ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਿੱਡ-ਡੇਅ ਮੀਲ ਦੀ ਜਾਂਚ
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 14 ਨਵੰਬਰ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਿੱਡ-ਡੇਅ ਮੀਲ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਲਗਾਤਾਰ ਸਕੂਲਾਂ ’ਚ ਜਾ ਕੇ ਦੁਪਹਿਰ ਦੇ ਖਾਣੇ ਦੀ ਜਾਂਚ ਕਰਨ। ਇੱਥੇ ਮੀਟਿੰਗ ਦੌਰਾਨ ਕਪੂਰਥਲਾ ਜ਼ਿਲ੍ਹੇ ’ਚ ਮਿੱਡ-ਡੇਅ ਮੀਲ ਤੇ ਹੋਰ ਸਰਕਾਰੀ ਸਕੀਮਾਂ ਨੂੰ ਲਾਗੂ ਕਰਨਾ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੁਦ ਸਕੂਲਾਂ ਦੇ ’ਚ ਜਾ ਕੇ ਦੁਪਹਿਰ ਦਾ ਖਾਣਾ ਖਾਣ ਤਾਂ ਜੋ ਕਿਸੇ ਵੀ ਕਮੀ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ ਵਾਲੀ ਜਗ੍ਹਾ ’ਤੇ ਸਫ਼ਾਈ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਹੈਲਪਲਾਈਨ ਨੰਬਰ 98761-64545 ਜਾਰੀ ਕੀਤਾ ਗਿਆ ਹੈ ਜਿਸ ’ਤੇ ਲਾਭਪਾਤਰੀ ਕਿਸੇ ਕਿਸਮ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਛੇ ਮਹੀਨੇ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਿਹਤ ਜਾਂਚ ਤੇ ਮਿੱਡ-ਡੇਅ ਮੀਲ ਵਰਕਰਾਂ ਦਾ ਮੈਡੀਕਲ ਚੈੱਕਅਪ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਨੈਸ਼ਨਲ ਫੂਡ ਐਕਟ ਦੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲੋਂ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਕਮਿਸ਼ਨ ਤਹਿਤ ਪ੍ਰਾਪਤ ਸ਼ਿਕਾਇਤਾ ਦਾ ਸਮਾਂ-ਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।