ਸੁਤੰਤਰਤਾ ਸੈਨਾਨੀ ਤੇ ਵਾਈਸ ਪ੍ਰਿੰਸੀਪਲ ਨੂੰ ਲਾਪਤਾ ਕਰਨ ’ਤੇ ਸਾਬਕਾ ਐੱਸਐੱਚਓ ਨੂੰ 10 ਸਾਲ ਦੀ ਕੈਦ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 23 ਦਸੰਬਰ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 32 ਸਾਲ ਪੁਰਾਣੇ ਅਗਵਾ ਕਰਨ, ਗੈਰ-ਕਾਨੂੰਨੀ ਹਿਰਾਸਤ ਅਤੇ ਗੁੰਮਸ਼ੁਦਗੀ ਮਾਮਲੇ ਦਾ ਨਿਬੇੜਾ ਕਰਦਿਆਂ ਥਾਣਾ ਸਰਹਾਲੀ (ਤਰਨ ਤਾਰਨ) ਦੇ ਤਤਕਾਲੀ ਐੱਸਐੱਚਓ ਸੁਰਿੰਦਰਪਾਲ ਸਿੰਘ ਨੂੰ ਦੋਸ਼ੀ ਮੰਨਦਿਆਂ 10 ਸਾਲ ਦੀ ਸਜ਼ਾ ਸੁਣਾਈ ਹੈ, ਜਦਕਿ ਇਸ ਮਾਮਲੇ ਵਿੱਚ ਨਾਮਜ਼ਦ ਜਾਂਚ ਅਧਿਕਾਰੀ ਏਐੱਸਆਈ ਅਵਤਾਰ ਸਿੰਘ ਦੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਦੋਸ਼ੀ ਐੱਸਐੱਚਓ ਨੂੰ ਧਾਰਾ 364 ਤਹਿਤ 10 ਸਾਲ ਦੀ ਕੈਦ ਅਤੇ ਦੋ ਲੱਖ ਰੁਪਏ, ਧਾਰਾ 120-ਬੀ ਤਹਿਤ 10 ਸਾਲ ਦੀ ਕੈਦ ਤੇ ਦੋ ਲੱਖ ਰੁਪਏ, ਧਾਰਾ 365 ਤਹਿਤ ਸੱਤ ਸਾਲ ਦੀ ਕੈਦ ਤੇ 70 ਹਜ਼ਾਰ ਰੁਪਏ ਜੁਰਮਾਨਾ ਅਤੇ ਧਾਰਾ 342 ਤਹਿਤ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੇ ਉਹ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਹੀਂ ਕਰਵਾਉਂਦਾ ਤਾਂ ਉਸ ਨੂੰ 2 ਸਾਲ ਦੀ ਵੱਧ ਕੈਦ ਕੱਟਣੀ ਪਵੇਗੀ। ਦੋਸ਼ੀ ਸੁਰਿੰਦਰਪਾਲ ਸਿੰਘ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ।
ਸਾਬਕਾ ਐੱਸਐੱਚਓ ਸੁਰਿੰਦਰਪਾਲ ਸਿੰਘ ’ਤੇ ਸੁਤੰਤਰਤਾ ਸੈਨਾਨੀ ਸੁਲੱਖਣ ਸਿੰਘ ਅਤੇ ਉਸ ਦੇ ਜਵਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੋਪੋਕੇ (ਤਰਨ ਤਾਰਨ) ਦੇ ਵਾਈਸ ਪ੍ਰਿੰਸੀਪਲ ਸੁਖਦੇਵ ਸਿੰਘ ਨੂੰ 31 ਅਕਤੂਬਰ 1990 ਨੂੰ ਨਾਜਾਇਜ਼ ਹਿਰਾਸਤ ਵਿੱਚ ਲੈਣ ਦਾ ਦੋਸ਼ ਹੈ। ਸੁਲੱਖਣ ਸਿੰਘ ਆਜ਼ਾਦੀ ਲਹਿਰ ਦੌਰਾਨ ਬਾਬਾ ਸੋਹਣ ਸਿੰਘ ਭਕਨਾ ਦੇ ਨਜ਼ਦੀਕੀ ਸਾਥੀਆਂ ’ਚੋਂ ਇੱਕ ਸਨ।
