For the best experience, open
https://m.punjabitribuneonline.com
on your mobile browser.
Advertisement

ਭਾਜਪਾ ਵੱਲੋਂ ਚੋਣਾਂ ਤੋਂ ਪੰਜ ਦਿਨ ਪਹਿਲਾਂ ‘ਸੰਕਲਪ ਪੱਤਰ’ ਜਾਰੀ

11:40 AM May 27, 2024 IST
ਭਾਜਪਾ ਵੱਲੋਂ ਚੋਣਾਂ ਤੋਂ ਪੰਜ ਦਿਨ ਪਹਿਲਾਂ ‘ਸੰਕਲਪ ਪੱਤਰ’ ਜਾਰੀ
ਚੰਡੀਗੜ੍ਹ ਸਥਿਤ ਭਾਜਪਾ ਦਫਤਰ ’ਚ ਪਾਰਟੀ ਦਾ ‘ਸੰਕਲਪ ਪੱਤਰ’ ਜਾਰੀ ਕਰਦੇ ਹੋਏ ਹਰਦੀਪ ਪੁਰੀ ਤੇ ਹੋਰ। -ਫੋਟੋ: ਪ੍ਰਦੀਪ ਤਿਵਾੜੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਈ
ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪੰਜ ਦਿਨ ਪਹਿਲਾਂ ‘ਸੰਕਲਪ ਪੱਤਰ’ ਜਾਰੀ ਕਰ ਦਿੱਤਾ ਹੈ। ਇਸ ਵਿੱਚ ਭਾਜਪਾ ਨੇ ਅਗਲੇ ਪੰਜ ਸਾਲਾਂ ਵਿੱਚ ਸ਼ਹਿਰ ਨੂੰ ਇੱਕ ਵਿਕਸਤ ਸ਼ਹਿਰ ਬਣਾਉਣ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ ਹੈ। ਇਹ ਸੰਕਲਪ ਪੱਤਰ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਵੱਲੋਂ ਸੈਕਟਰ-33 ਵਿੱਚ ਸਥਿਤ ਭਾਜਪਾ ਦਫ਼ਤਰ ਕਮਲਮ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਭਾਜਪਾ ਉਮੀਦਵਾਰ ਸੰਜੈ ਟੰਡਨ, ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਸੰਕਲਪ ਪੱਤਰ ਕਮੇਟੀ ਦੇ ਚੇਅਰਮੈਨ ਸ਼ਕਤੀ ਪ੍ਰਕਾਸ਼ ਦੇਵਸ਼ਾਲੀ, ਮੀਡੀਆ ਇੰਚਾਰਜ ਸੰਜੀਵ ਕੁਮਾਰ ਰਾਣਾ ਮੌਜੂਦ ਸਨ। ਸ੍ਰੀ ਟੰਡਨ ਨੇ ਕਿਹਾ ਕਿ ਭਾਜਪਾ ਨੇ ਚੋਣ ਮੈਨੀਫੈਸਟੋ ਸ਼ਹਿਰ ਵਿੱਚ 200 ਤੋਂ ਵੱਧ ਮੀਟਿੰਗਾਂ ਕਰ ਕੇ 13 ਹਜ਼ਾਰ ਤੋਂ ਵੱਧ ਲੋਕਾਂ ਦੇ ਸੁਝਾਵਾਂ ਦੇ ਨਾਲ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ। ਭਾਜਪਾ ਵੱਲੋਂ ਸੱਤਾ ਵਿੱਚ ਆਉਣ ’ਤੇ ਲਾਲ ਡੋਰੇ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਸ਼ਹਿਰਾਂ ਦੀ ਤਰਜ਼ ’ਤੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਪਿੰਡਾਂ ਵਿੱਚ ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦੀ ਸਮੱਸਿਆ ਨੂੰ ਹੱਲ ਕਰਦਿਆਂ ਸਾਰੇ ਪਿੰਡਾਂ ਦੀ ਪੁਰਾਣੀ ਆਬਾਦੀ ਨੂੰ ਨਕਸ਼ੇ ਪਾਸ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਲੋਨੀਆਂ ਨੂੰ ਮਾਲਕੀ ਹੱਕ ਦੇਣ ਦੇ ਨਾਲ-ਨਾਲ ਅਪਾਰਟਮੈਂਟ ਐਕਟ ਲਾਗੂ ਕੀਤਾ ਜਾਵੇਗਾ ਅਤੇ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਲਈ ਤੇ ਚੰਡੀਗੜ੍ਹ ਵਿੱਚ ਨਿਵੇਸ਼ ਵਧਾਉਣ ਲਈ ਯੋਜਨਾ ਤਿਆਰ ਕੀਤੀ ਗਈ ਹੈ। ਸ਼ਹਿਰ ਨੂੰ ਟੂਰਿਜ਼ਮ ਐਂਡ ਈਵੈਂਟ ਸਿਟੀ, ਮੈਡੀਕਲ ਅਤੇ ਐਜੂਕੇਸ਼ਨ ਹੱਬ, ਸਟਾਰਟ-ਅੱਪ ਅਤੇ ਬਿਜ਼ਨਸ ਹੱਬ ਦੇ ਨਾਲ-ਨਾਲ ਸਟਾਰਟ-ਅੱਪ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਭਾਜਪਾ ਉਮੀਦਵਾਰ ਨੇ ਕਿਹਾ ਕਿ ਹਾਊਸਿੰਗ ਬੋਰਡ ਅਤੇ ਕੋ-ਆਪ੍ਰੇਟਿਵ ਹਾਊਸਿੰਗ ਸੁਸਾਇਟੀ ਦੀ ਸਮੱਸਿਆਵਾਂ ਨੂੰ ਦਿੱਲੀ ਪੈਟਰਨ ’ਤੇ ਹੱਲ ਕੀਤਾ ਜਾਵੇਗਾ ਅਤੇ ਕਾਂਗਰਸ ਵੱਲੋਂ ਰੱਦ ਕੀਤੀ ਗਈ ਸਰਕਾਰੀ ਮੁਲਾਜ਼ਮਾਂ ਲਈ ਰਿਹਾਇਸ਼ ਯੋਜਨਾ ਨੂੰ ਭਾਜਪਾ ਵੱਲੋਂ ਮੁੜ ਲਾਗੂ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਮਕਾਨਾਂ ਦੀਆਂ ਕੀਮਤਾਂ ਸਬੰਧੀ ਤਰੁੱਟੀਆਂ ਨੂੰ ਦੂਰ ਕਰ ਕੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸ਼ਹਿਰ ਨੂੰ ਟਰੈਫ਼ਿਕ ਸਮੱਸਿਆ ਤੋਂ ਨਿਜਾਤ ਦਵਾਉਣ ਲਈ ਮੈਟਰੋ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਬਾਹਰੀ ਰਿੰਗ ਰੋਡ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਔਰਤਾਂ ਲਈ ਵਿਸ਼ੇਸ਼ ਪਿੰਕ ਬੱਸ ਸਰਵਿਸ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੀ ਸੁਧਾਰ ਕੀਤੇ ਜਾਣਗੇ।

