ਖ਼ੈਬਰ ਪਖ਼ਤੂਨਖਵਾ ’ਚ ਫਿਦਾਈਨ ਹਮਲਾ, 12 ਸੁਰੱਖਿਆ ਕਰਮੀ ਹਲਾਕ
ਪਿਸ਼ਾਵਰ, 20 ਨਵੰਬਰ
ਪਾਕਿਸਤਾਨ ਦੇ ਉੱਤਰ-ਪੱਛਮੀ ਅਸ਼ਾਂਤ ਸੂਬੇ ਖ਼ੈਬਰ ਪਖ਼ਤੂਨਖਵਾ ’ਚ ਫਿਦਾਈਨ ਹਮਲਾਵਰ ਵੱਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਵਾਹਨ ਸਾਂਝੀ ਚੈੱਕ ਪੋਸਟ ’ਚ ਟਕਰਾਉਣ ਕਾਰਨ 12 ਸੁਰੱਖਿਆ ਕਰਮੀ ਹਲਾਕ ਹੋ ਗਏ। ਫੌਜ ਨੇ ਦੱਸਿਆ ਕਿ ਇਸ ਮਗਰੋਂ ਹੋਏ ਮੁਕਾਬਲੇ ’ਚ ਛੇ ਦਹਿਸ਼ਤਗਰਦ ਮਾਰੇ ਗਏ। ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਸ ਨੇ ਕਿਹਾ ਕਿ ਦਹਿਸ਼ਤਗਰਦਾਂ ਨੇ ਮੰਗਲਵਾਰ ਦੇਰ ਰਾਤ ਬੰਨੂ ਜ਼ਿਲ੍ਹੇ ਦੇ ਮਾਲੀਖੇਲ ਇਲਾਕੇ ’ਚ ਸਾਂਝੀ ਜਾਂਚ ਚੌਕੀ ’ਤੇ ਹਮਲਾ ਕਰਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਨਾਕਾਮ ਬਣਾ ਦਿੱਤਾ ਗਿਆ। ਧਮਾਕੇ ਕਾਰਨ ਕੰਧ ਦਾ ਇਕ ਹਿੱਸਾ ਡਿੱਗ ਗਿਆ ਅਤੇ ਨਾਲ ਲਗਦੇ ਢਾਂਚੇ ਨੂੰ ਨੁਕਸਾਨ ਪਹੁੰਚਿਆ ਜਿਸ ਕਾਰਨ ਸੁਰੱਖਿਆ ਬਲਾਂ ਦੇ 10 ਅਤੇ ਫਰੰਟੀਅਰ ਕਾਂਸਟੇਬੁਲਰੀ ਦੇ ਦੋ ਜਵਾਨਾਂ ਸਮੇਤ 12 ਸੁਰੱਖਿਆ ਕਰਮੀਆਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ’ਚ ਕਰਫ਼ਿਊ ਲਗਾ ਕੇ ਦਹਿਸ਼ਤਗਰਦਾਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਹਮਲਾ ਉਸ ਸਮੇਂ ਹੋਇਆ ਹੈ, ਜਦੋਂ ਇਕ ਦਿਨ ਪਹਿਲਾਂ ਸਰਕਾਰ ਨੇ ਬਲੂਚਿਸਤਾਨ ’ਚ ਦਹਿਸ਼ਤੀ ਜਥੇਬੰਦੀਆਂ ਖ਼ਿਲਾਫ਼ ਕਾਰਵਾਈ ਨੂੰ ਮਨਜ਼ੂਰੀ ਦਿੱਤੀ ਹੈ। ਅਖ਼ਬਾਰ ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਸੰਘੀ ਮੰਤਰੀਆਂ ਤੋਂ ਇਲਾਵਾ ਸੂਬਿਆਂ ਦੇ ਮੁੱਖ ਮੰਤਰੀ, ਥਲ ਸੈਨਾ ਮੁਖੀ ਜਨਰਲ ਸਈਅਦ ਆਸਿਮ ਮੁਨੀਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। -ਪੀਟੀਆਈ