ਲੁੱਟ-ਖੋਹ ਮਾਮਲੇ ਵਿੱਚ ਦੋ ਸਕੇ ਭਰਾਵਾਂ ਸਣੇ ਚਾਰ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 21 ਅਕਤੂਬਰ
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਿੱਚ ਦੋ ਸਕੇ ਭਰਾਵਾਂ ਸਣੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਹਨੀ ਤੇ ਅੰਕਿਤ ਅਤੇ ਉਸ ਦਾ ਭਰਾ ਗੌਰਵ ਤਿੰਨੇ ਵਾਸੀ ਫੇਜ਼-11ਅਤੇ ਗੰਗਾ ਚਰਨ ਵਾਸੀ ਬਰੇਲੀ (ਯੂਪੀ) ਵਜੋਂ ਹੋਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਏਐੱਸਪੀ (ਸਿਟੀ-1) ਜੈਅੰਤ ਪੁਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਪੀ ਨੇ ਦੱਸਿਆ ਕਿ ਮਟੌਰ ਥਾਣਾ ਦੇ ਐਸਐਚਓ ਇੰਸਪੈਕਟਰ ਅਮਨਦੀਪ ਤਰੀਕਾ ਦੀ ਅਗਵਾਈ ਵਾਲੀ ਟੀਮ ਨੇ ਪੁਲੀਸ ਨੇ ਸੂਹ ਦੇ ਆਧਾਰ ’ਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏਐੱਸਪੀ ਜੈਅੰਤ ਪੁਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 19 ਮੋਬਾਈਲ ਫੋਨ ਬਰਾਮਦ ਕੀਤੇ ਹਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤੀ ਐਕਟਿਵਾ ਵੀ ਪੁਲੀਸ ਨੇ ਕਬਜ਼ੇ ਵਿੱਚ ਲਈ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਟੌਰ ਥਾਣੇ ਵਿੱਚ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਪੁੱਛ ਪੜਤਾਲ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।