ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ (ਮਗਸੀਪਾ) ਵਿਖੇ ਕੇਂਦਰ ਰੇਸ਼ਮ ਬੋਰਡ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਮਾ, ਡਾਇਰੈਕਟਰ ਬਾਗ਼ਬਾਨੀ ਸ਼ੈਲਿੰਦਰ ਕੌਰ ਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਰਫੁਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿੱਚ ਮੁੱਖ ਤੌਰ ’ਤੇ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਦੇ ਛੋਟੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਪਲਾਂਟੇਸ਼ਨ, ਕੀਟ ਪਾਲਣ ਘਰ, ਸਿਖਲਾਈ, ਐਕਸਪੋਜ਼ਰ ਵਿਜ਼ਿਟ ਆਦਿ ਅਧੀਨ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।