ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਫ਼ਾਜ਼ਿਲਕਾ ਦਾ ਐੱਸਐੱਸਪੀ ਮੁਅੱਤਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਈ
Punjab news ਫਾਜ਼ਿਲਕਾ ਵਿਚ ਫੋਨ ਵਿਚਲੇ ਕੁਝ ਵੀਡੀਓਜ਼ ਲਈ ਨਾਬਾਲਗ ਲੜਕੇ ਤੋਂ ਰਿਸ਼ਵਤ ਲੈਣ ਵਾਲੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪੰਜਾਬ ਸਰਕਾਰ ਨੇ ਅੱਜ ਇਸੇ ਵੱਢੀ ਕੇਸ ਵਿਚ ਫ਼ਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ।
ਬੁਲਾਰੇ ਨੇ ਕਿਹਾ ਕਿ ਚਾਰ ਪੁਲੀਸ ਮੁਲਾਜ਼ਮਾਂ ਨਾਲ ਜੁੜੇ ਰਿਸ਼ਵਤਖੋਰੀ ਮਾਮਲੇ ਦੀ ਜਾਂਚ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਚਾਰ ਪੁਲੀਸ ਮੁਲਾਜ਼ਮਾਂ ਦੀ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ। ਉਨ੍ਹਾਂ ਭ੍ਰਿਸ਼ਟਾਚਾਰ ਪ੍ਰਤੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ’ਤੇ ਜ਼ੋਰ ਦਿੱਤਾ ਸੀ।
ਇਹ ਘੁਟਾਲਾ ਉਦੋਂ ਸਾਹਮਣੇ ਆਇਆ ਜਦੋਂ ਫਾਜ਼ਿਲਕਾ ਰਹਿੰਦੇ ਇਕ ਵਿਅਕਤੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਫਾਜ਼ਿਲਕਾ ਦੇ ਸਾਈਬਰ ਕ੍ਰਾਈਮ ਪੁਲੀਸ ਥਾਣੇ ਦੇ ਉਨ੍ਹਾਂ ਪੁਲੀਸ ਮੁਲਾਜ਼ਮਾਂ ਵਿਰੁੱਧ ਸਬੂਤ ਪੇਸ਼ ਕੀਤੇ ਜਿਨ੍ਹਾਂ ਨੇ ਨਾਬਾਲਗ ਦਾ ਫ਼ੋਨ ਜ਼ਬਤ ਕਰਨ ਨਾਲ ਸਬੰਧਤ ਸ਼ਿਕਾਇਤ ਦੇ ਨਿਬੇੜੇ ਲਈ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਪਰਿਵਾਰ ਵੱਲੋਂ ਕਾਨੂੰਨੀ ਤਰੀਕਿਆਂ ਨਾਲ ਮਸਲੇ ਨੂੰ ਹੱਲ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਅੰਤ ਵਿੱਚ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀਆਂ ਵਿੱਚ ਸਟੇਸ਼ਨ ਹਾਊਸ ਅਫਸਰ (SHO), ਇੱਕ ਰੀਡਰ ਅਤੇ ਦੋ ਕਾਂਸਟੇਬਲ ਸ਼ਾਮਲ ਹਨ।