For the best experience, open
https://m.punjabitribuneonline.com
on your mobile browser.
Advertisement

ਅਧਿਆਪਕ ਜਥੇਬੰਦੀਆਂ ਵੱਲੋਂ ਗਿੱਦੜਬਾਹਾ ’ਚ ਝੰਡਾ ਮਾਰਚ

08:34 AM Nov 17, 2024 IST
ਅਧਿਆਪਕ ਜਥੇਬੰਦੀਆਂ ਵੱਲੋਂ ਗਿੱਦੜਬਾਹਾ ’ਚ ਝੰਡਾ ਮਾਰਚ
ਗਿੱਦੜਬਾਹਾ ਵਿੱਚ ਡਿੰਪੀ ਢਿੱਲੋਂ ਦੀ ਰਿਹਾਇਸ਼ ਮੂਹਰੇ ਧਰਨਾ ਦਿੰਦੇ ਹੋਏ ਅਧਿਆਪਕ।‌ -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ
‘ਆਪ ਸਰਕਾਰ’ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ, ਕੰਪਿਊਟਰ ਅਧਿਆਪਕ ਯੂਨੀਅਨ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਗਿੱਦੜਬਾਹਾ ਵਿੱਚ ਝੰਡਾ ਮਾਰਚ ਕੀਤਾ ਗਿਆ। ਅਧਿਆਪਕਾਂ ਨੇ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡੀਟੀਐੱਫ ਦੇ ਸੂਬਾ ਪ੍ਰਧਾਨ ਦਿੱਗਵਿਜੈ ਪਾਲ ਸ਼ਰਮਾ, ਮੈਰੀਟੋਰੀਅਸ ਯੂਨੀਅਨ ਦੇ ਸੂਬਾ ਸਕੱਤਰ ਡਾਕਟਰ ਅਜੈ ਸ਼ਰਮਾ, ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਭਖਵੇਂ ਮਸਲੇ ਪੁਰਾਣੀ ਪੈਨਸ਼ਨ ਬਹਾਲੀ ਨੂੰ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਤੋਂ ਬਾਅਦ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਵੀ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ 20 ਸਾਲ ਤੋਂ ਸੁਸਾਇਟੀ ਅਧੀਨ ਕੰਮ ਕਰਨ ਨੂੰ ਮਜਬੂਰ ਹਨ। ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਨੂੰ ਠੇਕਾ ਸਿਸਟਮ ਅਧੀਨ ਭਰਤੀ ਕੀਤਾ ਹੋਇਆ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 28 ਨਵੰਬਰ ਨੂੰ ਜੱਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਦੇ ਭਰੋਸੇ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਸਮੇਂ ਅਧਿਆਪਕ ਆਗੂ ਲਖਵੀਰ ਸਿੰਘ ਹਰੀਕੇ, ਰੇਸ਼ਮ ਬਠਿੰਡਾ ਹਰਜੀਤ ਸਿੰਘ ਬਰਕੰਦੀ, ਬਲਰਾਜ ਸਿੰਘ ਹਰਭਗਵਾਨ ਸਿੰਘ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਆਪਣੀ ਨੌਕਰੀ ਦੀ ਬਹਾਲੀ ਅਤੇ ਜਥੇਬੰਦੀਆਂ ਦੀਆਂ ਮੰਗਾਂ ਦੀ ਪੂਰਤੀ ਖਾਤਰ ਡਿਪਟੀ ਕਮਿਸ਼ਨਰ ਦਫਤਰ ਦੇ ਨੇੜੇ ਸ਼ੁਰੂ ਕੀਤਾ ਮਰਨ ਵਰਤ ਪੰਜਵੇਂ ਦਿਨ ਵੀ ਜਾਰੀ ਰਿਹਾ। ਠੰਢ, ਖਰਾਬ ਮੌਸਮ ਅਤੇ ਖੁੱਲ੍ਹੇ ਅਸਮਾਨ ਹੇਠ ਚੱਲ ਰਹੇ ਇਸ ਮਰਨ ਵਰਤ ਦੀ ਹਮਾਇਤ ’ਚ ਜਥੇਬੰਦੀ ਦੀਆਂ ਆਗੂ ਰੇਸ਼ਮਾ ਰਾਣੀ ਫਾਜ਼ਿਲਕਾ, ਸ਼ਿੰਦਰਪਾਲ ਕੌਰ ਥਾਂਦੇਵਾਲਾ, ਕਿਰਨਜੀਤ ਕੌਰ ਭੰਗਚੜ੍ਹੀ, ਵੀਰਪਾਲ ਕੌਰ ਭਾਗਸਰ, ਗਗਨਦੀਪ ਕੌਰ ਮੱਲਣ ਅਤੇ ਲਖਵਿੰਦਰ ਕੌਰ ਦਬੜਾ ਹੋਰਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਆਂਗਣਵਾੜੀ ਕੇਂਦਰਾਂ ’ਚ ਸਪਲਾਈ ਕੀਤੀ ਜਾਂਦੀ ਖੁਰਾਕ ਦੇ ਮਾੜੇ ਮਿਆਰ ਬਾਰੇ ਅਕਸਰ ਮੁੱਦਾ ਚੁੱਕਿਆ ਜਾਂਦਾ ਸੀ ਜਿਸ ਕਰਕੇ ਹਰਗੋਬਿੰਦ ਕੌਰ ਨੂੰ ਬਿਨ੍ਹਾਂ ਕਾਰਣ ਨੌਕਰੀ ਤੋਂ ਹਟਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਮੁੱਖ ਮੰਗ ਹਰਗੋਬਿੰਦ ਕੌਰ ਦੀ ਨੌਕਰੀ ਬਹਾਲ ਕਰਨੀ ਅਤੇ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਅਸਤੀਫਾ ਲੈਣਾ ਹੈ।

