ਜੰਗਲਾਤ ਮਹਿਕਮੇ ਵੱਲੋਂ 3 ਕਰੋੜ ਬੂਟੇ ਲਾਉਣ ਦਾ ਟੀਚਾ: ਕਟਾਰੂਚੱਕ
ਜਤਿੰਦਰ ਬੈਂਸ
ਗੁਰਦਾਸਪੁਰ, 26 ਜੁਲਾਈ
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮੌਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਬੂਟੇ ਲਾਉਣ ਦਾ ਟੀਚਾ ਮਿਥਿਆ ਹੈ ਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 60 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸੀਜ਼ਨ ਦੌਰਾਨ 18 ਲੱਖ ਨਵੇਂ ਬੂਟੇ ਲਾਉਣ ਦਾ ਟੀਚਾ ਹੈ ਜਿਸ ਵਿਚੋਂ 10 ਲੱਖ ਬੂਟੇ ਲਾਏ ਜਾ ਚੁੱਕੇ ਹਨ ਼ਤੇ ਲੋਕਾਂ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।
ਜੰਗਲਾਤ ਮੰਤਰੀ ਕਟਾਰੂਚੱਕ ਅੱਜ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਣ ਮਹਾਉਤਸਵ ਮਨਾ ਰਹੇ ਸਨ। ਕਟਾਰੂਚੱਕ ਨੇ ਸਕੂਲ ’ਚ ਬੂਟਾ ਲਾਉਣ ਮਗਰੋਂ ਕਿਹਾ ਕਿ ਰੁੱਖਾਂ ਤੋਂ ਬਿਨਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਤਵਾਜ਼ਨ ਨੂੰ ਕਾਇਮ ਰੱਖਣ ’ਚ ਰੁੱਖਾਂ ਦਾ ਸਭ ਤੋਂ ਵੱਧ ਯੋਗਦਾਨ ਹੈ। ਇਸ ਮੌਕੇ ਕੈਬਨਟ ਮੰਤਰੀ ਵੱਲੋਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਸਕੂਲ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਮੁਫ਼ਤ ਬੂਟੇ ਵੀ ਵੰਡੇ ਗਏ।
ਜੰਗਲਾਤ ਮੰਤਰੀ ਵੱਲੋਂ ਪਾਰਕ ਦਾ ਕੀਤਾ ਉਦਘਾਟਨ
ਪਠਾਨਕੋਟ (ਪੱਤਰ ਪ੍ਰੇਰਕ): ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਛੋਟਾ ਤਾਰਾਗੜ੍ਹ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਆਧੁਨਿਕ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ। ਪਾਰਕ ਦਾ ਨਾਂ ਭਾਰਤ ਦੀ ਪਹਿਲੀ ਮਹਿਲਾ ਅਧਿਆਪਕ ਸਵਿਤਰੀਬਾਈ ਫੂਲੇ ਦੇ ਨਾਂ ’ਤੇ ਰੱਖਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਪਾਰਕ ’ਚ ਇੱਕ ਬੂਟਾ ਵੀ ਲਾਇਆ। ਕਟਾਰੂਚੱਕ ਨੇ ਆਖਿਆ ਕਿ ਵਧ ਰਿਹਾ ਤਾਪਮਾਨ ਖ਼ਤਰੇ ਦੀ ਘੰਟੀ ਹੈ ਅਤੇ ਆਲਮੀ ਤਪਸ਼ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਜ਼ਰੂਰੀ ਹਨ।