ਸੁਨਿਆਰੇ ਦੀ ਦੁਕਾਨ ਲੁੱਟਣ ਵਾਲੇ ਚਾਰ ਮੁਲਜ਼ਮ ਹਥਿਆਰਾਂ ਸਣੇ ਕਾਬੂ
ਖੇਤਰੀ ਪ੍ਰਤੀਨਿਧ
ਬਟਾਲਾ, 1 ਸਤੰਬਰ
ਲੰਘੀ 17 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਇੱਕ ਸੁਨਿਆਰੇ ਦੀ ਦੁਕਾਨ ’ਚੋਂ ਹਥਿਆਰਾਂ ਦੀ ਨੋਕ ’ਤੇ ਲੱਖਾਂ ਰੁਪਏ ਦੇ ਗਹਿਣੇ ਲੁੱਟਣ ਵਾਲੇ ਚਾਰ ਮੁਲਜ਼ਮਾਂ ਨੂੰ ਬਟਾਲਾ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਲੁੱਟ ਦੇ ਗਹਿਣੇ, ਦੋ ਪਿਸਤੌਲ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਲੰਘੀ 17 ਅਗਸਤ ਨੂੰ ਦਿਨ-ਦਿਹਾੜੇ ਡੇਰਾ ਬਾਬਾ ਨਾਨਕ ਵਿੱਚ ਕੁੱਝ ਹਥਿਆਰਬੰਦ ਲੁਟੇਰੇ ਮਨਦੀਪ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਮੁਹੱਲਾ ਬੱਗਾ ਸਿੰਘ ਦੀ ਦੁਕਾਨ ਵਿੱਚ ਦਾਖਲ ਹੋ ਕੇ ਹਥਿਆਰਾਂ ਦੀ ਨੋਕ ’ਤੇ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ ਸਨ। ਐਸਐਸਪੀ ਨੇ ਦੱਸਿਆ ਕਿ ਪੁਲੀਸ ਨੇ ਮੁਕੱਦਮਾ ਦਰਜ ਕਰਨ ਉਪਰੰਤ ਜਾਂਚ ਆਰੰਭ ਕੀਤੀ ਅਤੇ ਕਰੀਬ ਦੋ ਹਫਤਿਆਂ ਦੇ ਅੰਦਰ ਹੀ ਮੁਲਜ਼ਮਾਂ ਤੱਕ ਪਹੁੰਚ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੁਕਾਨ ਵਿੱਚੋਂ ਲੁੱਟੇ ਸੋਨੇ-ਚਾਂਦੀ ਦੇ ਗਹਿਣੇ, ਦੋ ਪਿਸਤੌਲ, ਦੋ ਮੈਗਜ਼ੀਨ ਅਤੇ 6 ਜਿੰਦਾ ਰੌਂਦ ਬਰਾਮਦ ਕੀਤੇ ਹਨ।
ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਬਕਰੀ, ਅੰਮ੍ਰਿਤਪਾਲ ਸਿੰਘ, ਦਮਨਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਉਰਫ਼ ਰਾਜੂ ਸਾਰੇ ਵਾਸੀ ਪੰਡੋਰੀ ਵੜੈਚ ਅੰਮ੍ਰਿਤਸਰ ਵਜੋਂ ਹੋਈ ਹੈ।