ਭਾਜਪਾ ਦਾ ਸਾਬਕਾ ਵਿਧਾਇਕ ਬਲਕੌਰ ਸਿੰਘ ਕਾਂਗਰਸ ਵਿੱਚ ਸ਼ਾਮਲ
ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 7 ਸਤੰਬਰ
ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਭਾਜਪਾ ਦੇ ਬਾਗੀਆਂ ਦੀ ਗਿਣਤੀ ਲਗਤਾਰ ਵਧਦੀ ਜਾ ਰਹੀ ਹੈ। ਭਾਜਪਾ ਵੱਲੋਂ ਰਾਜਿੰਦਰ ਸਿੰਘ ਦੇਸੂਜੋਧਾ ਨੂੰ ਕਾਲਾਂਵਾਲੀ ਹਲਕੇ ਤੋਂ ਟਿਕਟ ਦੇਣ ਤੋਂ ਨਾਰਾਜ਼ ਸਾਬਕਾ ਵਿਧਾਇਕ ਬਲਕੌਰ ਸਿੰਘ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਬਲਕੌਰ ਸਿੰਘ ਕਿਹਾ ਕਿ ਪਾਰਟੀ ਨੇ ਇਸ ਚੋਣ ਵਿਚ ਉਸ ਵਿਅਕਤੀ ਨੂੰ ਉਮੀਦਵਾਰ ਬਣਾਇਆ ਹੈ, ਜਿਸ ਨੂੰ ਸਾਲ 2019 ਵਿਚ ਤਤਕਾਲੀ ਮੁੱਖ ਮੰਤਰੀ ਮਨੋਹਰ ਲਾਲ ਨੇ ਨਸ਼ਾ ਤਸਕਰੀ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦੇ ਹੋਏ ਉਸ ਦੀ ਟਿਕਟ ਰੱਦ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਵਿੱਚ ਰਹਿੰਦਿਆਂ 5 ਸਾਲ ਪਾਰਟੀ ਦੀ ਸੇਵਾ ਕੀਤੀ ਅਤੇ ਇਲਾਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਪਰ ਜਦੋਂ ਚੋਣਾਂ ਆਈਆਂ ਤਾਂ ਉਨ੍ਹਾਂ ਦੀ ਟਿਕਟ ਕੱਟ ਕੇ ਕਿਸੇ ਹੋਰ ਵਿਅਕਤੀ ਨੂੰ ਦਿੱਤੀ ਗਈ। ਪਾਰਟੀ ਦੇ ਇਸ ਫੈਸਲੇ ਤੋਂ ਨਾਰਾਜ਼ ਬਲਕੌਰ ਸਿੰਘ ਨੇ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ, ਜਿਸ ਵਿੱਚ ਉਨ੍ਹਾਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਅੱਜ ਸਵੇਰੇ ਬਲਕੌਰ ਸਿੰਘ ਆਪਣੇ ਸੈਂਕੜੇ ਸਮਰਥਕਾਂ ਨਾਲ ਦਿੱਲੀ ਲਈ ਰਵਾਨਾ ਹੋਏ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਰਿਹਾਇਸ਼ ’ਤੇ ਪਾਰਟੀ ’ਚ ਸ਼ਾਮਲ ਹੋਏ।
ਰਾਣੀਆਂ ਹਲਕੇ ਤੋਂ ਆਜ਼ਾਦ ਉਮੀਦਵਾਰ ਨੇ ਭਰੇ ਨਾਮਜ਼ਦਗੀ ਪੇਪਰ
ਸਿਰਸਾ (ਪ੍ਰਭੂ ਦਿਆਲ): ਹਰਿਆਣਾ ਵਿਧਾਨ ਸਭਾ ਆਮ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਦੇ ਤੀਜੇ ਦਿਨ ਸ਼ਨਿਚਰਵਾਰ ਨੂੰ ਜ਼ਿਲ੍ਹੇ ਵਿੱਚ ਇਕ ਵਿਅਕਤੀ ਨੇ ਰਾਣੀਆਂ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਹੈ ਕਿ ਰਾਣੀਆਂ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਮਹਿੰਦਰ ਸਿੰਘ ਨੇ ਰਾਣੀਆਂ ਵਿਧਾਨ ਸਭਾ ਹਲਕੇ ਲਈ ਨਾਮਜ਼ਦਗੀ ਦਾਖ਼ਲ ਕੀਤਾ ਹੈ।