ਨਸ਼ਾ ਤਸਕਰੀ ਦੇ ਮਾਮਲਿਆਂ ’ਚ ਪਤੀ-ਪਤਨੀ ਸਣੇ ਪੰਜ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਚੰਡੀਗੜ੍ਹ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰੀ ਦੇ ਮਾਮਲੇ ’ਚ ਪਤੀ-ਪਤਨੀ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਪੰਜ ਮੁਲਜ਼ਮਾਂ ਕੋਲੋਂ ਕੁੱਲ 89 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਸੈਕਟਰ-43 ਵਿੱਚ ਸਥਿਤ ਸੀਟੀਯੂ ਦੀ ਵਰਕਸ਼ਾਪ ਦੇ ਪਿਛਲੇ ਪਾਸੇ ਪਤੀ-ਪਤਨੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 33.56 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੁਲਜ਼ਮ ਸੁਖਪਾਲ ਸਿੰਘ ਤੇ ਉਸ ਦੀ ਪਤਨੀ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਸੈਕਟਰ-36 ਵਿੱਚ ਕੇਸ ਦਰਜ ਕਰ ਲਿਆ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਿਛਲੇ ਦੋ-ਤਿੰਨ ਸਾਲਾਂ ਤੋਂ ਟਰਾਈਸਿਟੀ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰ ਰਹੇ ਹਨ। ਇਸ ਤੋਂ ਇਲਾਵਾ ਮੁਲਜ਼ਮ ਸੁਖਪਾਲ ਸਿੰਘ ਵਿਰੁੱਧ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਰਹਾਲੀ ਵਿੱਚ ਵੀ ਇਕ ਕੇਸ ਦਰਜ ਹੈ। ਉਸ ਮਾਮਲੇ ਵਿੱਚ ਪੁਲੀਸ ਨੇ 45 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਸੀ। ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਇਕ ਵੱਖਰੇ ਮਾਮਲੇ ਵਿੱਚ ਲਖਨ ਕੁਮਾਰ ਵਾਸੀ ਮਨੀਮਾਜਰਾ ਨੂੰ 15.45 ਗ੍ਰਾਮ ਹੈਰਇਨ ਸਣੇ ਕਾਬੂ ਕੀਤਾ ਹੈ। ਪੁਲੀਸ ਨੇ ਮਨੀਮਾਜਰਾ ਵਿੱਚ ਸ਼ਮਸ਼ਾਨਘਾਟ ਨੇੜੇ ਲਾਏ ਨਾਕੇ ਦੌਰਾਨ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 15.45 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸੈਕਟਰ-34 ਦੀ ਪੁਲੀਸ ਨੇ ਸੈਕਟਰ-46 ਵਿੱਚ ਮੰਡੀ ਗਰਾਉਂਡ ਨੇੜਿਓਂ ਪੰਜਾਬ ਸਿੰਘ ਵਾਸੀ ਤਰਨ ਤਾਰਨ ਤੇ ਸ਼ਹਿਜ਼ਾਦ ਸਿੰਘ ਵਾਸੀ ਤਰਨ ਤਾਰਨ ਨੂੰ 40.3 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ।