For the best experience, open
https://m.punjabitribuneonline.com
on your mobile browser.
Advertisement

ਗਿੱਦੜਬਾਹਾ ’ਚ ‘ਆਪ’ ਅਤੇ ਭਾਜਪਾ ਖ਼ਿਲਾਫ਼ ਝੰਡਾ ਮਾਰਚ

07:49 AM Nov 17, 2024 IST
ਗਿੱਦੜਬਾਹਾ ’ਚ ‘ਆਪ’ ਅਤੇ ਭਾਜਪਾ ਖ਼ਿਲਾਫ਼ ਝੰਡਾ ਮਾਰਚ
ਗਿੱਦੜਬਾਹਾ ਵਿੱਚ ਭਾਜਪਾ ਅਤੇ ‘ਆਪ’ ਖ਼ਿਲਾਫ਼ ਮਾਰਚ ਕਰਦੇ ਹੋਏ ਕਿਸਾਨ ਤੇ ਮਜ਼ਦੂਰ।
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਗਿੱਦੜਬਾਹਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ’ਚ ਝੰਡਾ ਮਾਰਚ ਕਰ ਕੇ ਲੋਕਾਂ ਨੂੰ ਚੋਣ ਮੈਦਾਨ ’ਚ ਨਿੱਤਰੀਆਂ ਸਿਆਸੀ ਪਾਰਟੀਆਂ ਤੋਂ ਆਸ ਛੱਡ ਕੇ ਸੰਘਰਸ਼ ਦੇ ਰਾਹ ’ਤੇ ਤੁਰਨ ਦਾ ਸੱਦਾ ਦਿੱਤਾ। ਵੱਖ-ਵੱਖ ਥਾਵਾਂ ’ਤੇ ਇਕੱਠਾਂ ਨੂੰ ਬੀਕੇਯੂ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜ਼ਿਲ੍ਹਾ ਕਨਵੀਨਰ ਗੁਰਜੰਟ ਸਾਉਂਕੇ ਨੇ ਸੰਬੋਧਨ ਕੀਤਾ।
ਕਿਸਾਨ ਆਗੂਆਂ ਨੇ ਝੰਡਾ ਮਾਰਚ ਦੌਰਾਨ ਭਾਜਪਾ ਅਤੇ ‘ਆਪ’ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਅਤੇ ਕਿਸਾਨਾਂ-ਮਜ਼ਦੂਰਾਂ ਵਿਰੋਧੀ ਨੀਤੀਆਂ ਲਾਗੂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਹਲਕੇ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨ ਜਥੇਬੰਦੀਆਂ ਤੇ ਕਿਸਾਨ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਨੂੰ ਭਾਜਪਾ ਦੀ ਵੰਡਪਾਊ ਨੀਤੀ ਦਾ ਹਿੱਸਾ ਕਰਾਰ ਦਿੱਤਾ। ਕਿਸਾਨ ਆਗੂਆਂ ਨੇ ਭਗਵੰਤ ਮਾਨ ਸਰਕਾਰ ’ਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਦਾ ਦੋਸ਼ ਲਾਉਂਦਿਆਂ ਆਖਿਆ ਕਿ ਸਰਕਾਰ ਨੇ ਛੋਟੀ ਸਨਅਤ ਲਈ ਬਿਜਲੀ ਰੇਟ ਵਾਧਾ ਕੇ ਅਤੇ ਸਟੀਲ ਖੇਤਰ ਦੇ ਕਾਰਪੋਰੇਟ ਘਰਾਣੇ ਨੂੰ ਲੁਧਿਆਣੇ ਹਾਈਟੈੱਕ ਵੈਲੀ ਵਿੱਚ ਦਾਖ਼ਲਾ ਦੇ ਕੇ ਲੁਧਿਆਣਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਬਟਾਲਾ ਅਤੇ ਗੋਬਿੰਦਗੜ੍ਹ ਦੀਆਂ ਛੋਟੀਆਂ ਲੋਹਾ ਇਕਾਈਆਂ ਨੂੰ ਤਬਾਹੀ ਵੱਲ ਧੱਕ ਦਿੱਤਾ ਹੈ। ਇਸ ਮੌਕੇ ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ, ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ ਤੇ ਖੇਤ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ, ਹਰਜਿੰਦਰ ਸਿੰਘ ਬੱਗੀ ਤੇ ਜਸਵੀਰ ਸਿੰਘ ਸੇਮਾਂ ਨੇ ਸੰਬੋਧਨ ਕੀਤਾ।

Advertisement

ਮੁਲਾਜ਼ਮ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਝੰਡਾ ਮਾਰਚ ਅੱਜ

ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਦੇ ਹੱਕ ’ਚ ਸੂਬੇ ਅੰਦਰ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਭਲਕੇ ਐਤਵਾਰ ਨੂੰ ਝੰਡਾ ਮਾਰਚ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨਗੇ। ਇਸ ਸਬੰਧੀ ਬਿਜਲੀ ਕਾਮਿਆਂ ਦੀ ਜਥੇਬੰਦੀ ਏਟਕ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਲਾਹੌਰੀਆ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਸਰਕਾਰੀ ਅਦਾਰਿਆਂ ਵਿੱਚ ਲੋੜ ਅਨੁਸਾਰ ਨਵੀਂ ਭਰਤੀ ਕਰਨ ਦੀ ਮੰਗ ’ਤੇ ਜ਼ੋਰ ਦਿੱਤਾ| ਆਗੂਆਂ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ’ਚ ਆਪਣਾ ਰੋਸ ਪ੍ਰਗਟਾਉਣਗੇ।

Advertisement

Advertisement
Author Image

sukhwinder singh

View all posts

Advertisement