ਕੇ ਮੁੜ ਧਰਨੇ ’ਤੇ ਬੈਠ ਗਏ।

Advertisement

Advertisement
Author Image

sukhwinder singh

View all posts

Advertisement