ਪੀੜਤ ਪਰਿਵਾਰ ਦੇ ਵਕੀਲਾਂ ਜਗਜੀਤ ਸਿੰਘ ਬਾਜਵਾ, ਸਰਬਜੀਤ ਸਿੰਘ ਵੇਰਕਾ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਜਿਸ ਥਾਣੇਦਾਰ ਏਐੱਸਆਈ ਅਵਤਾਰ ਸਿੰਘ ਨੇ ਦੋਵਾਂ ਨੂੰ ਚੁੱਕਿਆ ਸੀ, ਉਸ ਨੇ ਪੀੜਤ ਪਰਿਵਾਰ ਨੂੰ ਇਹ ਦੱਸਿਆ ਸੀ ਕਿ ਸੁਲੱਖਣ ਸਿੰਘ ਅਤੇ ਸੁਖਦੇਵ ਸਿੰਘ ਨੂੰ ਐੱਸਐੱਚਓ ਸੁਰਿੰਦਰਪਾਲ ਸਿੰਘ ਨੇ ਪੁੱਛ-ਪੜਤਾਲ ਲਈ ਸੱਦਿਆ ਹੈ। ਦੋਵਾਂ ਨੂੰ ਤਿੰਨ ਦਿਨ ਤੱਕ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਤੇ ਬਾਅਦ ’ਚ ਉਨ੍ਹਾਂ ਦਾ ਕੁੱਝ ਪਤਾ ਨਹੀਂ ਲੱਗਾ। ਇਸ ਮਾਮਲੇ ਵਿੱਚ ਵਾਈਸ ਪ੍ਰਿੰਸੀਪਲ ਸੁਖਦੇਵ ਸਿੰਘ ਦੀ ਪਤਨੀ ਸੁਖਵੰਤ ਕੌਰ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਕੇ ਕਿਹਾ ਕਿ ਸੁਖਦੇਵ ਸਿੰਘ ਅਤੇ ਸੁਲੱਖਣ ਸਿੰਘ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਸਾਲ 2003 ਵਿੱਚ ਕੁਝ ਪੁਲੀਸ ਮੁਲਾਜ਼ਮਾਂ ਨੇ ਸੁਖਵੰਤ ਕੌਰ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਖਾਲੀ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾ ਲਏ ਅਤੇ ਕੁਝ ਦਿਨਾਂ ਬਾਅਦ ਉਸ ਨੂੰ ਸੁਖਦੇਵ ਸਿੰਘ ਦਾ ਮੌਤ ਦਾ ਸਰਟੀਫਿਕੇਟ ਸੌਂਪ ਦਿੱਤਾ, ਜਿਸ ਵਿੱਚ 8 ਜੁਲਾਈ 1993 ਨੂੰ ਉਸ ਦੀ ਮੌਤ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਪੀੜਤ ਪਰਿਵਾਰ ਅਨੁਸਾਰ ਸੁਖਦੇਵ ਸਿੰਘ ਅਤੇ ਸੁਲੱਖਣ ਸਿੰਘ ਦੀ ਮੌਤ ਤਸ਼ੱਦਦ ਕਾਰਨ ਹੋਈ ਸੀ। ਉਨ੍ਹਾਂ ਅਨੁਸਾਰ ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਹਰੀਕੇ ਨਹਿਰ ਵਿੱਚ ਸੁੱਟ ਦਿੱਤੀਆਂ ਸਨ।
ਖਾਲੜਾ ਕਤਲ ਕੇਸ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਭੁਗਤ ਰਿਹੈ ਦੋਸ਼ੀ
ਦੋਸ਼ੀ ਸੁਰਿੰਦਰਪਾਲ ਸਿੰਘ, ਜਸਵੰਤ ਸਿੰਘ ਖਾਲੜਾ ਕਤਲ ਕੇਸ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉਸ ’ਤੇ ਪਿੰਡ ਜੀਓ ਬਾਲਾ (ਤਰਨ ਤਾਰਨ) ਦੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਕੇਸ ਵਿੱਚ ਵੀ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।