For the best experience, open
https://m.punjabitribuneonline.com
on your mobile browser.
Advertisement

ਕਿਸਾਨ ਪੰਜਾਬ ਵਿਧਾਨ ਸਭਾ ਵੱਲ ਅੱਜ ਕਰਨਗੇ ਮਾਰਚ

07:34 AM Sep 02, 2024 IST
ਕਿਸਾਨ ਪੰਜਾਬ ਵਿਧਾਨ ਸਭਾ ਵੱਲ ਅੱਜ ਕਰਨਗੇ ਮਾਰਚ
ਟਰੈਕਟਰ ਟਰਾਲੀਆਂ ਲੈ ਕੇ ਸੈਕਟਰ-34 ਦੇ ਦਸਹਿਰਾ ਗਰਾਊਂਡ ਵਿਚ ਪੁੱਜੇ ਕਿਸਾਨ। -ਫੋਟੋ: ਪ੍ਰਦੀਪ ਤਿਵਾੜੀ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 1 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ, ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਚਲੇ ਦਸਹਿਰਾ ਗਰਾਊਂਡ ਵਿਚ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਸ਼ੁਰੂ ਕਰ ਦਿੱਤਾ ਹੈ। ਕਿਸਾਨ-ਖੇਤ ਮਜ਼ਦੂਰ ਯੂਨੀਅਨਾਂ ਨੇ ਭਲਕੇ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੇ ਭਲਕ ਦਾ ਰੋਸ ਮਾਰਚ ਰੱਦ ਕਰਨ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਅੱਜ ਬੈਠਕ ਵੀ ਕੀਤੀ ਜੋ ਬੇਸਿੱਟਾ ਰਹੀ ਤੇ ਕਿਸਾਨ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਆਪਣੇ ਫੈਸਲੇ ’ਤੇ ਬਜ਼ਿੱਦ ਰਹੇ। ਮੋਰਚੇ ਦੇ ਪਹਿਲੇ ਦਿਨ ਪੰਜਾਬ ਭਰ ਤੋਂ ਨੌਜਵਾਨਾਂ, ਬਜ਼ੁਰਗਾਂ ਤੇ ਔਰਤਾਂ ਦੇ ਵੱਡੇ-ਵੱਡੇ ਕਾਫਲੇ ਚੰਡੀਗੜ੍ਹ ਪਹੁੰਚ ਗਏ ਹਨ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪੰਜ ਦਿਨਾਂ ਮੋਰਚੇ ਲਈ ਰਾਸ਼ਨ-ਪਾਣੀ ਤੇ ਹੋਰ ਸਾਮਾਨ ਵੀ ਲਿਆਂਦਾ ਗਿਆ ਹੈ। ਚੰਡੀਗੜ੍ਹ ਵਿੱਚ ‘ਖੇਤੀ ਨੀਤੀ ਮੋਰਚੇ’ ਦੇ ਪਹਿਲੇ ਦਿਨ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਮਹਿਲਾ ਆਗੂ ਹਰਿੰਦਰ ਬਿੰਦੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ। ਕਿਸਾਨ-ਮਜ਼ਦੂਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਖੇਤੀ ਨੀਤੀ ਤਿਆਰ ਕਰਨ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਭਰੋਸੇ ਦਿੱਤੇ ਜਾਂਦੇ ਸਨ। ਸੱਤਾ ਵਿੱਚ ਆਉਂਦੇ ਹੀ ‘ਆਪ’ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ 2 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਖੁਦਕੁਸ਼ੀ ਪੀੜਤਾਂ ਦੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਵਿਧਾਨ ਸਭਾ ਵੱਲ ਮਾਰਚ ਕਰਕੇ ਖੇਤੀ ਨੀਤੀ ਸਮੇਤ ਹੋਰ ਭਖਦੀਆਂ ਕਿਸਾਨ ਮਜ਼ਦੂਰ ਮੰਗਾਂ ਦਾ ਯਾਦ ਪੱਤਰ ਮੁੱਖ ਮੰਤਰੀ ਤੋਂ ਇਲਾਵਾ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨੂੰ ਸੌਂਪਣਗੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਸੈਕਟਰ 34 ਦੇ ਦਸਹਿਰਾ ਗਰਾਊਂਡ ਵਿਚ ਸ਼ਾਮਿਆਨਾ ਲਾਉਣ ਦੀ ਤਿਆਰੀ ਕਰਦੇ ਹੋੋਏ। -ਫੋਟੋ: ਪ੍ਰਦੀਪ ਤਿਵਾੜੀ

