ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੂੰ ਹਰਿਆਣਾ ਵਿੱਚ ਘੇਰਨਗੇ ਕਿਸਾਨ

08:52 AM Aug 28, 2024 IST
ਸ਼ੰਭੂ ਬਾਰਡਰ ’ਤੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਕਿਸਾਨ। -ਫੋਟੋ: ਪੰਜਾਬੀ ਟ੍ਰਿਬਿਊਨ

ਆਤਿਸ਼ ਗੁਪਤਾ
ਚੰਡੀਗੜ੍ਹ, 27 ਅਗਸਤ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਵਿੱਢਿਆ ਹੋਇਆ ਹੈ। ਕਿਸਾਨਾਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਭਾਜਪਾ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਘੇਰਨ ਦੀ ਵਿਉਂਤਬੰਦੀ ਕਰ ਲਈ ਹੈ। ਦੂਜੇ ਪਾਸੇ ਇਸ ਅੰਦੋਲਨ ਦੇ 200 ਦਿਨ ਮੁਕੰਮਲ ਹੋਣ ’ਤੇ 31 ਅਗਸਤ ਨੂੰ ਕਿਸਾਨਾਂ ਨੇ ਸ਼ੰਭੂ ਬਾਰਡਰ ’ਤੇ ਇਕੱਠ ਸੱਦਿਆ ਹੈ ਜਿਸ ਲਈ ਕਿਸਾਨ ਕਾਫਲਿਆਂ ਵਿਚ ਪੁੱਜ ਰਹੇ ਹਨ। ਇਸ ਇਕੱਠ ਵਿੱਚ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਘੇਰਾਬੰਦੀ ਲਈ 15 ਸਤੰਬਰ ਨੂੰ ਜੀਂਦ ਤੇ 22 ਸਤੰਬਰ ਨੂੰ ਪਿਪਲੀ ਵਿੱਚ ਵੱਡੇ ਇਕੱਠ ਕੀਤੇ ਜਾਣਗੇ।
ਜਾਣਕਾਰੀ ਅਨੁਸਾਰ 31 ਅਗਸਤ 2024 ਨੂੰ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਵੱਡੇ ਇਕੱਠ ਕਰਨ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਸੱਦੇ ’ਤੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਕਾਫਲਿਆਂ ਨੇ ਸ਼ੰਭੂ ਬਾਰਡਰ ਵੱਲ ਚਾਲੇ ਵੀ ਪਾ ਲਏ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਇਕੱਠ ਚੋਣਾਂ ਵਿੱਚ ਭਾਜਪਾ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਇਸੇ ਲਈ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਹਾਲਾਂਕਿ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਹੋਏ ਬਿਨਾਂ ਪਿਛੇ ਹਟਣ ਲਈ ਤਿਆਰ ਨਹੀਂ ਹਨ। ਦੂਜੇ ਪਾਸੇ ਪੰਜਾਬ ਤੇ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਕੀਤੀਆਂ ਗਈਆਂ ਦੋ ਮੀਟਿੰਗਾਂ ਵਿੱਚ ਵੀ ਕੋਈ ਨਤੀਜਾ ਨਹੀਂ ਨਿਕਲ ਸਕਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਭਾਜਪਾ ਇਸ ਸੰਘਰਸ਼ ਨੂੰ ਕੋਝੀਆਂ ਚਾਲਾਂ ਰਾਹੀਂ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ ਅਤੇ ਉਹ ਦਿੱਲੀ ਜਾਣਾ ਚਾਹੁੰਦਾ ਹੈ। ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਜਬਰੀ ਰੋਕਿਆ ਗਿਆ ਹੈ, ਪਰ ਕਿਸਾਨ ਪਿੱਛੇ ਹਟਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ 15 ਸਤੰਬਰ ਨੂੰ ਜੀਂਦ ਅਤੇ 22 ਸਤੰਬਰ ਨੂੰ ਪੀਪਲੀ ਵਿੱਚ ਵੱਡੇ ਇਕੱਠ ਕੀਤੇ ਜਾਣਗੇ ਜਿੱਥੇ ਹਰਿਆਣਾ ਦੇ ਕਿਸਾਨਾਂ ਨੂੰ ਵੀ ਕੇਂਦਰ ਵਿੱਚ ਕਾਬਜ਼ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਭਾਜਪਾ ਦੀਆਂ ਚਾਲਾਂ ਵਿੱਚ ਆਉਣ ਵਾਲਾ ਨਹੀਂ ਹੈ। ਜੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ ਹੈ ਤਾਂ ਕੇਂਦਰ ਸਰਕਾਰ ਦੇ ਕਿਸੇ ਵਜ਼ੀਰ ਨੂੰ ਅੱਗੇ ਆ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਏ ਬਿਨਾਂ ਪਿਛੇ ਨਹੀਂ ਹਟਣਗੇ।

Advertisement

Advertisement