ਲਖਬੀਰ ਲੰਡਾ ਗਰੋਹ ਦੇ ਪੰਜ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਪਾਲ ਸਿੰਘ ਨੌਲੀ/ ਹਤਿੰਦਰ ਮਹਿਤਾ
ਜਲੰਧਰ, 14 ਜੁਲਾਈ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਖ਼ੌਫ਼ਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਹੁਣ ਸਿਮਰਨਜੀਤ ਸਿੰਘ ਉਰਫ਼ ਸਿੰਮਾ ਪੁੱਤਰ ਸਵਰਗੀ ਸਵਰਨ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਤਰਨਤਾਰਨ, ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਯਮਾਰਾਏ ਜ਼ਿਲ੍ਹਾ ਤਰਨਤਾਰਨ, ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਬਡੇ ਸਭਰਾ ਥਾਣਾ ਸਦਰ ਤਰਨ ਤਾਰਨ, ਦਿਲਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਹਰੀਕੇ, ਜ਼ਿਲ੍ਹਾ ਤਰਨਤਾਰਨ ਅਤੇ ਸਾਜਨਦੀਪ ਸਿੰਘ ਉਰਫ਼ ਸਾਜਨ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਕੁੱਤੀਵਾਲਾ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਨੇ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਅਤੇ ਇੱਕ ਹੋਰ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਸਿੰਮਾ ਨੇ 32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਰੱਖਣ ਦੀ ਗੱਲ ਕਬੂਲ ਕੀਤੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਹਿਣ ’ਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਦਿੰਦਾ ਸੀ ਅਤੇ ਉਸ ਕੋਲੋਂ 30 ਬੋਰ ਦੇ ਜਿੰਦਾ ਰੌਂਦ ਬਰਾਮਦ ਹੋਏ ਸਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦਿਲਬਾਗ ਸਿੰਘ ਉਰਫ਼ ਬੱਗਾ ਲਖਵੀਰ ਸਿੰਘ ਉਰਫ਼ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ ਅਤੇ ਉਸ ਕੋਲੋਂ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਜਨਦੀਪ ਸਿੰਘ ਉਰਫ ਸਾਜਨ ਵੀ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ, ਆੜ੍ਹਤੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਮੰਗਦਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਕਾਰਤੂਸ ਬਰਾਮਦ ਹੋਇਆ ਸੀ।