ਚਾਰ ਮੁਲਜ਼ਮ ਕਿਲੋ ਚਰਸ ਤੇ ਡਰੱਗ ਮਨੀ ਸਣੇ ਕਾਬੂ
ਪੱਤਰ ਪ੍ਰੇਰਕ
ਪਠਾਨਕੋਟ, 17 ਅਕਤੂਬਰ
ਜ਼ਿਲ੍ਹਾ ਪੁਲੀਸ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ਹੇਠ ਚਾਰ ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਪੁਲੀਸ ਨੇ ਮੁਲਜ਼ਮਾਂ ਤੋਂ ਨਸ਼ੇ ਦੀ ਖੇਪ ਵੀ ਬਰਾਮਦ ਕੀਤੀ ਹੈ ਅਤੇ ਤਲਾਸ਼ੀ ਦੌਰਾਨ 3 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ।
ਮੁਲਜ਼ਮਾਂ ਦੀ ਪਛਾਣ ਵਿਕਾਸ ਮਹਾਜਨ ਉਰਫ ਮੁੰਨਾ ਵਾਸੀ ਬਡਵਾਰ (ਥਾਣਾ ਨੂਰਪੁਰ, ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼), ਵਰੁਣ ਕੁਮਾਰ ਬਿੱਲਾ ਵਾਸੀ ਸੁੰਦਰਨਗਰ (ਪਠਾਨਕੋਟ), ਸ਼ੇਖਰ ਠਾਕੁਰ ਵਾਸੀ ਪਿੰਡ ਬਰੇਟ (ਹਿਮਾਚਲ ਪ੍ਰਦੇਸ਼) ਅਤੇ ਸੁਰਿੰਦਰ ਪਾਲ ਵਾਸੀ ਤਰਮੇਨਾ (ਥਾਣਾ ਖਰਖੋਦਾ, ਜ਼ਿਲ੍ਹਾ ਸੋਨੀਪਤ ਹਰਿਆਣਾ) ਵੱਜੋਂ ਹੋਈ ਹੈ। ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਆਈਏ ਸਟਾਫ ਪਠਾਨਕੋਟ ਪੁਲੀਸ ਵੱਲੋਂ ਸ਼ੈਲੀ ਰੋਡ ਸਥਿਤ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਆਸਪਾਸ ਦੇ ਏਰੀਆ ਵਿੱਚ ਨਸ਼ਾ ਸਪਲਾਈ ਕਰ ਰਹੇ ਹਨ। ਪੁਲੀਸ ਵੱਲੋਂ ਨਾਕਾਬੰਦੀ ਕੀਤੀ ਗਈ। ਥੋੜ੍ਹੀ ਦੇਰ ਬਾਅਦ ਕਾਰ ਵਿੱਚ 4 ਨੌਜਵਾਨ ਆਏ। ਪੁਲੀਸ ਨੇ ਕਾਰ ਰੁਕਣ ਦਾ ਇਸ਼ਾਰਾ ਕੀਤਾ। ਜਦ ਪੁਲੀਸ ਵੱਲੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਇਕ ਕਿਲੋ 10 ਗਰਾਮ ਚਰਸ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਜਿਸ ਦੀ ਜਾਂਚ ਚੱਲ ਰਹੀ ਹੈ।