For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਤੋਂ ਰੋਕੇ ਜਾਣ ਦਾ ਖਦਸ਼ਾ

08:44 AM May 02, 2024 IST
ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਤੋਂ ਰੋਕੇ ਜਾਣ ਦਾ ਖਦਸ਼ਾ
ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਸਨਮਾਨ ਕਰਦੇ ਹੋਏ ਫੈਡਰੇਸ਼ਨ ਆਗੂ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਮਈ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣ ਲੜਨ ਤੋਂ ਰੋਕ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਇਸੇ ਨੀਤੀ ਤਹਿਤ ਚੋਣ ਪ੍ਰਚਾਰ ਮੁਹਿੰਮ ਲਈ ਬਣਾਏ ਗਏ ਵਟਸਐਪ ਗਰੁੱਪ ਬਲਾਕ ਕਰ ਦਿੱਤੇ ਹਨ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਇਸ ਸਬੰਧੀ ਜਾਰੀ ਇੱਕ ਬਿਆਨ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੂੰ ਲਿਖਿਆ ਕਿ ਸਰਕਾਰਾਂ ਨੇ ਉਨ੍ਹਾਂ ਵੱਲੋਂ ਬਣਾਏ ਗਏ ਵਟਸਐਪ ਗਰੁੱਪ ਦੇ ਐਡਮਿਨਾਂ ਦੇ ਨੰਬਰ ਅਤੇ ਵਟਸਐਪ ਗਰੁੱਪ ਬੰਦ ਕਰ ਦਿੱਤੇ ਹਨ ਜਿਨ੍ਹਾਂ ਨੂੰ ਤੁਰੰਤ ਚਾਲੂ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਿੰਨੇ ਵੀ ਕੇਸ ਦਰਜ ਹਨ, ਉਹ ਪ੍ਰਸ਼ਾਸਨ ਰਾਹੀਂ ਜਨਤਕ ਕਰਵਾਏ ਜਾਣ।
ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਇਹ ਗਰੁੱਪ ਕੇਂਦਰ ਸਰਕਾਰ ਨੇ ਬੰਦ ਕਰਵਾਏ ਹਨ ਜਾਂ ਸੂਬਾ ਸਰਕਾਰ ਨੇ ਪਰ ਉਨ੍ਹਾਂ ਲਈ ਸਮੁੱਚਾ ਸਰਕਾਰੀ ਤੰਤਰ ਇੱਕੋ ਜਿਹਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਵਾਸਤੇ ਉਨ੍ਹਾਂ ਸੰਸਦੀ ਹਲਕੇ ਹੇਠ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਲਈ ਵਟਸਐਪ ਗਰੁੱਪ ਬਣਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਗਰੁੱਪ ਦੇ ਐਡਮਿਨ ਦਾ ਨੰਬਰ ਅਤੇ ਹੋਰ ਸਮਰਥਨ ਕਰਨ ਵਾਲੇ ਸਿੱਖਾਂ ਦੇ ਨੰਬਰਾਂ ’ਤੇ ਚੱਲ ਰਹੇ ਵਟਸਐਪ ਬਲਾਕ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚੋਣ ਪ੍ਰਚਾਰ ਮੁਹਿੰਮ ਵਿੱਚ ਅੜਿੱਕੇ ਖੜੇ ਕਰ ਰਹੀ ਹੈ। ਚੋਣਾਂ ਵਿੱਚ ਹਰ ਉਮੀਦਵਾਰ ਨੂੰ ਬਰਾਬਰ ਦਾ ਮੌਕਾ ਮਿਲਣਾ ਚਾਹੀਦਾ ਹੈ ਪਰ ਸਰਕਾਰ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਲਈ ਚੋਣ ਇੰਚਾਰਜ ਬਣਾਈ ਗਈ ਬੀਬੀ ਪਰਮਜੀਤ ਕੌਰ ਖਾਲੜਾ ਨੇ ਵੀ ਦਾਅਵਾ ਕੀਤਾ ਕਿ ਉਸ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦਿੱਤੇ ਗਏ ਹਨ।

Advertisement

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਹਮਾਇਤ ਦਾ ਐਲਾਨ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸਿੱਖ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਪੰਥਕ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਮੁਖੀ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਇਸ ਵਾਰ ਖਾਲਸਾ ਪੰਥ ਅਤੇ ਪੰਜਾਬ ਵਾਸੀਆਂ ਨੂੰ ਸ਼ਾਨਦਾਰ ਇਤਿਹਾਸ ਸਿਰਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਸਤੇ ਲੋਕ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ, ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ, ਫ਼ਰੀਦਕੋਟ ਤੋਂ ਸਰਬਜੀਤ ਸਿੰਘ ਮਲੋਆ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ (ਸਪੁੱਤਰ ਸ਼ਹੀਦ ਭਾਈ ਰਛਪਾਲ ਸਿੰਘ ਛੰਦੜਾ), ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਗੁਰਦਾਸਪੁਰ ਤੋਂ ਗੁਰਿੰਦਰ ਸਿੰਘ ਬਾਜਵਾ ਤੇ ਬਠਿੰਡਾ ਤੋਂ ਲਖਬੀਰ ਸਿੰਘ ਲੱਖਾ ਸਿਧਾਣਾ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ, ਇਸੇ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਉਮੀਦਵਾਰਾਂ ਨੂੰ ਜਿਤਾਉਣ ਦੀ ਲੋੜ ਹੈ।

Advertisement
Author Image

joginder kumar

View all posts

Advertisement
Advertisement
×