ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਬ-ਇੰਸਪੈਕਟਰ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਦਸੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ) ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਮੌਕੇ ਉਹ ਐੱਨ.ਡੀ.ਪੀ.ਐੱਸ. ਕਾਨੂੰਨ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਸੀ, ਬਿਊਰੋ ਵੱਲੋਂ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲੀਸ ਮੁਲਾਜ਼ਮ ਨੂੰ ਜੋਗਾ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਪੁਲੀਸ ਸਬ-ਇੰਸਪੈਕਟਰ ਨੇ ਆਪਣੀ ਤਾਇਨਾਤੀ ਦੌਰਾਨ ਸ਼ਿਕਾਇਤਕਰਤਾ ਤੋਂ ਸਾਲ 2017 ਵਿੱਚ ਥਾਣਾ ਅੰਮ੍ਰਿਤਸਰ ਛਾਉਣੀ ਵਿੱਚ ਦਰਜ ਐੱਫ.ਆਈ.ਆਰ. ਵਿੱਚ ਉਸ ਦੇ ਪੁੱਤਰ ਨੂੰ ਬੇਕਸੂਰ ਦਿਖਾਉਣ ਬਦਲੇ ਉਸ ਕੋਲੋਂ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲੀਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਕੋਲੋਂ 1,00,000 ਰੁਪਏ ਦੀ ਮੰਗ ਕੀਤੀ ਸੀ ਅਤੇ ਰਿਸ਼ਵਤ ਵਜੋਂ 10,000 ਰੁਪਏ ਵੀ ਲਏ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।