Advertisement

ਡੈਮੋਕ੍ਰੈਟਿਕ ਮਿੱਡ-ਡੇ-ਮੀਲ ਕੁੱਕ ਫਰੰਟ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ: ਡੈਮੋਕ੍ਰੈਟਿਕ ਮਿੱਡ-ਡੇ-ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਗਿੱਦੜਵਾਹਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰਾਂ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਇਕੱਠੀਆਂ ਹੋਈਆਂ। ਜਦੋਂ ਕਿਸੇ ਸਰਕਾਰੀ ਨੁਮਾਇੰਦੇ ਨੇ ਆ ਕੇ ਉਨ੍ਹਾਂ ਨਾਲ ਗੱਲ ਨਾ ਕੀਤੀ ਤਾਂ ਉਨ੍ਹਾਂ ਮੁੱਖ ਬਾਜ਼ਾਰ ਵਿੱਚੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਾ ਸ਼ੁਰੂ ਕਰ ਦਿੱਤਾ। ਪੁਲੀਸ ਨੇ ਉਨ੍ਹਾਂ ਨੂੰ ਘੰਟਾ ਘਰ ਕੋਲ ਬੈਰੀਕੇਡ ਲਾ ਕੇ ਰੋਕ ਲਿਆ। ਧਰਨਾਕਾਰੀਆਂ ਨੇ ਕਿਸੇ ਅਧਿਕਾਰੀ ਨੂੰ ਮੰਗ ਪੱਤਰ ਦੇਣ ਤੋਂ ਮਨ੍ਹਾਂ ਕਰ ਦਿੱਤਾ। ਇਸ ਸਥਿਤੀ ਨਾਲ ਨਜਿੱਠਦੇ ਹੋਏ ਪ੍ਰਸ਼ਾਸਨ ਨੇ ਗਿੱਦੜਬਾਹਾ ਵਿੱਚ ਮੌਜੂਦ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਨੇ ਕੁੱਕ ਬੀਬੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਗੱਲ ਕੀਤੀ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ 26 ਨਵੰਬਰ ਦੀ ਮੀਟਿੰਗ ਤੈਅ ਕਰਵਾ ਦਿੱਤੀ। ਇਸ ਤੋਂ ਬਾਅਦ ਕੁੱਕ ਬੀਬੀਆਂ ਨੇ ਆਪਣਾ ਮੰਗ ਪੱਤਰ ਦਿੱਤਾ ਅਤੇ ਧਰਨਾ ਸਮਾਪਤ ਕੀਤਾ। ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਪਰਮਜੀਤ ਕੌਰ ਮੁਕਤਸਰ, ਜਲ ਕੌਰ ਬਠਿੰਡਾ ਕੁਲਵੰਤ ਕੌਰ ਕਲਿਆਣ, ਬਲਜੀਤ ਕੌਰ ਦੋਦਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਿਡ ਡੇ ਮੀਲ ਕੁੱਕ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਨੂੰ ਲੈ ਕੇ ਸਰਕਾਰ ਨਾਲ ਵਾਰ ਵਾਰ ਮੀਟਿੰਗਾਂ ਕੀਤੀਆਂ ਗਈਆਂ, ਪਰ ਸਿਵਾਏ ਲਾਰੇ ਲਾਉਣ ਤੋਂ ਕੁਝ ਵੀ ਨਹੀਂ ਕੀਤਾ ਗਿਆ। ਇਸ ਲਈ ਅੱਜ ਸਰਕਾਰ ਖਿਲਾਫ਼ ਗਿੱਦੜਵਾਹਾ ਵਿੱਚ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement