ਪਿੰਡ ਮੂਸਾ ਵਿੱਚ ਸਿਵਲ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ
ਜੋਗਿੰਦਰ ਸਿੰਘ ਮਾਨ
ਮਾਨਸਾ, 14 ਅਗਸਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਅੱਜ ਪੰਜਾਬ ਸਰਕਾਰ ਵੱਲੋਂ ਸਿਵਲ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਨੀਂਹ ਪੱਥਰ ਮੂਸੇਵਾਲਾ ਦੇ ਮਾਤਾ ਚਰਨ ਕੌਰ ਕੋਲੋਂ ਰਖਵਾ ਕੇ ਕੰਮ ਦੀ ਸ਼ੁਰੂਆਤ ਕੀਤੀ ਗਈ।ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਹੋਰ ਸਰਕਾਰੀ ਅਧਿਕਾਰੀ ਇਸ ਮੌਕੇ ਮੌਜੂਦ ਸਨ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਣੇ ਪਿੰਡ ਮੋਹਤਵਰ ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਮੂਸਾ ਵਿੱਚ ਬਣਨ ਵਾਲੀ ਇਸ ਸਿਵਲ ਡਿਸਪੈਂਸਰੀ ’ਤੇ 28 ਲੱਖ ਰੁਪਏ ਸਰਕਾਰ ਵੱਲੋਂ ਖਰਚ ਕੀਤੇ ਜਾਣੇ ਹਨ। ਇਸ ਦੇ ਬਣਨ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪਿੰਡਾਂ ਵਿੱਚ ਹੀ ਮਿਲਣੀਆਂ ਆਰੰਭ ਹੋ ਜਾਣਗੀਆਂ। ਇਸੇ ਦੌਰਾਨ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਨਵੀਂ ਸਿਵਲ ਡਿਸਪੈਸਰੀ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਜਿੰਨੀਆਂ ਸਹੂਲਤਾਂ ਉਪਲਬੱਧ ਹੋਣਗੀਆਂ, ਉਸ ਨਾਲ ਆਮ ਜਨਤਾ ਸਿਹਤਯਾਬ ਹੋਵੇਗੀ।