ਦੁਕਾਨ ’ਚ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 1 ਫਰਵਰੀ
ਇੱਥੋਂ ਦੇ ਨਰਵਾਣਾ ਰੋਡ ’ਤੇ ਅੱਜ ਤੜਕੇ ਕੱਪੜੇ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਾਬੂ ਪਾਉਣ ਲਈ ਲੋਕਾਂ ਨੂੰ ਭਾਰੀ ਮੁਸ਼ੱਕਤ ਕਰਨੀ ਪਈ। ਜਾਣਕਾਰੀ ਅਨੁਸਾਰ ਅੱਗ ਦੀ ਘਟਨਾ ਦਾ ਪਤਾ ਲੱਗਣ ’ਤੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਕਾਫ਼ੀ ਦੇਰ ਨਾਲ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਸਿਰਸਾ ਦੀ ਗਰੀਨ ਐੱਸ ਵੈੱਲਫੇਅਰ ਫੋਰਸ ਦੇ ਵਾਲੰਟੀਅਰਾਂ ਨੇ ਅੱਗ ’ਤੇ ਕਾਬੂ ਪਾ ਲਿਆ। ਦੁਕਾਨ ਮਾਲਕ ਨੇ ਦੱਸਿਆ ਕਿ ਉਹ ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰ ਕੇ ਘਰ ਗਿਆ ਸੀ। ਤੜਕਸਾਰ ਉਸ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਉਸ ਦੀ ਦੁਕਾਨ ’ਚ ਅੱਗ ਲੱਗੀ ਹੋਈ ਹੈ। ਇਸ ਮਗਰੋਂ ਉਹ ਦੁਕਾਨ ’ਤੇ ਪੁੱਜਾ। ਇਸ ਦੌਰਾਨ ਉਸ ਨੇ ਵੈੱਲਫੇਅਰ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਨਗਰ ਕੌਂਸਲ ਪਾਤੜਾਂ ਦੇ ਕੌਂਸਲਰ ਭਗਵਤ ਦਿਆਲ ਨਿੱਕਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਕੀਤੇ ਗਏ ਵਾਅਦੇ ਮੁਤਾਬਕ ਫਾਇਰ ਬ੍ਰਿਗੇਡ ਦੀ ਸਹੂਲਤ ਉਪਲਬਧ ਕਰਵਾਈ ਜਾਵੇ ਕਿਉਂਕਿ ਪਿਛਲੇ ਕੁਝ ਸਮੇਂ ’ਚ ਹੀ ਸ਼ਹਿਰ ਵਿੱਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।