ਦਰਜਾ ਚਾਰ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ
ਬਠਿੰਡਾ, 12 ਮਾਰਚ
ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ’ਚ ਇੱਥੇ ਸਰਕਾਰੀ ਰਜਿੰਦਰਾ ਕਾਲਜ ਅੱਗੇ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਅਧਿਕਾਰੀਆਂ ਦੀਆਂ ਅਰਥੀਆਂ ਸਾੜੀਆਂ ਗਈਆਂ।
ਇਸ ਮੌਕੇ ਸੂਬਾਈ ਆਗੂ ਸੁਖਦੇਵ ਸਿੰਘ ਸੁਤਰਾਪੁਰੀ, ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ, ਜਸਵਿੰਦਰ ਪਾਲ ਉੱਘੀ, ਬਲਜਿੰਦਰ ਸਿੰਘ, ਮੇਲਾ ਸਿੰਘ ਪੁੰਨਾਵਾਲ, ਵੇਦ ਪ੍ਰਕਾਸ਼ ਜਲੰਧਰ, ਰਾਮ ਲਾਲ ਰਾਮਾ, ਸੁਰਿੰਦਰ ਸਿੰਘ ਬੈਂਸ, ਪਰਮਜੀਤ ਸਿੰਘ ਹਾਂਡਾ ਅਤੇ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ 64 ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਘੱਟੋ ਘੱਟ ਉਜਰਤਾਂ ਅਤੇ ਬਣਦੀਆਂ ਸਹੂਲਤਾਂ ਅਦਾਲਤੀ ਫੈਸਲੇ ਆਉਣ ਮਗਰੋਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਕਾਲਜਾਂ ਦੇ ਮੁਖੀਆਂ ਦੀਆਂ ਮਨਮਰਜ਼ੀਆਂ ਚੱਲ ਰਹੀਆਂ ਹਨ ਅਤੇ ਬਗੈਰ ਕਾਰਨਾਂ ਤੋਂ ਕੱਚੇ ਕਰਮਚਾਰੀਆਂ ਨੂੰ ਫਾਰਗ ਕਰ ਕੇ ਚਹੇਤੇ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਕੱਚੇ ਕਰਮਚਾਰੀਆਂ ਦੀਆਂ ਸਰਵਿਸ ’ਚ ਬਰੇਕ ਪਾ ਕੇ ਤਨਖਾਹਾਂ ਕੱਟਣ ਦਾ ਇਲਜ਼ਾਮ ਵੀ ਲਾਇਆ।
ਉਨ੍ਹਾਂ ਕਿਹਾ ਕਿ ਕੋਵਿਡ ਕਾਲ ਸਮੇਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਅਤੇ ਚੌਥਾ ਦਰਜਾ ਕਰਮਚਾਰੀਆਂ ਨੂੰ ਤਰੱਕੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਅਹੁਦੇ ਬਦਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜਾਂ ਵਿੱਚ ਤਕਰੀਬਨ 600 ਚੌਥਾ ਦਰਜਾ ਕਰਮੀਆਂ ਦੀਆਂ ਆਸਾਮੀਆਂ ਖਾਲੀ ਪਈਆਂ ਹਨ ਅਤੇ ਇਨ੍ਹਾਂ ਦੀ ਥਾਂ ਕੱਚੇ ਕਰਮੀਆਂ ਨੂੰ ਪੱਕਾ ਕਰਨ ਦੀ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਹੈ।
ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਪੰਜਾਬ ਵਿਚਲੇ ਕਾਲਜਾਂ ਦੇ ਚੌਥਾ ਦਰਜਾ ਕੱਚੇ ਤੇ ਪੱਕੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਹਾਲਾਤ ਬਾਰੇ ਸਾਲ 2016 ਤੋਂ ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ, ਸਕੱਤਰ ਅਤੇ ਡਾਇਰੈਕਟਰ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਕੁੱਝ ਵੀ ਪੱਲੇ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਵਰਕਚਾਰਜ, ਟੈਂਪਰੇਰੀ, ਦਿਹਾੜੀਦਾਰ, ਐਡਹਾਕ, ਕੰਟਰੈਕਟ ਅਤੇ ਆਊਟਸੋਰਸ ਕਰਮੀਆਂ ਦੀਆਂ ਸੇਵਾਵਾਂ ਅਕਤੂਬਰ 2016 ਅਨੁਸਾਰ ਕੀਤੀਆਂ ਜਾਣ ਅਤੇ ਘੱਟੋ-ਘੱਟ ਉਜਰਤ 36000 ਰੁਪਏ ਨਿਸ਼ਚਿਤ ਕੀਤੀ ਜਾਵੇ।
ਪ੍ਰਦਰਸ਼ਨ ’ਚ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਗਿੱਲ, ਜ਼ਿਲ੍ਹਾ ਜਰਨਲ ਸਕੱਤਰ ਕ੍ਰਿਸ਼ਨ ਸਿੰਘ ਜੰਗੀਰਾਣਾ, ਪੀਐਸਐਸਐਫ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਬਦਿਆਲਾ, ਮੀਤ ਪ੍ਰਧਾਨ ਚਰਨਜੀਤ ਸਿੰਘ, ਪ੍ਰੇਮ ਨਾਥ, ਸੋਹਣ ਲਾਲ, ਕ੍ਰਿਸ਼ਨ ਸਿੰਘ ਤਿਉਣਾ, ਹਰੀ ਸ਼ੰਕਰ, ਅੰਮ੍ਰਿਤਪਾਲ ਸਿੰਘ, ਸੁਖਪਾਲ ਸਿੰਘ, ਵਿਜੈ ਕੁਮਾਰ, ਹੰਸ ਰਾਜ, ਜਗਸੀਰ ਸਿੰਘ, ਧਰਮਿੰਦਰ ਸਿੰਘ ਆਦਿ ਸ਼ਾਮਲ ਸਨ।