For the best experience, open
https://m.punjabitribuneonline.com
on your mobile browser.
Advertisement

ਸਾਬਕਾ ਮੰਤਰੀ ਗਰਚਾ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ

10:26 AM Apr 05, 2024 IST
ਸਾਬਕਾ ਮੰਤਰੀ ਗਰਚਾ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ। ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 4 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸ੍ਰੀ ਗਰਚਾ ਦੀ ਗੁਰਦੇਵ ਨਗਰ ਸਥਿਤ ਰਿਹਾਇਸ਼ ਵਿੱਚ ਸਮਾਗਮ ਹੋਇਆ। ਇਸ ਮੌਕੇ ਜਗਦੀਸ਼ ਸਿੰਘ ਗਰਚਾ ਨੇ ਘਰ ਵਾਪਸੀ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤ ਸਿਰਫ਼ ਅਤੇ ਸਿਰਫ਼ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹਨ। ਸ੍ਰੀ ਬਾਦਲ ਵੱਲੋਂ ਜੋ ਪੰਥਕ ਹਿਤਾਂ ਦੀ ਗੱਲ ਕਰਕੇ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ, ਉਹ ਇਸ ਅਪੀਲ ਨੂੰ ਵੇਖਦਿਆਂ ਹੀ ਅਕਾਲੀ ਦਲ ਵਿੱਚ ਮੁੜ ਵਾਪਸ ਆਏ ਹਨ। ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਬੌਬੀ ਗਰਚਾ ਨੇ ਸੁਖਬੀਰ ਬਾਦਲ ਦਾ ਸਵਾਗਤ ਕਰਦਿਆਂ ਕਿਹਾ ਕਿ ਗਰਚਾ ਪਰਿਵਾਰ ਸਿਰਫ਼ ਬਾਦਲ ਪਰਿਵਾਰ ਹੀ ਨਹੀਂ ਬਲਕਿ ਅਕਾਲੀ ਦਲ ਨਾਲ ਪਹਿਲਾਂ ਵਾਂਗ ਚਟਾਨ ਵਾਂਗ ਖੜ੍ਹੇਗਾ। ਇਸ ਮੌਕੇ ਸੁਖਬੀਰ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਲੁੱਟ ਕਰਨ ਆਈਆਂ ਦਿੱਲੀ ਦੀਆਂ ਕੌਮੀ ਪਾਰਟੀਆਂ ਨੂੰ ਮੂੰਹ ਨਾ ਲਗਾਉਣ ਅਤੇ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ, ਪੰਜਾਬੀਅਤ, ਪੰਥ ਅਤੇ ਕੌਮ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
ਇਸ ਮੌਕੇ ਸ੍ਰੀ ਬਾਦਲ ਨੇ ਕਿਹਾ ਕਿ ਜਗਦੀਸ਼ ਸਿੰਘ ਗਰਚਾ ਦੀ ਉਨ੍ਹਾਂ ਦੇ ਪਰਿਵਾਰ ਨਾਲ 50 ਸਾਲ ਪੁਰਾਣੀ ਸਾਂਝ ਹੈ। ਪਿਛਲੇ ਸਮੇਂ ਦੌਰਾਨ ਕੁਝ ਮੱਤਭੇਦਾਂ ਕਾਰਨ ਉਹ ਪਾਰਟੀ ਤੋਂ ਵੱਖ ਹੋ ਗਏ ਸਨ ਪਰ ਹੁਣ ਉਹ ਮੁੜ ਉਨ੍ਹਾਂ ਦੀ ਅਪੀਲ ਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ੍ਰੀ ਬਾਦਲ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੀ ਕਾਂਗਰਸ ਪਾਰਟੀ ਵਿੱਚ ਹਾਰ ਯਕੀਨੀ ਸੀ ਪਰ ਭਾਜਪਾ ਹਾਈ ਕਮਾਂਡ ਨੇ ਪਤਾ ਨਹੀਂ ਕੀ ਸੋਚ ਕੇ ਉਸ ਨੂੰ ਭਾਜਪਾ ਵਿੱਚ ਲਿਆਂਦਾ ਹੈ ਪਰ ਉਸ ਦੀ ਹੁਣ ਵੀ ਜ਼ਮਾਨਤ ਜ਼ਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਭਗਵੰਤ ਮਾਨ ਡਰਿਆ ਹੋਇਆ ਹੈ ਅਤੇ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਉਸ ਨੂੰ ਆਪਣੇ ਘੁਟਾਲਿਆਂ ਦਾ ਡਰ ਸਤਾ ਰਿਹਾ ਹੈ।

Advertisement

ਸੁਖਬੀਰ ਵੱਲੋਂ ਅਕਾਲੀ ਆਗੂਆਂ ਨਾਲ ਬੰਦ ਕਮਰਾ ਮੀਟਿੰਗ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਬੰਦ ਕਮਰਾ ਮੀਟਿੰਗ ਕਰਕੇ ਲੁਧਿਆਣਾ ਲੋਕ ਸਭਾ ਸੀਟ ਲਈ ਸਾਂਝੇ ਉਮੀਦਵਾਰ ਬਾਰੇ ਗੱਲਬਾਤ ਕੀਤੀ। ਮੀਟਿੰਗ ਦੌਰਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੇ ਨਾਵਾਂ ਬਾਰੇ ਚਰਚਾ ਹੋਈ ਹੈ। ਮੀਟਿੰਗ ਦੌਰਾਨ ਬਹੁਤੇ ਆਗੂਆਂ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਨਾਮ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਾਬਕਾ ਮੰਤਰੀ ਅਤੇ ਸਾਬਕਾ ਐਮਪੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖਾਲਸਾ ਨਾਲ ਵੀ ਵੱਖਰੀ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਕਾਰਗੁਜ਼ਾਰੀ ਬਾਰੇ ਵੀ ਖੁੱਲ੍ਹ ਕੇ ਚਰਚਾ ਹੋਈ।

Advertisement
Author Image

sukhwinder singh

View all posts

Advertisement
Advertisement
×