ਮਾਈਨਰਾਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
ਪੱਤਰ ਪ੍ਰੇਰਕ
ਬਨੂੜ, 11 ਜੂਨ
ਬਨੂੜ ਨਹਿਰ ਵਿੱਚੋਂ ਨਿਕਲਦੇ ਮਾਈਨਰਾਂ ਦੀ ਸਫ਼ਾਈ ਨਾ ਹੋਣ ਕਾਰਨ ਇਲਾਕੇ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ। ਮਾਈਨਰਾਂ ਵਿਚ ਉੱਗੇ ਹੋਏ ਘਾਹ, ਫੂਸ ਕਾਰਨ ਮਾਈਨਰ ਦਿਸਣੋਂ ਵੀ ਬੰਦ ਹੋ ਗਏ ਹਨ। ਕਿਸਾਨ ਹਰਜੀਤ ਸਿੰਘ ਢਿੱਲੋਂ, ਦਲਜੀਤ ਸਿੰਘ, ਗੁਰਜਿੰਦਰ ਸਿੰਘ, ਹਰਜਿੰਦਰ ਸਿੰਘ, ਮੇਹਰ ਸਿੰਘ, ਗੁਰਵਿੰਦਰ ਸਿੰਘ ਰਾਮਪੁਰ ਸਾਬਕਾ ਸਰਪੰਚ, ਗੁਰਜੀਤ ਸਿੰਘ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਬਨੂੜ ਨਹਿਰ ‘ਚੋਂ ਨਿਕਲਦੇ ਮਾਈਨਰਾਂ ਦੀ ਸਾਫ ਸਫਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਕਿਸਾਨਾਂ ਨੂੰ ਫਸਲਾਂ ਦੀ ਸਿੰਜਾਈ ਲਈ ਪਾਣੀ ਦੀ ਜ਼ਰੂਰਤ ਘੱਟ ਹੁੰਦੀ ਹੈ, ਇਸ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਰਦੀਆਂ ਦੇ ਮੌਸਮ ਵਿੱਚ ਨਹਿਰ ‘ਚੋਂ ਨਿਕਲਦੇ ਮਾਈਨਰਾਂ ਦੀ ਸਫਾਈ ਕਰਵਾਉਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪ੍ਰੇਸ਼ਾਨੀ ਨਾ ਪੇਸ਼ ਆਵੇ। ਇੱਕਤਰ ਹੋਏ ਕਿਸਾਨਾਂ ਨੇ ਸੂਬਾ ਸਰਕਾਰ ਅਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਾਈਨਰਾਂ ਦੀ ਸਫ਼ਾਈ ਜਲਦੀ ਕਰਵਾਉਣ ਦੀ ਮੰਗ ਕੀਤੀ ਹੈ।