ਅਤਿਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਣੇ ਚਾਰ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ/ ਸਰਬਜੀਤ ਸਿੰਘ ਭੰਗੂ
ਐੱਸਏਐਸ ਨਗਰ/ਪਟਿਆਲਾ, 14 ਮਈ
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਵਿਦੇਸ਼ ਆਧਾਰਿਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ ਅਤਿਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਣੇ ਚਾਰ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨ ਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਮੁਲਜ਼ਮਾਂ ਦੀ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸ਼ੇਰਾ, ਇਸ ਸਮੇਂ ਪੰਜਾਬ ਵਿੱਚ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਿੱਚ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਉਸ ਨੂੰ ਏਜੀਟੀਐੱਫ ਨੇ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਕਬਾਲਪ੍ਰੀਤ ਬੁਚੀ ਨੇ ਗੁਰਵਿੰਦਰ ਸ਼ੇਰਾ ਨੂੰ ਵਾਰਦਾਤਾਂ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ। ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ ਕੈਨੇਡਾ ’ਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿੱਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ ਜੋ ਕਿ 2016-17 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ 7 ਵਾਰਦਾਤਾਂ ਵਿੱਚ ਮੁੱਖ ਸ਼ੂਟਰ ਸੀ। ਉਸ ’ਤੇ 11 ਪਰਚੇ ਦਰਜ ਹਨ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ।