For the best experience, open
https://m.punjabitribuneonline.com
on your mobile browser.
Advertisement

ਪੁਲੀਸ ਤੇ ਸੀਆਰਪੀਐੱਫ ਜਵਾਨਾਂ ਵੱਲੋਂ ਫਲੈਗ ਮਾਰਚ

08:45 AM Apr 02, 2024 IST
ਪੁਲੀਸ ਤੇ ਸੀਆਰਪੀਐੱਫ ਜਵਾਨਾਂ ਵੱਲੋਂ ਫਲੈਗ ਮਾਰਚ
ਅੰਮ੍ਰਿਤਸਰ ਵਿੱਚ ਕੀਤੇ ਗਏ ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸਿਟੀ ਪੁਲੀਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਪੁਲੀਸ ਵੱਲੋਂ ਸ਼ਹਿਰ ਵਿਚ ਅਮਨ ਕਾਨੂੰਨ ਤੇ ਸ਼ਾਂਤੀ ਬਣਾਏ ਰੱਖਣ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚ ਨਿਰੰਤਰ ਫਲੈਗ ਮਾਰਚ ਕੀਤੇ ਜਾ ਰਹੇ ਹਨ। ਇਸ ਮੌਕੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲੀਸ ਜਵਾਨਾਂ ਨੂੰ ਕੀਤੇ ਜਾ ਰਹੇ ਪ੍ਰਬੰਧਾ ਬਾਰੇ ਜਾਣਕਾਰੀ ਦਿੱਤੀ। ਪੁਲੀਸ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੁਲੀਸ ਨੇ ਅਪਰਾਧੀ ਤੇ ਅੜਿੱਕੇ ਪੈਦਾ ਕਰਨ ਵਾਲਿਆਂ ਦੀ ਸੂਚੀ ਬਣਾ ਲਈ ਹੈ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸ਼ਹਿਰ ਦੇ ਲਗਪਗ 51 ਫੀਸਦੀ ਲਾਇਸੈਂਸੀ ਹਥਿਆਰ ਪੁਲੀਸ ਅਤੇ ਸਬੰਧਤ ਗੰਨ ਹਾਊਸਾਂ ਕੋਲ ਜਮ੍ਹਾਂ ਹੋ ਚੁੱਕੇ ਹਨ ਅਤੇ ਜਿਹੜੇ ਵਿਅਕਤੀ 5 ਅਪਰੈਲ ਤੱਕ ਅਸਲਾ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲਾਇਸੈਂਸ ਧਾਰਕਾਂ ਨੇ ਜਾਨ ਨੂੰ ਖਤਰੇ ਦੀ ਸੰਭਾਵਨਾ ਦਸਦਿਆ ਹਥਿਆਰ ਰੱਖਣ ਲਈ ਜਾਂਚ ਕਮੇਟੀ ਕੋਲ ਵੀ ਪਹੁੰਚ ਕੀਤੀ ਹੈ ਪਰ ਇਸ ਸਬੰਧੀ ਅੰਤਿਮ ਫੈਸਲਾ ਕਮੇਟੀ ਵੱਲੋਂ ਜਲਦੀ ਹੀ ਲਿਆ ਜਾਵੇਗਾ। ਜ਼ੋਨ 1 ਦੇ ਖੇਤਰ ਵਿੱਚ ਹਾਲ ਗੇਟ ਤੋਂ ਹਰਿਮੰਦਰ ਸਾਹਿਬ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਤੱਕ ਫਲੈਗ ਮਾਰਚ ਕੀਤਾ ਗਿਆ।
ਬਟਾਲਾ(ਹਰਜੀਤ ਸਿੰਘ ਪਰਮਾਰ): ਅਗਾਮੀਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐੱਸਐੱਸਪੀ ਬਟਾਲਾ ਅਸ਼ਿਵਨੀ ਗੋਟਿਆਲ ਦੀ ਅਗਵਾਈ ਹੇਠ ਬਟਾਲਾ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਅਸ਼ਿਵਨੀ ਗੋਟਿਆਲ ਨੇ ਦੱਸਿਆ ਕਿ ਅਗਾਮੀਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਅਤੇ ਸਦਭਾਵਨਾ ਕਾਇਮ ਰੱਖਣ ਲਈ ਪੁਲੀਸ ਲਾਈਨ ਬਟਾਲਾ ਤੋਂ ਗਾਂਧੀ ਚੌਕ, ਨਹਿਰੂ ਗੇਟ ਅਤੇ ਸ਼ਹਿਰ ਦੇ ਹੋਰ ਵੱਖ-ਵੱਖ ਬਾਜ਼ਾਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ, ਜਿਸ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ’ਚ ਪੁਲੀਸ ਦਾ ਖੌਫ਼ ਪੈਦਾ ਕਰਨਾ ਹੈ।
ਪਠਾਨਕੋਟ(ਐੱਨਪੀ ਧਵਨ): ਇੱਥੇ ਬਾਜ਼ਾਰਾਂ ਵਿੱਚ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਸੋਹੇਲ ਕਾਸਿਮ ਮੀਰ ਦੀ ਅਗਵਾਈ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਵਿੱਚ ਪੈਰਾਮਿਲਟਰੀ ਫੋਰਸ, ਪੰਜਾਬ ਪੁਲੀਸ, ਕਮਾਂਡੋਜ਼, ਲੇਡੀਜ਼ ਪੁਲੀਸ ਨੇ ਹਿੱਸਾ ਲਿਆ। ਜ਼ਿਲ੍ਹਾ ਪੁਲੀਸ ਮੁਖੀ ਸੋਹੇਲ ਕਾਸਿਮ ਮੀਰ ਅਤੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਦੱਸਿਆ ਕਿ ਫਲੈਗ ਮਾਰਚ ਕੱਢਣ ਦਾ ਉਦੇਸ਼ ਜ਼ਿਲ੍ਹਾ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਹੈ ਅਤੇ ਲੋਕਾਂ ਵਿੱਚ ਇਹ ਸੰਦੇਸ਼ ਦੇਣਾ ਹੈ ਕਿ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਬਕ ਚੋਣਾਂ ਕਰਵਾਉਣ ਲਈ ਪੰਜਾਬ ਪੁਲੀਸ ਦ੍ਰਿੜ ਹੈ।
ਫਗਵਾੜਾ(ਜਸਬੀਰ ਸਿੰਘ ਚਾਨਾ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵਲੋ ਅੱਜ ਫ਼ਲੈਗ ਮਾਰਚ ਕੀਤਾ ਗਿਆ ਜਿਸ ’ਚ ਪੁਲੀਸ ਪ੍ਰਸ਼ਾਸਨ, ਪੈਰਾਮਿਲਟਰੀ ਫੋਰਸ ਤੇ ਏਆਰਪੀ ਦੀਆਂ ਟੀਮਾਂ ਸ਼ਾਮਲ ਸਨ। ਇਹ ਫਲੈਗ ਮਾਰਚ ਫਗਵਾੜਾ ਡੀਐੱਸਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖੋ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਸੁਭਾਸ਼ ਨਗਰ ਵਿੱਚ ਸਮਾਪਤ ਹੋਇਆ। ਇਸ ਮੌਕੇ ਐੱਸਐੱਚਓ ਸਦਰ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਤੋਂ ਆਉਣ ਵਾਲੇ ਵਾਹਨਾਂ ਤੇ ਲੋਕਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

Advertisement

ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਦਾ ਅਹਿਦ

ਜਲੰਧਰ (ਹਤਿੰਦਰ ਮਹਿਤਾ): ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਫਲੈਗ ਮਾਰਚ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਦਾ ਫਰਜ਼ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੂਰੇ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਇਸੇ ਤਹਿਤ ਫਲੈਗ ਮਾਰਚ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸਐੱਸਪੀ ਜਲੰਧਰ (ਦਿਹਾਤੀ) ਅੰਕੁਰ ਗੁਪਤਾ ਵੱਲੋਂ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਤਹਿਤ ਸੁਰੱਖਿਆ ਬਲਾਂ ਵੱਲੋਂ ਨਕੋਦਰ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ ਗਈ।

ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਸਵੀਪ ਗਤੀਵਿਧੀਆਂ

ਹੁਸ਼ਿਆਰਪੁਰ(ਹਰਪ੍ਰੀਤ ਕੌਰ): ਜ਼ਿਲ੍ਹੇ ਵਿੱਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਿਧਾਨ ਸਭਾ ਖੇਤਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਇਕ ਅਲੱਗ ਅੰਦਾਜ਼ ਵਿਚ ਵੋਟ ਜਾਗਰੂਕਤਾ ਦੀ ਅਲਖ ਜਗਾਈ ਹੈ। ਉਨ੍ਹਾਂ ਬੱਸ ਸਟੈਂਡ ਹੁਸ਼ਿਆਰਪੁਰ ਵਿੱਚ ਜਿੱਥੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਦੀ ਅਪੀਲ ਕੀਤੀ ਉਥੇ ਬੱਸ ਸਟੈਂਡ ’ਤੇ ਸਵਾਰੀਆਂ ਨੂੰ ਵੀ ਅਨੋਖੇ ਅੰਦਾਜ਼ ਵਿਚ ਵੋਟ ਪ੍ਰਤੀ ਜਾਗਰੂਕ ਕੀਤਾ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਵੱਖ-ਵੱਖ ਬੱਸਾਂ ’ਚ ਚੜ੍ਹ ਕੇ ਨਾਟਕੀ ਅੰਦਾਜ਼ ਵਿਚ ਡਫਲੀ ਵਜਾ ਕੇ ਸਵਾਰੀਆਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਜ਼ਰੂਰ ਪ੍ਰਯੋਗ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਵੋਟ ਪਾਉਣ ਦਾ ਪ੍ਰਣ ਵੀ ਦਿਵਾਇਆ।

Advertisement
Author Image

Advertisement
Advertisement
×