ਸਾਬਕਾ ਕਾਂਗਰਸੀ ਕੌਂਸਲਰ ਵਿਜੇ ਦਕੋਹਾ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਜਲੰਧਰ, 25 ਸਤੰਬਰ
ਸਾਬਕਾ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਦਕੋਹਾ ਨੂੰ ਸਿਟੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਰਾਮਾ ਮੰਡੀ ਦੇ ਐੱਸਐੱਚਓ ਪਰਮਿੰਦਰ ਸਿੰਘ ਥਿੰਦ ਨੇ ਕੀਤੀ ਹੈ। ਜਾਣਕਾਰੀ ਅਨੁਸਾਰ ਵਿਜੇ ਦਕੋਹਾ ਨੂੰ ਕਿਸੇ ਜ਼ਮੀਨੀ ਵਿਵਾਦ ਵਿੱਚ ਗ੍ਰਿਫ਼ਤਾਰ ਕਰਨ ਮਗਰੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਦਕੋਹਾ ਦਾ ਡੇਰੇ ਦੀ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਉਦੋਂ ਵਿਜੇ ਦਕੋਹਾ ਵੱਲੋਂ ਜ਼ਮੀਨ ’ਤੇ ਉਸਾਰੀ ਕੀਤੀ ਜਾ ਰਹੀ ਸੀ। ਇਸ ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਜਾਂਚ ਕੀਤੀ ਅਤੇ ਫਿਰ ਵਿਜੇ ਦਕੋਹਾ ਨੂੰ ਗ੍ਰਿਫ਼ਤਾਰ ਕਰ ਲਿਆ। ਦਕੋਹਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਹਿਰ ਦੇ ਕਾਂਗਰਸੀ ਆਗੂਆਂ ਨੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੀਆਂ ਚੋਣਾਂ ’ਚ ਰੁੱਝੇ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ। ਜਲੰਧਰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਪੁਲੀਸ ਸਿਆਸੀ ਦਬਾਅ ਹੇਠ ਸਾਡੇ ਆਗੂਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਥਾਣਾ ਰਾਮਾ ਮੰਡੀ ਦੇ ਐੱਸਐੱਚਓ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਵਿਜੇ ਦਕੋਹਾ ਦੀ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।