ਕਿਸਾਨਾਂ ਦਾ ਵਿਧਾਇਕ ਦੀ ਕੋਠੀ ਅੱਗੇ ਪੱਕਾ ਮੋਰਚਾ ਜਾਰੀ
ਪੱਤਰ ਪ੍ਰੇਰਕ
ਭੁੱਚੋ ਮੰਡੀ, 29 ਜੂਨ
ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਆਪ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਅੱਗੇ ਫਸਲੀ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿੰਡ ਗਿੱਦੜ ਦੀਆਂ ਤਿੰਨ ਕਿਸਾਨ ਜੱਥੇਬੰਦੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ, ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਰੁਖੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਅਤੇ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਝੱਖੜ ਅਤੇ ਗੜੇਮਾਰੀ ਕਾਰਨ ਖਰਾਬ ਹੋਈ ਕਣਕ ਦੀ ਪੱਕੀ ਫਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਪਿਛਲੇ ਮਹੀਨੇ ਤੋਂ ਲਗਾਤਾਰ ਮੋਰਚਾ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਨੇ ਕਿਸਾਨਾਂ ਦੀ ਮੰਗ ਤਾਂ ਪੂਰੀ ਕੀ ਕਰਵਾਉਣੀ ਸੀ, ਸਗੋਂ ਉਹ ਤਿੰਨ ਦਿਨਾਂ ਤੋਂ ਆਪਣੇ ਘਰ ਹੀ ਨਹੀਂ ਆਏ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਅਤੇ ਪ੍ਰਸ਼ਾਸਨ ਨੇ ਜਲਦੀ ਕਿਸਾਨਾਂ ਦੀ ਮੰਗ ਪੂਰੀ ਨਾ ਕੀਤੀ, ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।