ਸਿੱਖ ਸੰਸਥਾ ਖ਼ਿਲਾਫ਼ ਨਿੱਤਰੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਤਖ਼ਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰਨ ਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਸੰਭਾਲ ਮੌਕੇ ਹੋਈ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਨੂੰ ਲੈ ਕੇ ਰੋਹ ਲਗਾਤਾਰ ਵੱਧ ਰਿਹਾ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਦਰਜਨ ਤੋਂ ਵੱਧ ਸਾਬਕਾ ਸਕੱਤਰਾਂ ਨੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਘੇਰਿਆ। ਇਨ੍ਹਾਂ ਸਾਬਕਾ ਸਕੱਤਰਾਂ ਦੀ ਮੀਟਿੰਗ ਨਿਊ ਅੰਮ੍ਰਿਤਸਰ ਵਿੱਚ ਹੋਈ। ਇਸ ਵਿੱਚ ਕੁਲਵੰਤ ਸਿੰਘ, ਰਘਬੀਰ ਸਿੰਘ ਰਾਜਾਸਾਂਸੀ, ਦਿਲਮੇਘ ਸਿੰਘ, ਜੋਗਿੰਦਰ ਸਿੰਘ, ਵਰਿਆਮ ਸਿੰਘ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੋੜਾ, ਪਰਮਜੀਤ ਸਿੰਘ ਸਰੋਆ, ਜਗਜੀਤ ਸਿੰਘ ਜੱਗੀ, ਮਨਜੀਤ ਸਿੰਘ ਬਾਠ, ਤਰਲੋਚਨ ਸਿੰਘ, ਰਮਿੰਦਰਬੀਰ ਸਿੰਘ, ਅਵਤਾਰ ਸਿੰਘ ਸੈਂਪਲਾ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਪਰਮਿੰਦਰ ਸਿੰਘ ਡੰਡੀ ਤੇ ਬਾਪੂ ਜਸਵੰਤ ਸਿੰਘ ਨੇ ਵੀ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਸ਼ਾਮਲ ਸਾਬਕਾ ਸਕੱਤਰਾਂ ਨੇ ਕਿਹਾ ਕਿ ਜਥੇਦਾਰਾਂ ਨੂੰ ਜਿਸ ਤਰੀਕੇ ਨਾਲ ਦੋਸ਼ ਲਾ ਕੇ ਲਾਂਭੇ ਕੀਤਾ ਗਿਆ ਹੈ ਇਹ ਗਲਤ ਹੈ, ਦੂਜਾ ਫਿਰ ਉਸੇ ਜਥੇਦਾਰ ਨੂੰ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਸੇਵਾ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਪੁੱਛਿਆ ਕਿ ਕੀ ਮੌਜੂਦਾ ਨਵਨਿਯੁਕਤ ਜਥੇਦਾਰਾਂ ਦੇ ਕਿਰਦਾਰ ਦੀ ਪੜਤਾਲ ਕਰ ਕੇ ਰਿਪੋਰਟ ਉਨ੍ਹਾਂ ਦੀ ਫਾਈਲ ਵਿੱਚ ਸ਼ਾਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਿੱਖ ਸੰਸਥਾ ’ਤੇ ਕਾਬਜ਼ ਅਕਾਲੀ ਦਲ ਬਹੁਤ ਹੀ ਬੇਸਮਝੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਨਚਾਹੇ ਤਰੀਕੇ ਨਾਲ ਵਰਤ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿੰਨੇ ਹੀ ਜਥੇਦਾਰ, ਕਈ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਕਈ ਸਕੱਤਰ ਇਸ ਧੱਕੇਸ਼ਾਹੀ ਕਰਨ ਵਾਲੇ ਅਕਾਲੀ ਦਲ ਦੇ ਸ਼ਿਕਾਰ ਹੋਏ ਹਨ।
ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਨੂੰ ਅਹੁਦੇ ਤੋਂ ਫ਼ਾਰਗ ਕਰਨ ਅਤੇ ਵਰਤੀ ਗਈ ਮੰਦੀ ਅਪਮਾਨਜਨਕ ਸ਼ਬਦਾਵਲੀ ਵਾਲੇ ਮਤੇ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਿੱਖ ਸੰਸਥਾ ਵਿੱਚ ਰਹਿ ਕੇ ਇਨ੍ਹਾਂ ਸੰਸਥਾਵਾਂ ਦੀਆਂ ਉੱਚੀਆਂ ਕਦਰਾਂ ਕੀਮਤਾਂ ਨੂੰ ਬਹਾਲ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਨੂੰ 17 ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿਚ ਪ੍ਰਧਾਨਗੀ ਸੰਭਾਲ ਕੇ ਪੰਥ ਖਾਤਰ ਡੱਟ ਕੇ ਪਹਿਰਾ ਦੇਣਾ ਚਾਹੀਦਾ ਹੈ ਅਤੇ 2 ਦਸੰਬਰ ਨੂੰ ਅਕਾਲ ਤਖ਼ਤ ਤੋਂ ਹੋਏ ਹੁਕਮਨਾਮਿਆਂ ਦੀ ਇੰਨ ਬਿੰਨ ਪਾਲਣਾ ਕੀਤੀ ਤੇ ਕਰਵਾਈ ਜਾਵੇ।