ਕਿਸਾਨ-ਮਜ਼ਦੂਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲਈ ਸੱਦੀ ਮੀਟਿੰਗ ਰੱਦ ਕਰਨ ਬਾਰੇ ਕਿਹਾ ਕਿ ਮੁੱਖ ਮੰਤਰੀ ਨੇ ਮੀਟਿੰਗ ਦਾ ਸੱਦਾ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਥਾਂ ਮੋਰਚੇ ਨੂੰ ਸਾਬੋਤਾਜ ਕਰਨ ਦੇ ਇਰਾਦੇ ਨਾਲ ਦਿੱਤਾ ਸੀ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ’ਚੋਂ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਤੇ ਸੂਦਖੋਰਾਂ ਦੀ ਜਕੜ ਖ਼ਤਮ ਕਰਨ, ਕਿਸਾਨਾਂ ਮਜ਼ਦੂਰਾਂ ਦੀ ਜ਼ਮੀਨੀ ਤੋਟ ਦੂਰ ਕਰਨ, ਰੁਜ਼ਗਾਰ ਗਾਰੰਟੀ, ਰਸਾਇਣਾਂ ਮੁਕਤ ਫ਼ਸਲੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ, ਮਜ਼ਦੂਰਾਂ ਕਿਸਾਨਾਂ ਤੇ ਔਰਤਾਂ ਸਿਰ ਚੜਿਆ ਕਰਜ਼ਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਨਸ਼ਿਆਂ ਦਾ ਖਾਤਮਾ ਕਰਨ, ਸਾਰੀਆਂ ਫਸਲਾਂ ਦੇ ਲਾਹੇਵੰਦ ਭਾਅ ਤੇ ਸਰਕਾਰੀ ਖਰੀਦ ਦੀ ਗਾਰੰਟੀ ਆਦਿ ਮੰਗਾਂ ਦੀ ਪੂਰਤੀ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ। ਉਧਰ ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ ਵੀ ਕਿਸਾਨਾਂ ਦਾ ਵੱਡਾ ਇਕੱਠ ਹੋਣ ਦਾ ਖਦਸ਼ਾ ਜਤਾਉਂਦਿਆਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਚੰਡੀਗੜ੍ਹ ਪੁਲੀਸ ਨੇ ਸੈਕਟਰ-34 ਦੇ ਦਸਹਿਰਾ ਗਰਾਊਂਡ ਨੂੰ ਚਾਰੋਂ ਪਾਸਿਓਂ ਘੇਰਿਆ ਹੋਇਆ ਹੈ। ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੇ ਨਾਲ ਆਵਾਜਾਈ ਪ੍ਰਬੰਧਾਂ ਨੂੰ ਵੀ ਸੁਚਾਰੂ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ।

Advertisement

ਚੰਡੀਗੜ੍ਹ ਦੇ ਸੈਕਟਰ 34 ਵਿੱਚ ਐਤਵਾਰ ਨੂੰ ਲੰਗਰ ਤਿਆਰ ਕਰਦੇ ਹੋਏ ਪ੍ਰਦਰਸ਼ਨਕਾਰੀ ਕਿਸਾਨ। -ਫੋਟੋ: ਪ੍ਰਦੀਪ ਤਿਵਾੜੀ

ਐੱਸਏਐੱਸ ਨਗਰ(ਪੱਤਰ ਪ੍ਰੇਰਕ): ਪੰਜਾਬ ਦੇ ਕਿਸਾਨ ਭਲਕੇ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਬਿਲਕੁਲ ਸਾਹਮਣੇ ਗਰਾਊਂਡ ਵਿੱਚ ਮਹਾ-ਪੰਚਾਇਤ ਲਈ ਰਵਾਨਾ ਹੋਣ ਤੋਂ ਪਹਿਲਾਂ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪੁੱਡਾ ਗਰਾਊਂਡ ਵਿੱਚ ਇਕੱਠੇ ਹੋਣਗੇ। ਇੱਥੋਂ ਵੱਡੇ ਕਾਫ਼ਲੇ ਦੇ ਰੂਪ ਵਿੱਚ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ ਜਦੋਂਕਿ ਕੁਝ ਕਿਸਾਨ ਜਥੇਬੰਦੀਆਂ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਇਕੱਠੇ ਹੋਣ ਦਾ ਪ੍ਰੋਗਰਾਮ ਉਲੀਕਿਆ ਹੈ। ਇੱਥੋਂ ਵੀ ਕਿਸਾਨ ਵੱਡੇ ਕਾਫ਼ਲੇ ਰਾਹੀਂ ਟਰੈਕਟਰ ਟਰਾਲੀਆਂ ਵਿੱਚ ਸਵਾਰ ਹੋ ਕੇ ਚੰਡੀਗੜ੍ਹ ’ਚ ਰੈਲੀ ਵਾਲੀ ਥਾਂ ’ਤੇ ਪਹੁੰਚਣਗੇ। ਇਹ ਵੀ ਪਤਾ ਲੱਗਾ ਹੈ ਕਿ ਕੁਝ ਕਿਸਾਨ ਜਥੇਬੰਦੀਆਂ ਦੇ ਮੈਂਬਰ ਮੁਹਾਲੀ ਰੁਕਣ ਦੀ ਥਾਂ ਸਿੱਧਾ ਸੈਕਟਰ-34 ਪਹੁੰਚਣਗੇ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਮਹਾਪੰਚਾਇਤ ਅੱਜ

ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਕਿਸਾਨੀ ਤੇ ਪੰਜਾਬ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਭਲਕੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਚੰਡੀਗੜ੍ਹ ਦੇ ਸੈਕਟਰ-34 ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਬਿਲਕੁਲ ਸਾਹਮਣੇ ਗਰਾਊਂਡ ਵਿੱਚ ਕਿਸਾਨ ਮਹਾਪੰਚਾਇਤ ਕਰਨਗੀਆਂ। ਇਸ ਮਹਾਪੰਚਾਇਤ ਵਿੱਚ ਪੰਜਾਬ ਦੀ ਖੇਤੀ ਆਰਥਿਕਤਾ ਅਤੇ ਪਾਣੀ ਦੇ ਸੰਕਟ ਨਾਲ ਜੁੜੇ ਮਸਲਿਆਂ ਨੂੰ ਉਭਾਰਿਆ ਜਾਵੇਗਾ ਅਤੇ ਪੰਜਾਬ ਸਰਕਾਰ ਤੋਂ ਇਨ੍ਹਾਂ ਦਾ ਠੋਸ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ।

Advertisement
Tags :
Author Image

Advertisement