ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਆਤਿਸ਼ ਗੁਪਤਾ
ਚੰਡੀਗੜ੍ਹ, 2 ਅਪਰੈਲ
ਪੰਜਾਬ ਦੇ ਵਿੱਤ ਯੋਜਨਾ ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਚੀਮਾ ਨੇ ਲੋਕ ਸੇਵਾ ਵਿੱਚ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ਦੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ।
ਸ੍ਰੀ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ ਹੈ। ਇਹ ਨਿਯੁਕਤੀਆਂ ਵਿਭਾਗ ਨੂੰ ਸਮਰੱਥ ਅਤੇ ਮਿਹਨਤੀ ਕਰਮਚਾਰੀਆਂ ਦੀ ਨਿਯੁਕਤੀ ਨਾਲ ਮਜ਼ਬੂਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਜੋ ਪ੍ਰਭਾਵਸ਼ਾਲੀ ਮਾਲੀਆ ਉਗਰਾਹੀ ਅਤੇ ਪ੍ਰਬੰਧਨ ਵਿੱਚ ਸਹਾਈ ਹੋਣਗੇ।