ਡਿਊਟੀ ’ਚ ਕੁਤਾਹੀ ਵਰਤਣ ’ਤੇ ਪੰਜ ਪੁਲੀਸ ਮੁਲਾਜ਼ਮ ਮੁਅੱਤਲ
ਹਤਿੰਦਰ ਮਹਿਤਾ
ਜਲੰਧਰ, 19 ਸਤੰਬਰ
ਜਲੰਧਰ ਦਿਹਾਤੀ ਪੁਲੀਸ ਨੇ ਡਿਊਟੀ ਵਿੱਚ ਕੁਤਾਹੀ ਵਰਤਣ ’ਤੇ ਵੱਖ-ਵੱਖ ਥਾਣਿਆਂ ਦੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ। ਮੁਅੱਤਲ ਕੀਤੇ ਅਧਿਕਾਰੀਆਂ ’ਚ ਏਐੱਸਆਈ ਰਾਜਿੰਦਰ ਕੁਮਾਰ, ਏਐੱਸਆਈ ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏਐੱਸਆਈ ਜਸਵਿੰਦਰ ਸਿੰਘ ਸ਼ਾਮਲ ਹਨ। ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਵਿਭਾਗ ਨੇ ਇਨ੍ਹਾਂ ਅਧਿਕਾਰੀਆਂ ਵਿਰੁੱਧ ਆਪਣੀ ਡਿਊਟੀ ਨਿਭਾਉਣ ’ਚ ਅਸਫ਼ਲ ਰਹਿਣ ’ਤੇ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਲਾਵਲਪੁਰ ਚੌਕੀ ਦੇ ਇੰਚਾਰਜ ਏਐੱਸਆਈ ਰਾਜਿੰਦਰ ਕੁਮਾਰ ਐੱਨਡੀਪੀਐੱਸ ਐਕਟ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਜਾਂਚ ਦੇ ਘੇਰੇ ’ਚ ਆਏ ਸਨ। ਇਸੇ ਤਰ੍ਹਾਂ ਥਾਣਾ ਲੋਹੀਆਂ ਵਿੱਚ ਤਾਇਨਾਤ ਏਐੱਸਆਈ ਅਵਤਾਰ ਸਿੰਘ ਨੂੰ ਪਿੰਡ ਪਿੱਪਲੀ ’ਚ ਜ਼ਮੀਨੀ ਵਿਵਾਦ ਦਾ ਮਾਮਲਾ ਹੱਲ ਨਾ ਕਰਨ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ। ਉਸ ਨੇ ਕਤਲ ਦੀ ਕੋਸ਼ਿਸ਼ ਦੇ ਕੇਸ ਨੂੰ ਵੀ ਗਲਤ ਤਰੀਕੇ ਨਾਲ ਨਜਿੱਠਿਆ ਅਤੇ ਉਹ ਡੀਐੱਸਪੀ ਸ਼ਾਹਕੋਟ ਜਾਂਚ ਵਿੱਚ ਦੋਸ਼ੀ ਪਾਇਆ ਗਿਆ। ਥਾਣਾ ਭੋਗਪੁਰ ਵਿੱਚ ਤਾਇਨਾਤ ਏਐੱਸਆਈ ਜਸਵਿੰਦਰ ਸਿੰਘ ਨੂੰ ਝਗੜੇ ਦੇ ਮਾਮਲਾ ਸਹੀ ਢੰਗ ਨਾਲ ਨਾ ਨਜਿੱਠਣ ਕਾਰਨ ਮੁਅੱਤਲ ਕੀਤਾ ਗਿਆ। ਕਾਂਸਟੇਬਲ ਬਿਕਰਮਜੀਤ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ ਅਤੇ ਕਾਂਸਟੇਬਲ ਆਰੀਅਨਪ੍ਰੀਤ ਸਿੰਘ ਨੂੰ ਲੰਬੇ ਸਮੇਂ ਲਈ ਵਾਰ-ਵਾਰ ਗੈਰ-ਹਾਜ਼ਰ ਰਹਿਣ ਕਾਰਨ ਮੁਅੱਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਂਸਟੇਬਲ ਆਰੀਅਨਪ੍ਰੀਤ ਸਿੰਘ ਦੀ ਗੈਂਗਸਟਰਾਂ ਨਾਲ ਕਥਿਤ ਮਿਲੀਭੁਗਤ ਸਾਹਮਣੇ ਆਈ ਹੈ।