ਝੋਨੇ ਦੀ ਖਰੀਦ ਤੇ ਚੁਕਾਈ ਲਈ ਪੱਕੇ ਮੋਰਚੇ ਜਾਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 8 ਦਿਨਾਂ ਤੋਂ ਸੂਬੇ ਵਿੱਚ 51 ਥਾਵਾਂ ’ਤੇ ਸ਼ੁਰੂ ਕੀਤੇ ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਅੱਜ ਵੀ ਕਿਸਾਨਾਂ ਨੇ ਪੰਜਾਬ ਦੇ 26 ਟੌਲ ਮੁਫ਼ਤ ਕੀਤੇ ਅਤੇ 25 ਥਾਵਾਂ ਤੇ ‘ਆਪ’ ਦੇ ਮੰਤਰੀਆਂ, ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫਤਰਾਂ ਮੂਹਰੇ ਧਰਨੇ ਦਿੱਤੇ। ਇਸ ਮੌਕੇ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ 25 ਅਕਤੂਬਰ ਨੂੰ ਪੰਜਾਬ ਦੀਆਂ ਸੰਘਰਸ਼ੀ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਕਰਨ ਦੇ ਸੱਦੇ ’ਤੇ ਕਾਰਪੋਰੇਟ ਘਰਾਣਿਆਂ ਦੇ ਮਾਲਾਂ ਦੇ ਘਿਰਾਓ ਕੀਤੇ ਜਾਣਗੇ। ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਝੋਨੇ ਦੀ ਖਰੀਦ ਤੋਂ ਲਗਾਤਾਰ ਘੇਸਲ ਵੱਟੀ ਹੋਈ ਹੈ, ਪਰ ਕਿਸਾਨ ਆਪਣੀਆਂ ਮੰਗਾਂ ਮਨਵਾਏ ਬਿਨਾਂ ਵਾਪਸ ਮੁੜਨ ਵਾਲਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਲਾਲਾਬਾਦ ਵਿੱਚ ਵਿਧਾਇਕ ਜਗਦੀਪ ਸਿੰਘ ਕੰਬੋਜ ਦੇ ਘਰ ਮੂਹਰੇ ਲੱਗੇ ਮੋਰਚੇ ਵਿੱਚ ਕਿਸਾਨ ਹਜ਼ਾਰਾ ਰਾਮ (70) ਵਾਸੀ ਸਵਾਹਵਾਲਾ ਦੀ ਮੌਤ ਹੋ ਗਈ ਹੈ। ਉਨ੍ਹਾਂ ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪੱਕੀ ਸਰਕਾਰੀ ਨੌਕਰੀ ਦੇਣ ਅਤੇ ਸਾਰਾ ਕਰਜ਼ਾ ਖ਼ਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਮਗਰੋਂ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।