ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਤਿੰਨ ਮਹੀਨੇ ਵਿੱਚ ਉਡਾਣਾਂ ਹੋਣਗੀਆਂ ਸ਼ੁਰੂ: ਅਮਰ ਸਿੰਘ
ਪੱਤਰ ਪ੍ਰੇਰਕ
ਗੁਰੂਸਰ ਸੁਧਾਰ/ਰਾਏਕੋਟ, 28 ਨਵੰਬਰ
ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਉਪਰੰਤ ਸ਼ਹੀਦ ਕਰਤਾਰ ਸਿੰਘ ਸਰਾਭਾ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਤਿੰਨ ਮਹੀਨੇ ਵਿੱਚ ਹਵਾਈ ਉਡਾਣਾਂ ਸ਼ੁਰੂ ਹੋਣ ਦਾ ਦਾਅਵਾ ਕੀਤਾ ਹੈ।
ਡਾਕਟਰ ਅਮਰ ਸਿੰਘ ਅਨੁਸਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਇਸ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਾਇਡੂ ਨੇ ਭਰੋਸਾ ਦਿਵਾਇਆ ਹੈ ਕਿ ਆਉਣ ਵਾਲੇ 3 ਮਹੀਨੇ ਵਿੱਚ ਇਹ ਹਵਾਈ ਅੱਡਾ ਸ਼ੁਰੂ ਹੋ ਜਾਵੇਗਾ ਅਤੇ ਇੱਥੋਂ ਹਵਾਈ ਉਡਾਣਾਂ ਚਾਲੂ ਹੋ ਜਾਣਗੀਆਂ।
ਲੋਕ ਸਭਾ ਮੈਂਬਰ ਨੇ ਇਹ ਵੀ ਕਿਹਾ ਕਿ 2018 ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਸਾਰੀਆਂ ਮਨਜ਼ੂਰੀਆਂ ਲੈ ਕੇ ਇਸ ਹਵਾਈ ਅੱਡੇ ਦਾ ਕੰਮ ਉਨ੍ਹਾਂ ਹੀ ਸ਼ੁਰੂ ਕਰਵਾਇਆ ਸੀ ਅਤੇ ਹੁਣ ਇਹ ਹਵਾਈ ਅੱਡਾ ਬਣ ਕੇ ਤਿਆਰ ਹੋ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਕੁਝ ਅਰਸਾ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀ ਦੀਵਾਲੀ ਤੋਂ ਪਹਿਲਾਂ ਹਵਾਈ ਉਡਾਣਾਂ ਸ਼ੁਰੂ ਹੋਣ ਦਾ ਦਾਅਵਾ ਕੀਤਾ ਸੀ।