For the best experience, open
https://m.punjabitribuneonline.com
on your mobile browser.
Advertisement

Manmohan Singh dies: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ’ਚ ਦੇਹਾਂਤ

09:46 PM Dec 26, 2024 IST
manmohan singh dies  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ’ਚ ਦੇਹਾਂਤ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ।
Advertisement

ਨਵੀਂ ਦਿੱਲੀ, 26 ਦਸੰਬਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜਿਨ੍ਹਾਂ ਨੂੰ ਕਿ ਭਾਰਤੀ ਆਰਥਿਕ ਸੁਧਾਰਾਂ ਦੇ ਆਰਕੀਟੈਕਟ ਵਜੋਂ ਜਾਣਿਆ ਜਾਂਦਾ ਸੀ, ਦੀ ਅੱਜ ਰਾਤ ਇੱਥੇ ਮੌਤ ਹੋ ਗਈ। ਉਹ 92 ਸਾਲਾਂ ਦੇ ਸਨ। ਡਾ. ਮਨਮੋਹਨ ਸਿੰਘ ਦੇ ਦੇਹਾਂਤ ਦਾ ਐਲਾਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਸ) ਦਿੱਲੀ ਵੱਲੋਂ ਕੀਤਾ ਗਿਆ। ਅੱਜ ਰਾਤ ਕਰੀਬ 8.30 ਵਜੇ ਉਨ੍ਹਾਂ ਨੂੰ ਗੰਭੀਰ ਹਾਸਲ ਵਿੱਚ ਏਮਸ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

Advertisement

ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਹੋਰ ਆਗੂਆਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement

ਨਵੀਂ ਦਿੱਲੀ ਵਿੱਚ ਇਕ ਦਸਹਿਰਾ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪੁਰਾਣੀ ਤਸਵੀਰ। -ਫੋਟੋ: ਪੀਟੀਆਈ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ, ਉਨ੍ਹਾਂ ਦੇ ਬੇਦਾਗ ਸਿਆਸੀ ਜੀਵਨ ਅਤੇ ਉਨ੍ਹਾਂ ਦੀ ਨਿਮਰਤਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਸਭ ਤੋਂ ਵੱਧ ਪ੍ਰਭਾਵਸ਼ਾਲੀ ਆਗੂਆਂ ਵਿੱਚੋਂ ਇਕ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਆਰਥਿਕ ਨੀਤੀ ’ਤੇ ਡੂੰਘੀ ਛਾਪ ਛੱਡੀ।

ਏਮਸ ਦੇ ਬੁਲੈਟਨ ਵਿੱਚ ਕਿਹਾ ਗਿਆ, ‘‘ਉਨ੍ਹਾਂ ਦਾ ਉਮਰ ਸਬੰਧੀ ਬਿਮਾਰੀਆਂ ਦਾ ਇਲਾਜ ਚੱਲ ਰਿਹਾ ਸੀ ਅਤੇ 26 ਦਸੰਬਰ ਨੂੰ ਸ਼ਾਮ ਸਮੇਂ ਆਪਣੀ ਰਿਹਾਇਸ਼ ਵਿਖੇ ਉਹ ਅਚਾਨਕ ਬੇਸੁੱਧ ਹੋ ਗਏ। ਘਰ ਵਿੱਚ ਹੀ ਉਨ੍ਹਾਂ ਨੂੰ ਮੁੜ ਹੋਸ਼ ਵਿੱਚ ਲਿਆਉਣ ਲਈ ਤੁਰੰਤ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਉਪਰੰਤ ਉਨ੍ਹਾਂ ਨੂੰ ਰਾਤ 8.06 ਵਜੇ ਏਮਸ ਦਿੱਲੀ ਦੀ ਮੈਡੀਕਲ ਐਮਰਜੈਂਸੀ ਵਿੱਚ ਲਿਆਂਦਾ ਗਿਆ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਰਾਤ 9.51 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।’’
ਡਾ. ਮਨਮੋਹਨ ਸਿੰਘ ਕਾਂਗਰਸੀ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੌਰਾਨ 2004 ਤੋਂ 2014 ਤੱਕ ਲਗਾਤਾਰ ਦੋ ਵਾਰ ਪ੍ਰਧਾਨ ਮੰਤਰੀ ਰਹੇ। ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਨਾਜ਼ੁਕ ਚੱਲ ਰਹੀ ਸੀ। ਉਹ ਆਪਣੇ ਪਿੱਛੇ ਪਤਨੀ ਗੁਰਚਰਨ ਕੌਰ ਤੇ ਤਿੰਨ ਧੀਆਂ ਛੱਡ ਗਏ ਹਨ।
ਡਾ. ਮਨਮੋਹਨ ਸਿੰਘ ਦੇ ਹਸਪਤਾਲ ਦਾਖ਼ਲ ਹੋਣ ਦੀ ਖ਼ਬਰ ਮਿਲਦੇ ਹੀ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਤੇ ਉਨ੍ਹਾਂ ਦੀ ਮਾਤਾ ਸੋਨੀਆ ਗਾਂਧੀ ਤੁਰੰਤ ਹਸਪਤਾਲ ਪਹੁੰਚ ਗਏ ਸਨ।
1991 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਦੀ ਸਰਕਾਰ ਵੇਲੇ ਦੇਸ਼ ਦੇ ਵਿੱਤ ਮੰਤਰੀ ਵਜੋਂ ਸੇਵਾ ਨਿਭਾਉਂਦਿਆਂ ਉਨ੍ਹਾਂ ਵੱਲੋਂ ਲਿਆਂਦੇ ਗਏ ਆਰਥਿਕ ਸੁਧਾਰਾਂ ਕਰ ਕੇ ਉਨ੍ਹਾਂ ਨੂੰ ਆਰਥਿਕ ਸੁਧਾਰਾਂ ਦਾ ਆਰਕੀਟੈਕਟ ਕਿਹਾ ਜਾਂਦਾ ਸੀ।
ਉੱਧਰ, ਮਨਮੋਹਨ ਸਿੰਘ ਦੇ ਦੇਹਾਂਤ ਦੀ ਖ਼ਬਰ ਮਿਲਣ ’ਤੇ ਕਾਂਗਰਸੀ ਪਾਰਟੀ ਨੇ ਕਰਨਾਟਕ ਦੇ ਬੇਲਾਗਾਵੀ ਵਿੱਚ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸਮਾਪਤ ਕਰ ਦਿੱਤੀ। ਇੱਥੇ ਪਾਰਟੀ ਦੇ ਚੋਟੀ ਦੇ ਸਾਰੇ ਆਗੂ ਹਾਜ਼ਰ ਸਨ।
ਸੂਤਰਾਂ ਮੁਤਾਬਕ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬੇਲਾਗਾਵੀ ਤੋਂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। -ਪੀਟੀਆਈ

Advertisement
Author Image

Advertisement