ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਸਤੰਬਰ
ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਮੁੜ ਸ਼ੁਰੂ ਹੋਣ ’ਤੇ ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ ਲਾਉਣ ਦੇ ਆਦੇਸ਼ ਦਿੱਤੇ ਹਨ। ਪ੍ਰਦੂਸ਼ਣ ਬੋਰਡ ਐਕਸੀਅਨ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਨੌਂ ਥਾਈਂ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਮਿਲੀ ਸੀ, ਜਿਸ ’ਤੇ ਤੁਰੰਤ ਘਟਨਾਵਾਂ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਗਿਆ ਅਤੇ ਛੇ ਥਾਵਾਂ ’ਤੇ ਅੱਗ ਲੱਗਣ ਦੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੇ ਤਿੰਨ ਕੇਸਾਂ ਵਿੱਚੋਂ ਇੱਕ ਕੇਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਬੰਧਿਤ ਕਿਸਾਨ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ ਬਾਕੀ ਕੇਸਾਂ ’ਤੇ ਕਾਰਵਾਈ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਗੈਰ-ਕੁਦਰਤੀ ਵਰਤਾਰੇ ਨੂੰ ਸਖਤੀ ਨਾਲ ਨੱਥ ਪਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜ਼ਿਲ੍ਹੇ ਦੇ ਐੱਸਡੀਐੱਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ’ਚ ਉਨ੍ਹਾਂ ਕਿਹਾ ਕਿ ਹਰੇਕ ਐੱਸਡੀਐੱਮ ਆਪਣੇ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਟੀਮ ਦਾ ਆਗੂ ਬਣ ਕੇ ਕੰਮ ਕਰੇ। ਉਨ੍ਹਾਂ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਮਾਲ ਵਿਭਾਗ ਦੇ ਹੋਰ ਅਧਿਕਾਰੀ, ਖੇਤੀਬਾੜੀ ਵਿਭਾਗਾਂ ਨੂੰ ਵੀ ਇਸ ਕੰਮ ਲਈ ਦਿਨ-ਰਾਤ ਸਰਗਰਮ ਰਹਿਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਧਿਕਾਰੀ ਨਵਕਿਰਤ ਸਿੰਘ ਨੂੰ ਕਿਹਾ ਕਿ ਜਿਨ੍ਹਾਂ ਥਾਵਾਂ ’ਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਦਾ ਲਾਲ ਇੰਦਰਾਜ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਐੱਫਆਈਆਰ ਵੀ ਦਰਜ ਕਰਵਾਈ ਜਾਵੇ ਤੇ ਜੁਰਮਾਨੇ ਲਗਾਏ ਜਾਣ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਸਬੰਧਿਤ ਪਿੰਡਾਂ ਦੇ ਨੰਬਰਦਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ।
ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦਾ ਗਠਨ
ਕਪੂਰਥਲਾ (ਧਿਆਨ ਸਿੰਘ ਭਗਤ): ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਨੇ ਕਮਰ ਕੱਸ ਲਈ ਹੈ। ਕੌਮੀ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਤਾਲਮੇਲ ਅਤੇ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਹੋਣਗੇ। ਐੱਸਐੱਸਪੀ, ਏਡੀਸੀ ਵਿਕਾਸ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ, ਜ਼ਿਲ੍ਹਾ ਮਾਲ ਅਫ਼ਸਰ ਮੈਂਬਰ ਹੋਣਗੇ। ਮੁੱਖ ਖੇਤੀ ਬਾੜੀ ਅਫਸਰ ਕਮੇਟੀ ਦੇ ਕਨਵੀਨਰ ਹੋਣਗੇ।
ਇਸ ਵਿੱਚ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤੀਆਂ ਜਾਗਰੂਕਤਾ ਗਤੀਵਿਧੀਆਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਿਰੁੱਧ ਕੀਤੀ ਕਾਰਵਾਈ ਦੀ ਸਮੀਖਿਆ ਹੋਵੇਗੀ।