For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ

08:00 AM Oct 15, 2024 IST
ਪੰਜਾਬ ’ਚ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਸਰਕਾਰ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 31 ਅਕਤੂਬਰ ਨੂੰ ਦੀਵਾਲੀ ਦੀ ਰਾਤ ਅੱਠ ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ ਚਾਰ ਵਜੇ ਤੋਂ ਸਵੇਰੇ ਪੰਜ ਵਜੇ ਅਤੇ ਰਾਤ ਨੂੰ ਨੌਂ ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ।
ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ 25-26 ਦਸੰਬਰ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਮਨਜ਼ੂਰਸ਼ੂਦਾ ਪਟਾਕਾ ਵਪਾਰੀਆਂ ਨੂੰ ‘ਹਰੇ ਪਟਾਕੇ’ ਦੀ ਵਿਕਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਆਰਜ਼ੀ ਤੌਰ ’ਤੇ ਲਾਇਸੈਂਸ ਜਾਰੀ ਕੀਤੇ ਜਾਣਗੇ। ਸੂਬਾ ਸਰਕਾਰ ਨੇ ਫਲਿੱਪਕਾਰਟ ਅਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੈਟਫਾਰਮਾਂ ’ਤੇ ਸੂਬੇ ਵਿੱਚ ਆਨਲਾਈਨ ਪਟਾਕੇ ਵੇਚਣ ’ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਆਪਕ ਜਨ ਜਾਗਰੂਕਤਾ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪੁਲੀਸ ਅਧਿਕਾਰੀਆਂ ਨੂੰ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਿਰਫ਼ ਨਿਰਧਾਰਤ ਸਮੇਂ ਅਤੇ ਪ੍ਰਵਾਨਿਤ ਸਥਾਨਾਂ ’ਤੇ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।

Advertisement

Advertisement
Advertisement
Author Image

joginder kumar

View all posts

Advertisement