Advertisement

ਸਾਕਾ ਨੀਲਾ ਤਾਰਾ ਲਈ ਕਾਂਗਰਸ ਨੇ ਅਜੇ ਤੱਕ ਮੁਆਫ਼ੀ ਨਹੀਂ ਮੰਗੀ: ਹਰਦੀਪ ਪੁਰੀ਼

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਦਾ ਚੋਣ ਮੈਨੀਫੇਸਟੋ ਜਾਰੀ ਕਰਨ ਤੋਂ ਬਾਅਦ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ ਕਾਰਵਾਈ ਦੇ 40 ਸਾਲ ਬਾਅਦ ਵੀ ਸਹੀ ਢੰਗ ਨਾਲ ਮੁਆਫ਼ੀ ਨਹੀਂ ਮੰਗੀ ਹੈ। ਇਸ ਦੇ ਨਾਲ ਹੀ ਸ੍ਰੀ ਪੁਰੀ ਨੇ 1984 ਵਿੱਚ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖ ਕਤਲੇਆਮ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਵਿੱਚ ਸਿਰਫ਼ ਇੱਕ ਕੌਮ ਭਾਵ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਕੇਂਦਰੀ ਮੰਤਰੀ ਨੇ ਕਾਂਗਰਸ ਪਾਰਟੀ ਦੇ ਚੋਣ ਮੈਨੀਫ਼ੈਸਟੋ ਵਿੱਚ ਮਹਿਲਾਵਾਂ ਨਾਲ ਇੱਕ ਲੱਖ ਦੇਣ ਦੇ ਕੀਤੇ ਵਾਅਦੇ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਲਈ ਕਰੋੜਾਂ ਰੁਪਏ ਦੀ ਰਾਸ਼ੀ ਕਿੱਥੋਂ ਆਵੇਗੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਅੰਨਾ ਹਜ਼ਾਰੇ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ’ਚੋਂ ਪੈਦਾ ਹੋਏ ਸਨ ਪਰ ਬਾਅਦ ’ਚ ਆਪਣੀ ਜੇਬ ’ਚ ਸੋਨੇ ਦੀ ਕਲਮ ਲੈ ਕੇ ਦਿੱਲੀ ’ਚ ਆਪਣੇ ਲਈ ‘ਸ਼ੀਸ਼ ਮਹਿਲ’ ਬਣਵਾਇਆ। ਉਨ੍ਹਾਂ ਕਿਹਾ ਕਿ ਅਜਿਹੇ ਰਾਜਸੀ ਆਗੂਆਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ।

Advertisement
Author Image

sukhwinder singh

View all posts

Advertisement
Advertisement
×